Gee 98News

ਅਕੁਵਾਇਰ ਹੋਈ ਜ਼ਮੀਨ ‘ਤੇ ਅਮਰੂਦਾਂ ਦੇ ਬਾਗ ਲਗਾ ਕੇ ਠੱਗੀ ਦੇ ਗੋਰਖ ਧੰਦੇ ‘ਚ ਸ਼ਾਮਿਲ ਨਾਇਬ ਤਹਿਸੀਲਦਾਰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ,6 ਅਗਸਤ, Gee98 news service
-ਇਕ ਵੱਡੇ ਪ੍ਰੋਜੈਕਟ ਲਈ ਅਕੁਵਾਇਰ ਹੋਈ ਜ਼ਮੀਨ ਦਾ ਵੱਧ ਮੁਆਵਜ਼ਾ ਲੈਣ ਦੇ ਲਾਲਚ ਵਿੱਚ ਰਾਤੋ ਰਾਤ ਅਮਰੂਦਾਂ ਦੇ ਬਾਗ ਲਗਾ ਕੇ ਸਰਕਾਰ ਨਾਲ ਕਰੋੜਾਂ ਦੀ ਠੱਗੀ ਮਾਰਨ ਦੇ ਗੋਰਖਧੰਦੇ ਵਿੱਚ ਸ਼ਾਮਿਲ ਨਾਇਬ ਤਹਿਸੀਲਦਾਰ ਵੀ ਆਖਰ ਵਿਜੀਲੈਂਸ ਦੇ ਅੜਿੱਕੇ ਆ ਹੀ ਗਿਆ। ਇਸ ਨਾਇਬ ਤਹਿਸੀਲਦਾਰ ਨੇ ਹੇਠਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਵਿਜੀਲੈਂਸ ਦੀ ਗ੍ਰਿਫਤਾਰੀ ਤੋਂ ਬਚਣ ਲਈ ਚਾਰਾਜੋਈ ਕੀਤੀ ਪ੍ਰੰਤੂ ਸੁਪਰੀਮ ਕੋਰਟ ਨੇ ਹੀ ਉਸਨੂੰ ਵਿਜੀਲੈਂਸ ਕੋਲ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ। ਜਿਸ ਤੋਂ ਬਾਅਦ ਮੋਹਾਲੀ ਵਿੱਚ ਕਰੋੜਾਂ ਰੁਪਏ ਦੇ ਅਮਰੂਦ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ਵਿੱਚ ਸਹਿ ਮੁਲਜ਼ਮ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਦੀ ਵੰਡ ਘੁਟਾਲੇ ਵਿੱਚ ਉਸਦੀ ਭੂਮਿਕਾ ਦਾ ਪਰਦਾਫਾਸ਼ ਹੋਣ ਤੋਂ ਬਾਅਦ ਇਸ ਕੇਸ ਵਿੱਚ ਜਸਕਰਨ ਸਿੰਘ ਬਰਾੜ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਜਾਅਲੀ ਲਾਭਪਾਤਰੀਆਂ ਨੂੰ ਮੁਆਵਜ਼ਾ ਜਾਰੀ ਕਰਨ ਦੇ ਮਾਮਲੇ ਵਿੱਚ ਜਸਕਰਨ ਸਿੰਘ ਬਰਾੜ ਅਤੇ ਮਾਮਲੇ ਦੇ ਮੁੱਖ ਮੁਲਜ਼ਮਾਂ ਵਿਚਾਲੇ ਗਠਜੋੜ ਸੀ। ਇਸ ਤੋਂ ਇਲਾਵਾ, ਅਦਾਇਗੀ ਜਾਰੀ ਕਰਨ ਤੋਂ ਪਹਿਲਾਂ, ਰਿਕਾਰਡ ਵਿੱਚ ਇਹ ਖੁਲਾਸਾ ਹੋਇਆ ਸੀ ਕਿ ਕੁਝ ਜ਼ਮੀਨ ਮਾਲਕਾਂ ਦੇ ਨਾਂ ਅਤੇ ਹਿੱਸੇਦਾਰੀ ਰਿਕਾਰਡ ਨਾਲ ਮੇਲ ਨਹੀਂ ਖਾਂਦੀ ਅਤੇ ਕੁਝ ਨਾਂ ਬਿਨਾਂ ਕਿਸੇ ਆਧਾਰ ਦੇ ਲਾਭਪਾਤਰੀਆਂ ਦੀ ਸੂਚੀ ਵਿੱਚ ਗਲਤ ਤਰੀਕੇ ਨਾਲ ਸ਼ਾਮਲ ਕੀਤੇ ਗਏ ਸਨ ਕਿਉਂਕਿ ਉਨ੍ਹਾਂ ਕੋਲ ਜ਼ਮੀਨ ਦੀ ਮਾਲਕੀ ਨਹੀਂ ਸੀ। ਐਕਵਾਇਰ ਐਕਟ ਦੀ ਧਾਰਾ 11 