Skip to main content

Gee 98News

ਸੁਖਬੀਰ ਬਾਦਲ ਵੱਲੋਂ ਦਿੱਤੇ ਬੰਦ ਲਿਫ਼ਾਫ਼ੇ ‘ਤੇ ਅਕਾਲ ਤਖ਼ਤ ਦੇ ਜਥੇਦਾਰ ਨੇ ਕੀ ਕਿਹਾ…ਪੜ੍ਹੋ ਖ਼ਬਰ

ਚੰਡੀਗੜ੍ਹ,24 ਜੁਲਾਈ, Gee98 news service

-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੂੰ ਇੱਕ ਬੰਦ ਲਿਫਾਫਾ ਦਿੱਤਾ ਜਿਸ ਵਿੱਚ ਬਾਗੀ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਦਿੱਤਾ ਗਿਆ ਹੈ। ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਦਿੱਤਾ ਗਿਆ ਇਹ ਬੰਦ ਲਿਫਾਫਾ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਦੌਰਾਨ ਖੋਲਿਆ ਅਤੇ ਪੜਿਆ ਜਾਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਆਪਣਾ ਜਵਾਬ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪਿਆ। ਜ਼ਿਕਰਯੋਗ ਹੈ ਕਿ 1 ਜੁਲਾਈ ਨੂੰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਬਾਗੀ ਅਕਾਲੀ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਅਕਾਲੀ ਸਰਕਾਰ ਸਮੇਂ ਹੋਈਆਂ ਗਲਤੀਆਂ ਲਈ ਮਾਫ਼ੀਨਾਮਾ ਪੇਸ਼ ਕੀਤਾ ਸੀ ਅਤੇ ਡੇਰਾ ਮੁਖੀ ਨੂੰ ਮਾਫੀ ਦੇਣ ਅਤੇ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਬਣਦੀ ਕਾਰਵਾਈ ਨਾ ਕਰਨ ਬਾਰੇ ਸੁਖਬੀਰ ਸਿੰਘ ਬਾਦਲ ਉੱਪਰ ਦੋਸ਼ ਲਗਾਉਂਦੇ ਹੋਏ ਸਿੱਖੀ ਸਿਧਾਂਤਾਂ ਅਨੁਸਾਰ ਕਾਰਵਾਈ ਦੀ ਮੰਗ ਕੀਤੀ ਸੀ ਜਿਸ ਤੋਂ ਬਾਅਦ 15 ਜੁਲਾਈ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿੱਚ ਫੈਸਲੇ ਅਨੁਸਾਰ ਸੁਖਬੀਰ ਸਿੰਘ ਬਾਦਲ ਨੂੰ ਉਕਤ ਦੋਸ਼ਾਂ ਦਾ 15 ਦਿਨਾਂ ਦੇ ਅੰਦਰ ਅੰਦਰ ਜਵਾਬ ਦੇਣ ਦਾ ਹੁਕਮ ਦਿੱਤਾ ਗਿਆ ਸੀ। ‌ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਸਪੱਸ਼ਟੀਕਰਨ ਬੰਦ ਲਿਫਾਫੇ ਵਿੱਚ ਜਥੇਦਾਰ ਅਕਾਲ ਤਖਤ ਨੂੰ ਦਿੱਤਾ। ‌ ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਅਤੇ ਆਪਣੀ ਗੱਡੀ ਵਿੱਚ ਬੈਠ ਕੇ ਚਲੇ ਗਏ। ‌ ਦੱਸ ਦੇਈਏ ਕਿ ਬੀਤੇ ਕੱਲ੍ਹ ਹੀ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਭੰਗ ਕਰ ਦਿੱਤੀ ਸੀ ਜਿਸ ਵਿੱਚ ਕੁਝ ਬਾਗੀ ਅਕਾਲੀ ਆਗੂ ਵੀ ਸ਼ਾਮਿਲ ਸਨ। ਬਾਗੀ ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਸਰਕਾਰ ਮੌਕੇ ਸੱਤਾ ਦਾ ਆਨੰਦ ਮਾਣਦੇ ਹੋਏ ਆਪਣੀਆਂ ਸ਼ਕਤੀਆਂ ਦਾ ਦੁਰਉਪਯੋਗ ਕੀਤਾ ਜਿਸ ਵਿੱਚ ਡੇਰਾ ਸਿਰਸਾ ਮੁਖੀ ਨੂੰ ਮਾਫੀ ਦੇਣਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਤੁਰੰਤ ਬਣਦੀ ਕਾਰਵਾਈ ਨਾ ਕਰਨਾ ਵੀ ਸ਼ਾਮਿਲ ਹੈ। ‌

error: Content is protected !!