Skip to main content

Gee 98News

ਭਾਈ ਅੰਮ੍ਰਿਤਪਾਲ ਸਿੰਘ ਜੀ ਮਾਤਾ ਵੱਲੋਂ ਵੀ ਭੁੱਖ ਹੜ੍ਹਤਾਲ ਸ਼ੁਰੂ, ਜੇਲ੍ਹ ਤਬਦੀਲੀ ਦੀ ਮੰਗ

ਚੰਡੀਗੜ੍ਹ,22 ਫਰਵਰੀ, Gee98 news service
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਡਿਬਰੂਗੜ ਜੇਲ੍ਹ ਵਿੱਚ ਕੀਤੀ ਭੁੱਖ ਹੜ੍ਹਤਾਲ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਦੀ ਭੁੱਖ ਹੜਤਾਲ ਤੋਂ ਬਾਅਦ ਅੱਜ ਉਸ ਦੀ ਮਾਤਾ ਨੇ ਵੀ ਭੁੱਖ ਹੜ੍ਹਤਾਲ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਦੀ ਮਾਤਾ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਭੁੱਖ ਹੜਤਾਲ ‘ਤੇ ਬੈਠਣ ਦਾ ਫੈਸਲਾ ਕੀਤਾ ਗਿਆ। ਉਹਨਾਂ ਕਿਹਾ ਕਿ ਜਿੰਨੀ ਦੇਰ ਤੱਕ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀ ਭੁੱਖ ਹੜ੍ਹਤਾਲ ‘ਤੇ ਬੈਠੇ ਹਨ ਉਨੀ ਦੇਰ ਉਹ ਵੀ ਭੁੱਖ ਹੜ੍ਹਤਾਲ ‘ਤੇ ਬੈਠਣਗੇ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਦੇ ਕੇ ਉਸਦੀ ਜੇਲ੍ਹ ਤਬਦੀਲੀ ਸਬੰਧੀ ਅਪੀਲ ਕੀਤੀ ਗਈ ਸੀ ਪ੍ਰੰਤੂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਜਾਂ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕੋਈ ਭਰੋਸਾ ਨਹੀਂ ਦਿੱਤਾ ਗਿਆ। ਅੰਮ੍ਰਿਤਪਾਲ ਸਿੰਘ ਦੀ ਮਾਤਾ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਹੋਰ ਵੀ ਬਹੁਤ ਸਾਰੇ ਵਿਅਕਤੀਆਂ ‘ਤੇ NSA ਦੇ ਮਾਮਲੇ ਦਰਜ ਕੀਤੇ ਗਏ ਹਨ ਜਿਨਾਂ ਨੂੰ ਪੰਜਾਬ ਦੀਆਂ ਜੇਲਾਂ ਵਿੱਚ ਹੀ ਰੱਖਿਆ ਜਾਂਦਾ ਰਿਹਾ ਹੈ ਪ੍ਰੰਤੂ ਅੰਮ੍ਰਿਤਪਾਲ ਸਿੰਘ ਨੂੰ ਜਾਣ ਬੁੱਝ ਕੇ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਰੱਖਿਆ ਗਿਆ ਹੈ ਤਾਂ ਜੋ ਪਰਿਵਾਰਕ ਮੈਂਬਰ ਉਸ ਨਾਲ ਮੁਲਾਕਾਤ ਨਾ ਕਰ ਸਕਣ। ਉਹਨਾਂ ਕਿਹਾ ਕਿ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਚੰਗੀਆਂ ਸਿਹਤ ਸਹੂਲਤਾਂ ਨਾ ਮਿਲਣ ਕਰਕੇ ਉਹਨਾਂ ਦੀ ਹਾਲਤ ਖਰਾਬ ਹੈ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਨਾ ਕੀਤਾ ਗਿਆ ਤਾਂ ਇਹ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤਾ ਜਾਵੇਗਾ। ‌ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਦੀ ਜੇਲ੍ਹ ਤਬਦੀਲੀ ਦੀ ਮੰਗ ਜ਼ੋਰ ਨਾਲ ਉਠਾਈ ਜਾ ਰਹੀ ਹੈ ਪਰੰਤੂ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਸਿੱਖ ਜਥੇਬੰਦੀਆਂ ਜਾਂ ਪਰਿਵਾਰਿਕ ਮੈਂਬਰਾਂ ਨੂੰ ਅਜੇ ਤੱਕ ਕੋਈ ਭਰੋਸਾ ਨਹੀਂ ਮਿਲਿਆ।

error: Content is protected !!