Gee 98News

ਚੰਡੀਗੜ੍ਹ,1 ਫਰਵਰੀ, Gee98 news service
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਇੱਕ ਅਹਿਮ ਫੈਸਲਾ ਦਿੰਦੇ ਹੋਏ ਵੱਖ ਵੱਖ ਵਿਭਾਗਾਂ ਦੇ ਕੁਝ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਚਾਰ ਮਹੀਨਿਆਂ ਦੇ ਅੰਦਰ ਅੰਦਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ‌ ਹਾਈਕੋਰਟ ਨੇ ਕਿਹਾ ਹੈ ਕਿ ਜੇਕਰ ਕੋਈ ਕਰਮਚਾਰੀ 2004 ਤੋਂ ਪਹਿਲਾਂ ਨਿਯੁਕਤ ਕੀਤਾ ਗਿਆ ਸੀ ਅਤੇ ਉਹ ਬਾਅਦ ਵਿੱਚ ਰੈਗੂਲਰ ਹੋਇਆ ਹੋਵੇ ਤਾਂ ਵੀ ਉਹ ਪੁਰਾਣੀ ਪੈਨਸ਼ਨ ਸਕੀਮ ਦਾ ਹੱਕਦਾਰ ਹੈ। ‌ ਇਸ ਸਬੰਧੀ ਸੁਰਜੀਤ ਸਿੰਘ ਅਤੇ ਹੋਰਨਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਮੁਲਾਜ਼ਮਾਂ ਨੇ ਹਾਈਕੋਰਟ ਨੂੰ ਦੱਸਿਆ ਕਿ ਉਹਨਾਂ ਦੀ ਨਿਯੁਕਤੀ 2004 ਤੋਂ ਪਹਿਲਾਂ ਕੀਤੀ ਗਈ ਸੀ ਅਤੇ 2004 ਤੋਂ ਬਾਅਦ ਉਹਨਾਂ ਨੂੰ ਰੈਗੂਲਰ ਕਰ ਦਿੱਤਾ ਗਿਆ। 2004 ਤੋਂ ਬਾਅਦ ਨਿਯੁਕਤ ਮੁਲਾਜ਼ਮਾਂ ਲਈ ਨਵੀਂ ਪੈਨਸ਼ਨ ਸਕੀਮ ਅਪਣਾਈ ਗਈ ਪਟੀਸ਼ਨਕਰਤਾਵਾਂ ਨੇ ਮੰਗ ਕੀਤੀ ਕਿ ‌ ਭਲੇ ਹੀ ਉਹਨਾਂ ਨੂੰ 2004 ਤੋਂ ਬਾਅਦ ਰੈਗੂਲਰ ਕੀਤਾ ਗਿਆ ਪਰੰਤੂ ਉਹਨਾਂ ਦੀ ਨਿਯੁਕਤੀ 2004 ਤੋਂ ਪਹਿਲਾਂ ਹੋਈ ਹੈ ਇਸ ਲਈ ਉਹਨਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਦੇਣ ਲਈ ਹਦਾਇਤਾਂ ਜਾਰੀ ਕਰਨ ਦੇ ਹੁਕਮ ਪੰਜਾਬ ਸਰਕਾਰ ਨੂੰ ਦਿੱਤੇ ਜਾਣ। ਦੂਜੇ ਪਾਸੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਦਲੀਲ ਦਿੱਤੀ ਕਿ ਪਟੀਸ਼ਨਰਾਂ ਨੂੰ ਰੈਗੂਲਰ ਕਰਨ ਵੇਲੇ 2004 ਤੋਂ ਬਾਅਦ ਨਵੀਂ ਪੈਨਸ਼ਨ ਸਕੀਮ ਦੇ ਨਿਯਮ ਅਤੇ ਸ਼ਰਤਾਂ ਅਧੀਨ ਹੀ ਰੈਗੂਲਰ ਕੀਤਾ ਗਿਆ ਹੈ ਜਿਨਾਂ ਨੂੰ ਪੜ੍ਹ ਕੇ ਮੰਨਣ ਤੋਂ ਬਾਅਦ ਉਹ ਇਨਕਾਰ ਨਹੀਂ ਕਰ ਸਕਦੇ। ‌ ਜ਼ਿਕਰਯੋਗ ਹੈ ਕਿ ਅਜਿਹੀ ਹੀ ਇੱਕ ਹੋਰ ਮਾਮਲੇ ਵਿੱਚ ਪੰਜਾਬ ਸਰਕਾਰ ਦੀਆਂ ਅਪੀਲ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ। ਜਿਸ ਦੀ ਰੌਸ਼ਨੀ ਵਿੱਚ ਹਾਈਕੋਰਟ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਜਦੋਂ ਪੰਜਾਬ ਸਰਕਾਰ ਵੱਲੋਂ ਫੈਸਲਿਆਂ ਨੂੰ ਪ੍ਰਵਾਨ ਕਰ ਲਿਆ ਗਿਆ ਤਾਂ ਉਸ ਦੀ ਹਰ ਹਾਲਤ ਵਿੱਚ ਪਾਲਣਾ ਕੀਤੀ ਜਾਣੀ ਚਾਹੀਦੀ ਹੈ, ਸਰਕਾਰ ਮੁਲਾਜ਼ਮਾਂ ਨੂੰ ਅਦਾਲਤ ਵਿੱਚ ਜਾਣ ਲਈ ਮਜ਼ਬੂਰ ਨਾ ਕਰੇ। ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਹਾਈਕੋਰਟ ਨੇ 2004 ਤੋਂ ਪਹਿਲਾਂ ਵੱਖ-ਵੱਖ ਵਿਭਾਗਾਂ ‘ਚ ਭਰਤੀ ਹੋਏ ਪਰ 2004 ਤੋਂ ਬਾਅਦ ਰੈਗੂਲਰ ਹੋਏ ਸਾਰੇ ਮੁਲਾਜ਼ਮਾਂ ਨੂੰ ਚਾਰ ਮਹੀਨਿਆਂ ਦੇ ਅੰਦਰ ਅੰਦਰ ਪੁਰਾਣੀ ਪੈਨਸ਼ਨ ਸਕੀਮ ਦੇ ਲਾਭ ਜਦੀ ਕਰਨ ਦੇ ਹੁਕਮ ਦਿੱਤੇ ਹਨ। ‌

Leave a Reply

Your email address will not be published. Required fields are marked *

error: Content is protected !!