Gee 98News

-ਭਾਜਪਾ ਦੇ ਸਿੱਖ ਆਗੂਆਂ ਲਈ ਹਾਲਾਤ ਬਣੇ ਔਖੇ
ਚੰਡੀਗੜ੍ਹ, 21 ਦਸੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਬਿਆਨ ਦੇ ਕੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੇ ਸਾਰੇ ਰਸਤੇ ਲੱਗਭੱਗ ਬੰਦ ਕਰ ਦਿੱਤੇ ਹਨ। ਗ੍ਰਹਿ ਮੰਤਰੀ ਸੰਸਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਉਠਾਏ ਸਵਾਲ ਦਾ ਜਵਾਬ ਦੇ ਰਹੇ ਸਨ। ਗ੍ਰਹਿ ਮੰਤਰੀ ਨੇ ਕਿਹਾ ਕਿ ਜਿਸ ਵਿਅਕਤੀ ਨੂੰ ਆਪਣੇ ਕੀਤੇ ਹੋਏ ਗੁਨਾਹ ਦਾ ਪਛਤਾਵਾ ਹੀ ਨਹੀਂ ਉਹ ਰਹਿਮ ਦਾ ਹੱਕਦਾਰ ਨਹੀਂ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਰਹਿਮ ਦਾ ਹੱਕਦਾਰ ਉਹ ਹੁੰਦਾ ਹੈ ਜਿਸ ਨੂੰ ਗ਼ਲਤੀ ਦਾ ਅਹਿਸਾਸ ਹੋਵੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਰਾਸ਼ਟਰਪਤੀ ਕੋਲ ਭਾਈ ਰਾਜੋਆਣਾ ਦੀ ਰਿਹਾਈ ਸਬੰਧੀ ਅਪੀਲ ‘ਤੇ ਟਿੱਪਣੀ ਕਰਦੇ ਹੋਏ ਗ੍ਰਹਿ ਮੰਤਰੀ ਨੇ ਕਿਹਾ ਕਿ ਕੋਈ ਤੀਜੀ ਧਿਰ ਰਹਿਮ ਦੀ ਪਟੀਸ਼ਨ ਦਾਖਲ ਕਰੇ ਪ੍ਰੰਤੂ ਜੁਰਮ ਕਰਨ ਵਾਲੇ ਨੂੰ ਪਛਤਾਵਾ ਨਾ ਹੋਵੇ ਤਾਂ ਉਹ ਰਹਿਮ ਦਾ ਹੱਕਦਾਰ ਕਿਵੇਂ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਬੇਅੰਤ ਸਿੰਘ ਕਤਲ ਕਾਂਡ ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ ਅਤੇ ਉਨਾਂ ਦੀ ਰਿਹਾਈ ਲਈ 2011 ਤੋਂ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਕੋਲ ਰਹਿਮ ਦੀ ਪਟੀਸ਼ਨ ਪੈਂਡਿੰਗ ਹੈ। ਰਾਸ਼ਟਰਪਤੀ ਵੱਲੋਂ ਉਨਾਂ ਦੀ ਰਹਿਮ ਦੀ ਪਟੀਸ਼ਨ ਤੇ ਕੋਈ ਫੈਸਲਾ ਨਹੀਂ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕੀਤੀ ਗਈ ਹੈ । ਚੇਤੇ ਰਹੇ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਾਲੀ ਸੂਚੀ ਵਿੱਚ ਭਾਈ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪ੍ਰੰਤੂ ਇਸ ਨੋਟੀਫਿਕੇਸ਼ਨ ‘ਤੇ ਅੱਜ ਤੱਕ ਕੋਈ ਅਮਲ ਨਹੀਂ ਹੋਇਆ, ਜਿਸ ਕਰਕੇ ਸਮੇਂ ਸਮੇਂ ‘ਤੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਮੰਗ ਉੱਠਦੀ ਰਹੀ ਹੈ। ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਲੋਕ ਸਭਾ ਵਿੱਚ ਬਲਵੰਤ ਸਿੰਘ ਰਾਜੋਆਣਾ ਸਬੰਧੀ ਕੀਤੀ ਟਿੱਪਣੀ ਤੋਂ ਬਾਅਦ ਪੰਜਾਬ ਦੀ ਰਾਜਨੀਤੀ ‘ਚ ਇਹ ਮਾਮਲਾ ਹੋਰ ਭਖ ਸਕਦਾ ਹੈ ਕਿਉਂਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੋਂ ਇਲਾਵਾ ਹੋਰ ਸਿੱਖ ਜਥੇਬੰਦੀਆਂ ਵੱਲੋਂ ਵੀ ਮੰਗ ਕੀਤੀ ਜਾ ਰਹੀ ਹੈ ਅਤੇ ਭਾਈ ਰਾਜੋਆਣਾ ਦੀ ਰਿਹਾਈ ਸਬੰਧੀ ਫਾਈਲ ਦਿੱਲੀ ਸਰਕਾਰ ਕੋਲ ਪੈਂਡਿੰਗ ਹੈ। ਇਸ ਲਈ ਇਸ ਮਾਮਲੇ ਦਾ ਸੇਕ ਪੰਜਾਬ ‘ਚ ਆਪ ਸਰਕਾਰ ਨੂੰ ਵੀ ਲੱਗਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਦੂਜੇ ਪਾਸੇ ਅਮਿਤ ਸ਼ਾਹ ਦੇ ਬਿਆਨ ਨੇ ਭਾਈ ਰਾਜੋਆਣਾ ਦੀ ਰਿਹਾਈ ਦੀ ਮੰਗ ਕਰਨ ਵਾਲੇ ਤਾਜ਼ਾ-ਤਾਜ਼ਾ ਭਾਜਪਾ ਵਿੱਚ ਸ਼ਾਮਿਲ ਹੋਏ ਸਿੱਖ ਆਗੂਆਂ ਦੀ ਸਥਿਤੀ ਵੀ ਕਸੂਤੀ ਬਣਾ ਦਿੱਤੀ ਹੈ।

Leave a Reply

Your email address will not be published. Required fields are marked *

error: Content is protected !!