Gee 98News

  • ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ
    ਚੰਡੀਗੜ੍ਹ,8 ਦਸੰਬਰ (Gee98 news service)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ 2022 ਵਿੱਚ ਪੰਜਾਬ ਫੇਰੀ ਦੌਰਾਨ ਸੁਰੱਖਿਆ ਮਾਮਲੇ ਵਿੱਚ ਹੋਈ ਕੁਤਾਹੀ ਸਬੰਧੀ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਉੱਪਰ ਕਾਰਵਾਈ ਕਰਨ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਹੋਰ ਸਖ਼ਤ ਪੱਤਰ ਪੰਜਾਬ ਸਰਕਾਰ ਨੂੰ ਲਿਖਿਆ ਹੈ। ਇਸ ਪੱਤਰ ਵਿੱਚ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨਾਲ ਸੀਨੀਅਰ ਅਧਿਕਾਰੀਆਂ ਉੱਪਰ ਕਾਰਵਾਈ ਨਾ ਕਰਨ ਸਬੰਧੀ ਨਾਰਾਜ਼ਗੀ ਜਤਾਈ ਹੈ ਜਿਨਾਂ ਨੂੰ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਕਮੇਟੀ ਨੇ ਪੜ੍ਹਤਾਲ ਦੌਰਾਨ ਦੋਸ਼ੀ ਠਹਿਰਾਇਆ ਸੀ । ਗ੍ਰਹਿ ਮੰਤਰਾਲੇ ਦੇ ਇਸ ਸਖ਼ਤ ਪੱਤਰ ਤੋਂ ਬਾਅਦ ਪੰਜਾਬ ਸਰਕਾਰ ਕਸੂਤੀ ਸਥਿਤੀ ਵਿੱਚ ਫਸਦੀ ਨਜ਼ਰ ਆ ਰਹੀ ਹੈ ਕਿਉਂਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਕੁਤਾਹੀ ਦੇ ਮਾਮਲੇ ‘ਚ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਪੜਤਾਲੀਆ ਕਮੇਟੀ ਨੇ ਪੰਜਾਬ ਪੁਲਿਸ ਦੇ ਏਡੀਜੀਪੀ, ਆਈਜੀ, ਐਸਐਸਪੀ ਤੋਂ ਇਲਾਵਾ ਉਸ ਵੇਲੇ ਦੇ ਡੀਜੀਪੀ ਅਤੇ ਮੁੱਖ ਸਕੱਤਰ ਤੱਕ ਨੂੰ ਵੀ ਦੋਸ਼ੀ ਠਹਿਰਾਇਆ ਹੋਇਆ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਇਹਨਾਂ ਉੱਚ ਅਧਿਕਾਰੀਆਂ ਖਿਲਾਫ ਕਾਰਵਾਈ ਕਰਨਾ ਕੋਈ ਖਾਲਾ ਜੀ ਦਾ ਵਾੜਾ ਨਹੀਂ ਹੋਵੇਗਾ, ਅਤੇ ਹਾਲਾਤ ਦੱਸ ਰਹੇ ਹਨ ਕਿ ਪੰਜਾਬ ਸਰਕਾਰ ਇਹਨਾਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਤੋਂ ਆਨਾਕਾਨੀ ਵੀ ਕਰ ਰਹੀ ਹੈ ਕਿਉਂਕਿ ਇਸ ਤੋਂ ਪਹਿਲਾਂ ਵੀ ਸਖ਼ਤ ਪੱਤਰ ਲਿਖੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਇੱਕ ਐਸਪੀ ਸਮੇਤ ਛੋਟੇ ਪੱਧਰ ਦੇ ਸੱਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ । ਗ੍ਰਹਿ ਮੰਤਰਾਲੇ ਨੇ ਲਿਖੇ ਪਹਿਲੇ ਪੱਤਰ ਵਿੱਚ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਪੰਜਾਬ ਸਰਕਾਰ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਹੀਂ ਕਰੇਗੀ ਤਾਂ ਕੇਂਦਰੀ ਗ੍ਰਹਿ ਵਿਭਾਗ ਖੁਦ ਕਾਰਵਾਈ ਕਰੇਗਾ। ਗ੍ਰਹਿ ਮੰਤਰਾਲੇ ਦੇ ਸਰਕਾਰ ਨੂੰ ਇਸ ਸਖ਼ਤ ਪੱਤਰ ਤੋਂ ਬਾਅਦ ਪੰਜਾਬ ਦੇ ਸੀਨੀਅਰ ਅਫ਼ਸਰਾਂ ‘ਚ ਹੜਕੰਪ ਮੱਚ ਗਿਆ ਹੈ ਕਿਉਂਕਿ ਇਸ ਪੱਤਰ ਦੀ ਇਬਾਰਤ ਤੋਂ ਬਾਅਦ ਇਹ ਸਪੱਸ਼ਟ ਹੋ ਰਿਹਾ ਹੈ ਕਿ ਗ੍ਰਹਿ ਮੰਤਰਾਲਾ ਪ੍ਰਧਾਨ ਮੰਤਰੀ ਦੀ ਸੁਰੱਖਿਆ ਕੁਤਾਹੀ ਦੇ ਮਾਮਲੇ ‘ਚ ਸੀਨੀਅਰ ਅਧਿਕਾਰੀਆਂ ਉੱਪਰ ਹਰ ਹਾਲਤ ਵਿੱਚ ਕਾਰਵਾਈ ਕਰਨਾ ਚਾਹੁੰਦਾ ਹੈ। ਇਹ ਹਾਲਾਤ ਭਗਵੰਤ ਮਾਨ ਮੁੱਖ ਮੰਤਰੀ ਲਈ ਵੀ ਪ੍ਰੀਖਿਆ ਦੀ ਘੜੀ ਵਾਂਗ ਹੋਣਗੇ ਕਿਉਂਕਿ ਸੂਬੇ ਦਾ ਗ੍ਰਹਿ ਵਿਭਾਗ ਵੀ ਉਹਨਾਂ ਕੋਲ ਹੀ ਹੈ।

Leave a Reply

Your email address will not be published. Required fields are marked *

error: Content is protected !!