ਤਹਿਤ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਜ਼ਮੀਨ ਖਰੀਦੀ ਗਈ ਸੀ। ਉਕਤ ਨਾਇਬ ਤਹਿਸੀਲਦਾਰ ਨੇ ਖਸਰਾ ਗਿਰਦਾਵਰੀ ਦੇ ਰਿਕਾਰਡ ਨੂੰ ਨਜ਼ਰਅੰਦਾਜ਼ ਕਰਦਿਆਂ, ਜਿਸ ਵਿੱਚ ਛੇੜਛਾੜ ਕੀਤੀ ਗਈ ਸੀ, ਇੱਕ ਹੀ ਦਿਨ ਵਿੱਚ ਤਿੰਨ ਵਾਰ ਵੇਰਵਿਆਂ ਵਾਲੀ ਫਾਈਲ ਕਲੀਅਰ ਕਰਕੇ ਅਦਾਇਗੀ ਦੀ ਸਿਫ਼ਾਰਸ਼ ਕਰਨ ਵਿੱਚ ਬੇਲੋੜੀ ਕਾਹਲੀ ਕੀਤੀ। ਬੁਲਾਰੇ ਨੇ ਦੱਸਿਆ ਕਿ ਸ਼ੁਰੂ ਵਿੱਚ ਬਰਾੜ ਨੂੰ 11 ਦਸੰਬਰ, 2023 ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ਾਂ ਦੇ ਨਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤਹਿਤ ਅੰਤਰਿਮ ਰਾਹਤ ਮਿਲੀ ਸੀ। ਇਸ ਤੋਂ ਬਾਅਦ ਉਹ ਜਾਂਚ ਵਿੱਚ ਸ਼ਾਮਲ ਹੋ ਗਿਆ ਪਰ ਬਿਊਰੋ ਨੂੰ ਸਹਿਯੋਗ ਨਹੀਂ ਦਿੱਤਾ। ਇਸ ਕਾਰਨ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਵਿੱਚ ਉਸ ਦੀ ਜ਼ਮਾਨਤ ਪਟੀਸ਼ਨ ਦਾ ਸਖ਼ਤ ਵਿਰੋਧ ਕੀਤਾ ਅਤੇ ਅੰਤ ਵਿੱਚ ਉਸ ਦੀ ਪਟੀਸ਼ਨ ਅਤੇ ਜਵਾਬ ਵਿਰੁੱਧ 2 ਹਲਫੀਆ ਬਿਆਨ ਦਾਇਰ ਕੀਤੇ। ਕਈ ਸੁਣਵਾਈਆਂ ਅਤੇ ਲੰਮੀਆਂ ਦਲੀਲਾਂ ਤੋਂ ਬਾਅਦ ਹਾਈ ਕੋਰਟ ਨੇ ਉਸਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਸ ਤੋਂ ਬਾਅਦ ਜਸਕਰਨ ਸਿੰਘ ਬਰਾੜ ਲਗਾਤਾਰ ਫਰਾਰ ਰਿਹਾ ਅਤੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਲਈ ਵਿਸ਼ੇਸ਼ ਪਟੀਸ਼ਨ ਦਾਇਰ ਕੀਤੀ। ਸੁਪਰੀਮ ਕੋਰਟ ਨੇ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਵੀ ਰੱਦ ਕਰ ਦਿੱਤੀ ਅਤੇ ਉਸ ਨੂੰ ਇਕ ਹਫ਼ਤੇ ਅੰਦਰ ਵਿਜੀਲੈਂਸ ਬਿਊਰੋ ਦੇ ਜਾਂਚ ਅਧਿਕਾਰੀ ਅੱਗੇ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨਾਇਬ ਤਹਿਸੀਲਦਾਰ ਨੇ ਸੋਮਵਾਰ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ ਫਲਾਇੰਗ ਸਕੁਐਡ, ਪੰਜਾਬ, ਮੋਹਾਲੀ ਵਿਖੇ ਆਤਮ ਸਮਰਪਣ ਕਰ ਦਿੱਤਾ ਹੈ ਅਤੇ ਉਸਨੂੰ ਮਾਮਲੇ ਦੀ ਅਗਲੇਰੀ ਜਾਂਚ ਲਈ ਗ੍ਰਿਫਤਾਰ ਕਰ ਲਿਆ ਗਿਆ ਹੈ।

error: Content is protected !!