Skip to main content

Gee 98News

ਡੇਰਾ ਸਿਰਸਾ ਮੁਖੀ ਦੀਆਂ ਵਧੀਆਂ ਮੁਸ਼ਕਿਲਾਂ…ਸੁਪਰੀਮ ਕੋਰਟ ਨੇ ਕਤਲ ਦੇ ਮਾਮਲੇ ‘ਚ ਕੀਤਾ ਨੋਟਿਸ ਜਾਰੀ

ਚੰਡੀਗੜ੍ਹ,10 ਸਤੰਬਰ, Gee98 news service
-ਸੁਪਰੀਮ ਕੋਰਟ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਮੈਨੇਜਰ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਹਾਈਕੋਰਟ ਨੇ ਡੇਰਾ ਮੁਖੀ ਅਤੇ ਚਾਰ ਹੋਰ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਦਿੱਤਾ ਸੀ। ਹਾਈਕੋਰਟ ਦੇ ਹੁਕਮ ਖਿਲਾਫ ਇੱਕ ਪਟੀਸ਼ਨ ਜਗਸੀਰ ਸਿੰਘ ਵੱਲੋਂ ਐਡਵੋਕੇਟ ਸੱਤਿਆ ਮਿੱਤਰਾ ਰਾਹੀਂ ਦਾਇਰ ਕੀਤੀ ਗਈ ਹੈ। ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਇਸ ਮਾਮਲੇ ਵਿੱਚ ਰਾਮ ਰਹੀਮ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ 10 ਜੁਲਾਈ 2002 ਨੂੰ ਹਰਿਆਣਾ ਦੇ ਕੁਰੂਕਸ਼ੇਤਰ ਦੇ ਪਿੰਡ ਖਾਨਪੁਰ ਕੋਲਿਆਂ ਵਿੱਚ ਡੇਰਾ ਸਮਰਥਕ ਰਣਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।‌ ਡੇਰਾ ਮੁਖੀ ਦੀਆਂ ਗਤੀਵਿਧੀਆਂ ਸਬੰਧੀ ਇੱਕ ਗੁੰਮਨਾਮ ਪੱਤਰ ਸਾਹਮਣੇ ਆਉਣ ਤੋਂ ਬਾਅਦ ਰਣਜੀਤ ਸਿੰਘ ਦੀ ਸ਼ੱਕੀ ਭੂਮਿਕਾ ਲਈ ਕਥਿਤ ਤੌਰ ‘ਤੇ ਉਸਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਦੀ ਜਾਂਚ ਸੀਬੀਆਈ ਨੇ ਕੀਤੀ ਸੀ। CBI ਦੀ ਪੰਚਕੂਲਾ ਅਦਾਲਤ ਨੇ ਇਸ ਮਾਮਲੇ ‘ਚ ਡੇਰਾ ਮੁਖੀ ਸਮੇਤ ਚਾਰ ਜਣਿਆਂ ਨੂੰ ਦੋਸ਼ੀ ਮੰਨਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਜਿਸ ਤੋਂ ਬਾਅਦ ਡੇਰਾ ਮੁਖੀ ਨੇ ਹਾਈਕੋਰਟ ਵਿੱਚ ਅਪੀਲ ਕੀਤੀ ਤੇ ਹਾਈਕੋਰਟ ਨੇ ਡੇਰਾ ਮੁਖੀ ਨੂੰ ਬਰੀ ਕਰ ਦਿੱਤਾ ਸੀ। ਹੁਣ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਫੇਰ ਡੇਰਾ ਮੁਖੀ ਨੂੰ ਨੋਟਿਸ ਜਾਰੀ ਕੀਤਾ ਜਿਸ ਤੋਂ ਬਾਅਦ ਡੇਰਾ ਮੁਖੀ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ।

error: Content is protected !!