Gee 98News

…ਹੁਣ ਭੜਕਾਊ ਪੋਸਟਾਂ ਪਾਉਣ ਵਾਲਿਆਂ ਦੀ ਖ਼ੈਰ ਨਹੀਂ…ਜਾਣਾ ਪਵੇਗਾ ਜੇਲ੍ਹ, ਲੁਧਿਆਣਾ ਚ ਤਿੰਨ ਜਣਿਆਂ ‘ਤੇ FIR…!

ਚੰਡੀਗੜ੍ਹ,15 ਜੁਲਾਈ, Gee98 news service

-ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਭੜਕਾਊ ਟਿੱਪਣੀਆਂ ਕਰਕੇ ਮਾਹੌਲ ਖ਼ਰਾਬ ਕਰਨ ਵਾਲਿਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਨੇ ਸਖ਼ਤੀ ਕਰ ਦਿੱਤੀ ਹੈ। ਹੁਣ ਕਿਸੇ ਵੀ ਧਰਮ,ਵਰਗ, ਵਿਸ਼ੇਸ਼ ਵਿਅਕਤੀ ਦੇ ਖਿਲਾਫ ਸੋਸ਼ਲ ਮੀਡੀਆ ‘ਤੇ ਭੜਕਾਊ ਟਿੱਪਣੀ ਕਰਕੇ ਮਾਹੌਲ ਖਰਾਬ ਕਰਨ ਵਾਲੇ ਨੂੰ ਜੇਲ੍ਹ ਜਾਣਾ ਪਵੇਗਾ। ਇਸ ਦੀ ਸ਼ੁਰੂਆਤ ਲੁਧਿਆਣਾ ਤੋਂ ਹੋ ਚੁੱਕੀ ਹੈ ਜਿੱਥੇ ਸੋਸ਼ਲ ਮੀਡੀਆ ‘ਤੇ ਭੜਕਾਊ ਪੋਸਟਾਂ ਪਾਉਣ ਵਾਲੇ ਤਿੰਨ ਵਿਅਕਤੀਆਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਪਿਛਲੇ ਦਿਨੀ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਕੁਝ ਲੋਕਾਂ ਨੇ ਫੇਸਬੁੱਕ ‘ਤੇ ਭੜਕਾਊ ਟਿੱਪਣੀਆਂ ਕੀਤੀਆਂ ਸਨ ਜਿਸ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਤਿੰਨ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ। ਮੁਲਜ਼ਮਾਂ ਵਿੱਚ ਇੱਕ ਸ਼ਿਵ ਸੈਨਾ ਆਗੂ ਵੀ ਸ਼ਾਮਿਲ ਹੈ। ਸ਼ਿਵ ਸੈਨਾ ਆਗੂ ਤੋਂ ਇਲਾਵਾ ਫੇਸਬੁੱਕ ਆਈਡੀ ਗੈਵਿਨ ਗਿੱਲ ਅਤੇ ਇੱਕ ਹੋਰ ਨੀਰਜ ਨਾਮ ਦੇ ਨੌਜਵਾਨ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ। ਦੋਸ਼ੀਆਂ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ, ਪੁਲਿਸ ਨੇ ਦੋਸ਼ੀਆਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਕਿਸੇ ਨੂੰ ਵੀ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਖਿਲਾਫ ਕੋਈ ਵੀ ਟਿੱਪਣੀ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਪੁਲੀਸ ਨੇ ਵਿਸ਼ੇਸ਼ ਤੌਰ ‘ਤੇ ਸੋਸ਼ਲ ਮੀਡੀਆ ‘ਤੇ ਨਜ਼ਰ ਰੱਖਣ ਲਈ ਟੀਮ ਤਾਇਨਾਤ ਕੀਤੀ ਹੈ। ਜੇਕਰ ਕੋਈ ਵਿਅਕਤੀ ਕਿਸੇ ਵਿਸ਼ੇਸ਼ ਧਰਮ ‘ਤੇ ਗਲਤ ਟਿੱਪਣੀ ਜਾਂ ਪੋਸਟ ਕਰਦਾ ਹੈ ਤਾਂ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।

error: Content is protected !!