Gee 98News

ਨਗਰ ਪੰਚਾਇਤ ਹੰਢਿਆਇਆ : ਬਿਨਾਂ ਹੱਦਬੰਦੀ ਤੋਂ 15 ਦਿਨਾਂ ਦੇ ਅੰਦਰ ਚੋਣ ਪ੍ਰਕਿਰਿਆ ਸ਼ੁਰੂ ਕਰੋ – ਹਾਈਕੋਰਟ

ਚੰਡੀਗੜ੍ਹ, 20 ਅਕਤੂਬਰ, Gee98 news service
-ਪੰਜਾਬ ਸਰਕਾਰ ਪਿਛਲੇ ਕੁਝ ਸਮੇਂ ਤੋਂ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਦੇ ਚੱਕਰਵਿਊ ‘ਚ ਫਸੀ ਹੋਈ ਹੈ। ਇਹਨਾਂ ਸੰਸਥਾਵਾਂ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਸਮੇਂ ਸਿਰ ਚੋਣਾਂ ਕਰਵਾਉਣ ਵਿੱਚ ਅਸਫਲ ਰਹੀ ਸਰਕਾਰ ਪ੍ਰਤੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰਵੱਈਆ ਅਪਣਾਇਆ ਹੋਇਆ ਹੈ। ਸੂਬੇ ‘ਚ ਪੰਚਾਇਤ ਚੋਣਾਂ ਵੀ ਹਾਈ ਕੋਰਟ ਦੀ ਸਖ਼ਤੀ ਤੋਂ ਬਾਅਦ ਹੀ ਹੋਈਆਂ ਹਨ। ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰਕਾਰ ਨੂੰ ਉਨ੍ਹਾਂ ਸਾਰੀਆਂ ਨਗਰ ਪੰਚਾਇਤਾਂ,ਨਗਰ ਪਾਲਿਕਾਵਾਂ ਅਤੇ ਨਗਰ ਨਿਗਮਾਂ ਵਿੱਚ ਚੋਣ ਸ਼ਡਿਊਲ ਨੋਟੀਫਾਈ ਕਰਕੇ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿੱਥੇ ਚੋਣਾਂ ਲੰਬੇ ਸਮੇਂ ਤੋਂ ਹੋਣ ਵਾਲੀਆਂ ਹਨ। ਹਾਈ ਕੋਰਟ ਨੇ ਸ਼ਨੀਵਾਰ ਨੂੰ ਜਾਰੀ ਆਪਣੇ ਹੁਕਮਾਂ ‘ਚ ਸੂਬੇ ਨੂੰ ਬਿਨਾਂ ਕਿਸੇ ਹੱਦਬੰਦੀ ਦੇ ਚੋਣਾਂ ਕਰਵਾਉਣ ਲਈ 15 ਦਿਨਾਂ ਦੀ ਸਮਾਂ ਸੀਮਾ ਤੈਅ ਕੀਤੀ ਹੈ। ਇਸ ਦੇ ਨਾਲ ਹੀ ਸੂਬੇ ਦੀਆਂ ਨਗਰ ਨਿਗਮਾਂ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਅਤੇ 42 ਨਗਰ ਕੌਂਸਲਾਂ-ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣੀਆਂ ਹਨ, ਜਿਹੜੀਆਂ ਆਪਣੀ ਪੰਜ ਸਾਲ ਦੀ ਮਿਆਦ ਪੂਰੀ ਕਰ ਚੁੱਕੀਆਂ ਹਨ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੀ ਡਿਵੀਜ਼ਨ ਬੈਂਚ ਨੇ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਕਰਵਾਉਣ ਵਿੱਚ ਦੇਰੀ ਦੇ ਖ਼ਿਲਾਫ਼ ਇੱਕ ਪਟੀਸ਼ਨ ਦੀ ਸੁਣਵਾਈ ਦੌਰਾਨ ਉਕਤ ਹੁਕਮ ਦਿੱਤੇ। ‌ ਦੱਸ ਦੇਈਏ ਕਿ ਸਰਕਾਰ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਅਮਲ ਵਿੱਚ ਰੁੱਝੀ ਹੋਈ ਹੈ ਜਦੋਂ ਹੀ ਇਹ ਪ੍ਰਕਿਰਿਆ ਪੂਰੀ ਹੋਵੇਗੀ ਤਾਂ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਹਾਈਕੋਰਟ ਦੇ ਹੁਕਮਾਂ ਅਨੁਸਾਰ ਕਰਵਾਈਆਂ ਜਾਣਗੀਆਂ, ਵਾਰ-ਵਾਰ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਵਿਕਾਸ ਕੰਮ ਪ੍ਰਭਾਵਿਤ ਹੁੰਦੇ ਹਨ ਅਤੇ ਲੋਕਾਂ ਦੇ ਨਿੱਜੀ ਕੰਮਾਂ ‘ਤੇ ਵੀ ਅਸਰ ਪੈਂਦਾ ਹੈ। ਸਥਾਨਕ ਸੰਸਥਾਵਾਂ ਦੀਆਂ ਚੋਣਾਂ ਸਮੇਂ ਸਿਰ ਨਾ ਕਰਵਾਉਣ ਕਰਕੇ ਪੰਜਾਬ ਸਰਕਾਰ ਪਹਿਲਾਂ ਹੀ ਸਵਾਲਾਂ ਦੇ ਘੇਰੇ ਵਿੱਚ ਹੈ।

error: Content is protected !!