Gee 98News

ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਝਟਕਾ…ਪਟੀਸ਼ਨ ਕੀਤੀ ਖਾਰਜ

ਚੰਡੀਗੜ੍ਹ ,21 ਅਕਤੂਬਰ, Gee98 news service
-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਗੁਜਰਾਤ ਦੀ ਇੱਕ ਅਦਾਲਤ ਵੱਲੋਂ ਜਾਰੀ ਸੰਮਨ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪੁੱਜੇ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਝਟਕਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਦੇ ਮਾਮਲੇ ‘ਚ ਗੁਜਰਾਤ ਯੂਨੀਵਰਸਿਟੀ ਵੱਲੋਂ ਦਾਇਰੇ ਇੱਕ ਮਾਣਹਾਨੀ ਦੇ ਮੁਕੱਦਮੇ ‘ਚ ਗੁਜਰਾਤ ਦੀ ਇੱਕ ਅਦਾਲਤ ਨੇ ਕੇਜਰੀਵਾਲ ਨੂੰ ਸੰਮਨ ਜਾਰੀ ਕੀਤੇ ਸਨ।
ਅਰਵਿੰਦ ਕੇਜਰੀਵਾਲ ਨੇ ਇਹ ਸੰਮਨ ਰੱਦ ਕਰਵਾਉਣ ਲਈ ਪਹਿਲਾਂ ਹਾਈਕੋਰਟ ਅਤੇ ਫਿਰ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਜਸਟਿਸ ਰਿਸ਼ੀਕੇਸ਼ ਰਾਏ ਅਤੇ ਐਸਵੀਐਨ ਭਾਟੀ ਦੇ ਬੈਂਚ ਨੇ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਅਜਿਹੀ ਹੀ ਇੱਕ ਪਟੀਸ਼ਨ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੱਲੋਂ ਵੀ ਦਾਇਰ ਕੀਤੀ ਗਈ ਸੀ ਅਤੇ ਇਸ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈ ਸੀ। ਹੁਣ ਵੀ ਅਸੀਂ ਦਖਲ ਦੇਣ ਦੇ ਇੱਛੁਕ ਨਹੀਂ ਹਾਂ, ਇਕ ਪਟੀਸ਼ਨਰ ਸਾਡੇ ਕੋਲ ਆਇਆ ਸੀ ਅਤੇ ਉਸ ਨੂੰ ਖਾਰਜ ਕਰ ਦਿੱਤਾ ਗਿਆ।’ ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਲੀਲ ਦਿੱਤੀ ਕਿ ਸੰਜੇ ਸਿੰਘ ਵੱਲੋਂ ਦਿੱਤਾ ਗਿਆ ਬਿਆਨ ਵੱਖਰਾ ਸੀ, ਪਰ ਬੈਂਚ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ। ਇਸ ਤੋਂ ਪਹਿਲਾਂ ਗੁਜਰਾਤ ਹਾਈ ਕੋਰਟ ਨੇ ਫਰਵਰੀ ‘ਚ ਸੰਮਨ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ। ਹਾਈ ਕੋਰਟ ਤੋਂ ਨਿਰਾਸ਼ ਹੋ ਕੇ ਸਾਬਕਾ ਸੀਐਮ ਨੇ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਹੁਣ ਇੱਥੋਂ ਵੀ ਰਾਹਤ ਨਾ ਮਿਲਣ ‘ਤੇ ਉਨ੍ਹਾਂ ਨੂੰ ਗੁਜਰਾਤ ਦੀ ਅਦਾਲਤ ‘ਚ ਪੇਸ਼ ਹੋਣਾ ਪਵੇਗਾ। ਕੇਜਰੀਵਾਲ ਅਤੇ ਸੰਜੇ ਸਿੰਘ ਦੇ ਖਿਲਾਫ ਦਰਜ ਮਾਣਹਾਨੀ ਦੇ ਮਾਮਲੇ ‘ਚ ਦੋਸ਼ ਲਗਾਇਆ ਗਿਆ ਹੈ ਕਿ ਦੋਵਾਂ ਨੇਤਾਵਾਂ ਨੇ ਪੀਐੱਮ ਮੋਦੀ ਦੀ ਡਿਗਰੀ ਨੂੰ ਲੈ ਕੇ ਗੁਜਰਾਤ ਯੂਨੀਵਰਸਿਟੀ ਖਿਲਾਫ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ ਜਿਸ ਤੋਂ ਬਾਅਦ ਯੂਨੀਵਰਸਿਟੀ ਅਦਾਲਤ ਪੁੱਜੀ ਜਿੱਥੇ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਵੱਲੋਂ ਪਿਛਲੇ ਸਾਲ ਅਪਰੈਲ ਵਿੱਚ ਦੋਵਾਂ ਆਗੂਆਂ ਖ਼ਿਲਾਫ਼ ਸੰਮਨ ਜਾਰੀ ਕੀਤੇ ਗਏ ਸਨ।

error: Content is protected !!