Gee 98News

ਭਗਵੰਤ ਮਾਨ ਸਰਕਾਰ ਵੱਲੋਂ ਬਾਦਲ ਪਰਿਵਾਰ ਦੀਆਂ ਬੱਸਾਂ ‘ਤੇ ਵੱਡੀ ਕਾਰਵਾਈ,ਰੂਟ ਪਰਮਿਟ ਕੀਤੇ ਰੱਦ

ਚੰਡੀਗੜ੍ਹ,21 ਅਕਤੂਬਰ-ਪੰਜਾਬ ਵਿੱਚ ਪ੍ਰਾਈਵੇਟ ਬੱਸਾਂ ਖਿਲਾਫ਼ ਵੱਡੀ ਕਾਰਵਾਈ ਤਹਿਤ ਵੱਡੀ ਗਿਣਤੀ ਵਿੱਚ ਪ੍ਰਾਈਵੇਟ ਬੱਸਾਂ ਦੇ ਰੂਟ ਪਰਮਿਟ ਰੱਦ ਕਰ ਦਿੱਤੇ ਗਏ ਹਨ। ਸਰਕਾਰ ਬਣਨ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਬੱਸਾਂ ਖਿਲਾਫ਼ ਵੀ ਇਹ ਵੱਡੀ ਕਾਰਵਾਈ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਬਠਿੰਡਾ ਆਰਟੀਏ ਸਕੱਤਰ ਨੇ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਡੱਬਵਾਲੀ ਟਰਾਂਸਪੋਰਟ ਤੇ ਔਰਬਿਟ ਸਮੇਤ ਅੱਠ ਕੰਪਨੀਆਂ ਦੇ 39 ਪਰਮਿਟ ਰੱਦ ਕਰ ਦਿੱਤੇ ਹਨ। ਇਹਨਾਂ ਵਿੱਚ ਡੱਬਵਾਲੀ ਟਰਾਂਸਪੋਰਟ ਦੇ 13 ਪਰਮਿਟ ਰੱਦ ਕੀਤੇ ਗਏ ਹਨ। ਇਸੇ ਤਰ੍ਹਾਂ ਔਰਬਿਟ ਦੇ 12 ਪਰਮਿਟ ਰੱਦ ਹੋਏ ਅਤੇ ਜੁਝਾਰ ਬੱਸ ਸਰਵਿਸ ਦੇ 7 ਪਰਮਿਟ ਤੇ ਨਿਊ ਦੀਪ ਬੱਸ ਕੰਪਨੀ ਦੇ 3 ਪਰਮਿਟ ਰੱਦ ਕੀਤੇ ਗਏ ਹਨ। ਪਰਮਿਟ ਰੱਦ ਕਰਨ ਤੋਂ ਬਾਅਦ ਆਰਟੀਏ ਸਕੱਤਰ ਬਠਿੰਡਾ ਨੇ ਫਿਰੋਜ਼ਪੁਰ, ਪਟਿਆਲਾ ਤੇ ਜਲੰਧਰ ਦੇ ਆਰਟੀਏ ਸਕੱਤਰਾਂ ਨੂੰ ਪੱਤਰ ਵੀ ਲਿਖਿਆ ਹੈ ਕਿ ਜਿਹੜੇ ਪਰਮਿਟ ਰੱਦ ਕੀਤੇ ਗਏ ਹਨ, ਉਨ੍ਹਾਂ ਨੂੰ ਆਪਣੇ ਦਫ਼ਤਰਾਂ ਅਧੀਨ ਤਿਆਰ ਕੀਤੇ ਜਾ ਰਹੇ ਟਾਈਮ ਟੇਬਲ ‘ਚ ਨਾ ਪਾਇਆ ਜਾਵੇ। ਇਸ ਦੇ ਨਾਲ ਹੀ ਜੀਐੱਮ ਪੀਆਰਟੀਸੀ ਫ਼ਰੀਦਕੋਟ, ਬਠਿੰਡਾ, ਬਰਨਾਲਾ ਤੇ ਬੁਢਲਾਡਾ ਨੂੰ ਪੱਤਰ ਲਿਖਿਆ ਗਿਆ ਹੈ ਕਿ ਇਨ੍ਹਾਂ ਪਰਮਿਟਾਂ ‘ਤੇ ਚੱਲਣ ਵਾਲੀਆਂ ਬੱਸਾਂ ਤੁਰੰਤ ਬੱਸ ਸਟੈਂਡ ‘ਤੇ ਰੋਕੀਆਂ ਜਾਣ। ਜਿਨ੍ਹਾਂ ਕੰਪਨੀਆਂ ਦੇ ਪਰਮਿਟ ਰੱਦ ਕੀਤੇ ਗਏ ਹਨ, ਉਨ੍ਹਾਂ ਦੇ ਮਾਲਕਾਂ ਨੂੰ ਰੱਦ ਕੀਤੇ ਪਰਮਿਟ ਦਫ਼ਤਰ ‘ਚ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ।

error: Content is protected !!