ਬਰਨਾਲਾ,2 ਨਵੰਬਰ ( ਨਿਰਮਲ ਸਿੰਘ ਪੰਡੋਰੀ)- ਪੰਜਾਬ ਰੋਡਵੇਜ਼/ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਪ੍ਰਤੀ ਸਰਕਾਰ ਦੀ ਬੇਰੁਖੀ ਕਾਰਨ 9 ਨਵੰਬਰ ਨੂੰ ਚੱਕਾ ਜਾਮ ਕਰਨ ਦੀ ਚੇਤਾਵਨੀ ਦਿੱਤੀ ਹੈ। ਯੂਨੀਅਨ ਵੱਲੋਂ ਅੱਜ ਪੰਜਾਬ ਦੇ ਸਾਰੇ ਡੀਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ ਜਿਸ ਤਹਿਤ ਬਰਨਾਲਾ ਡੀਪੂ ਦੇ ਗੇਟ ‘ਤੇ ਵੀ ਜਥੇਬੰਦੀ ਵੱਲੋਂ ਸਰਕਾਰ ਦੀ ਬੇਰੁਖੀ ਖ਼ਿਲਾਫ਼ ਗੇਟ ਰੈਲੀ ਕੀਤੀ ਗਈ । ਇਸ ਮੌਕੇ ਬੋਲਦੇ ਹੋਏ ਜਥੇਬੰਦੀ ਦੇ ਸੂਬਾ ਆਗੂ ਮਨਜੀਤ ਸਿੰਘ, ਸੂਬਾ ਸਕੱਤਰ ਸੁਖਪਾਲ ਸਿੰਘ ਪਾਲਾ, ਅਵਤਾਰ ਸਿੰਘ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਪੰਜ ਫੀਸਦੀ ਵਾਧਾ ਦਿੱਤਾ ਗਿਆ ਸੀ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰੋਕ ਦਿੱਤਾ ਗਿਆ ਹੈ । ਇਸ ਸਬੰਧੀ ਟਰਾਂਸਪੋਰਟ ਮੰਤਰੀ ਅਤੇ ਵਿਭਾਗ ਦੇ ਅਧਿਕਾਰੀਆਂ ਨੇ ਕਈ ਵਾਰ ਮੀਟਿੰਗਾਂ ਦੌਰਾਨ ਵਾਧਾ ਲਾਗੂ ਕਰਨ ਦੀ ਹਾਮੀ ਭਰੀ ਪ੍ਰੰਤੂ ਸਰਕਾਰ ਹਰ ਵਾਰ ਆਪਣੇ ਵਾਅਦੇ ਤੋਂ ਮੁੱਕਰ ਜਾਂਦੀ ਹੈ ਅਤੇ ਇਹ ਪੰਜ ਫੀਸਦੀ ਵਾਧਾ ਲਾਗੂ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਦਾ ਵਤੀਰਾ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਅੜੀਅਲ ਹੈ ਜੋ ਮੰਗਾਂ ਦਾ ਹੱਲ ਕੱਢਣ ਲਈ ਤਿਆਰ ਨਹੀਂ ਹਨ। ਉਹਨਾਂ ਕਿਹਾ ਕਿ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਜਿਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਹੈ । ਇਸ ਮੌਕੇ ਡੀਪੂ ਪ੍ਰਧਾਨ ਨਿਰਪਾਲ ਪੱਪੂ, ਅਵਤਾਰ ਕਾਲਾ, ਅਵਤਾਰ ਸਿੰਘ, ਦਰਸ਼ਨ ਖਾਨ ਆਦਿ ਨੇ ਬੋਲਦਿਆਂ ਕਿਹਾ ਕਿ ਵਿਭਾਗ ਦੇ ਕਰਮਚਾਰੀਆਂ ਤੋਂ ਕੰਮ ਤਾਂ ਬਰਾਬਰ ਲਿਆ ਜਾ ਰਿਹਾ ਪ੍ਰੰਤੂ ਤਨਖਾਹ ਦੋ ਤਰੀਕਿਆਂ ਨਾਲ ਦਿੱਤੀ ਜਾ ਰਹੀ ਹੈ । ਉਹਨਾਂ ਦੱਸਿਆ ਕਿ ਬਹਾਲ ਹੋਏ ਅਤੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸਿਰਫ਼ 10000 ਪ੍ਰਤੀ ਮਹੀਨਾ ਤਨਖਾਹ ‘ਤੇ ਕੰਮ ਕਰਨਾ ਪੈ ਰਿਹਾ, ਜੋ ਇਹਨਾਂ ਕਰਮਚਾਰੀਆਂ ਨਾਲ ਕੋਝਾ ਮਜ਼ਾਕ ਹੈ ਕਿਉਂਕਿ ਅਜੋਕੇ ਮਹਿੰਗਾਈ ਦੇ ਦੌਰ ਵਿੱਚ 10 ਹਜ਼ਾਰ ‘ਤੇ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਬਹੁਤ ਔਖਾ ਹੈ । ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਸਰਕਾਰ ਤੇ ਮੈਨੇਜਮੈਂਟ ਵੱਲੋਂ ਆਪਣੇ ਚਹੇਤੇ ਕੁਝ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ ਵਾਧਾ ਕਰਕੇ ਮੁਲਾਜ਼ਮਾਂ ਵਿੱਚ ਪਾੜ ਪਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਪੰਜ ਫੀਸਦੀ ਵਾਧਾ ਜਲਦੀ ਲਾਗੂ ਨਾ ਕੀਤਾ ਗਿਆ ਅਤੇ ਹੋਰ ਮੰਗਾਂ ਨਾ ਮੰਨੀਆਂ ਗਈਆਂ ਤਾਂ 9 ਨਵੰਬਰ ਨੂੰ ਸਮੁੱਚੇ ਪੰਜਾਬ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਟਰਾਂਸਪੋਰਟ ਮੰਤਰੀ, ਮੁੱਖ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਕਾਲੀ ਦਿਵਾਲੀ ਮਨਾਈ ਜਾਵੇਗੀ।