ਚੰਡੀਗੜ੍ਹ, 28 ਅਕਤੂਬਰ, Gee98 news service
-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਐਤਕੀਂ ਸ਼੍ਰੋਮਣੀ ਅਕਾਲੀ ਦਲ ਦੇ ਦੋ ਮੁੱਖ ਧੜਿਆਂ ਦਰਮਿਆਨ ਸਿੱਧਾ ਮੁਕਾਬਲਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ, ਜਦਕਿ ਅਕਾਲੀ ਦਲ ਸੁਧਾਰ ਲਹਿਰ ਨੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਮੈਦਾਨ ਵਿੱਚ ਉਤਾਰਿਆ ਹੈ। ਅੱਜ 28 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਵੋਟਾਂ ਪੈਣਗੀਆਂ ਜਿਸ ਤੋਂ ਬਾਅਦ ਨਵੀਂ ਅੰਤਰਿੰਗ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ। ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਦੇ 170 ਮੈਂਬਰ ਵੋਟਾਂ ਨਾਲ ਜਿੱਤ ਕੇ ਮੈਂਬਰ ਬਣਦੇ ਹਨ। ਇਨਾਂ ਤੋਂ ਇਲਾਵਾ ਨਾਮਜ਼ਦ ਕੀਤੇ ਜਾਂਦੇ 21 ਮੈਂਬਰਾਂ ਵਿੱਚੋਂ 6 ਸਿੰਘ ਸਾਹਿਬਾਨ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ, ਜਦਕਿ 15 ਮੈਂਬਰਾਂ ਨੂੰ ਵੋਟ ਦਾ ਅਧਿਕਾਰ ਹੈ। ਇਸ ਤਰ੍ਹਾਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 185 ਮੈਂਬਰਾਂ ਕੋਲ ਵੋਟ ਪਾਉਣ ਦਾ ਅਧਿਕਾਰ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਗਿਣਤੀ ਵਿੱਚ ਤਾਜ਼ਾ ਸਥਿਤੀ ਮੁਤਾਬਕ ਕੁੱਲ 185 ਮੈਂਬਰਾਂ ਵਿੱਚੋਂ 31 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ,4 ਮੈਂਬਰਾਂ ਨੇ ਅਸਤੀਫਾ ਦੇ ਦਿੱਤਾ ਹੈ ਅਤੇ 2 ਮੈਂਬਰਾਂ ਨੂੰ ਅਯੋਗ ਕਰਾਰ ਦਿੱਤੇ ਜਾਣ ਕਾਰਨ ਇਹ ਗਿਣਤੀ 148 ਰਹਿ ਗਈ ਹੈ। ਇਨ੍ਹਾਂ ਵਿੱਚੋਂ ਵੀ ਕੁਝ ਵਿਦੇਸ਼ ਗਏ ਹੋਏ ਹਨ ਅਤੇ 140 ਵੋਟਾਂ ਪੋਲ ਹੋਣ ਦਾ ਅਨੁਮਾਨ ਹੈ। ਇਸ ਤਰ੍ਹਾਂ ਤਕਰੀਬਨ 71 ਵੋਟਾਂ ਵਾਲਾ ਉਮੀਦਵਾਰ ਪ੍ਰਧਾਨਗੀ ‘ਤੇ ਕਾਬਜ਼ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਵਿੱਚ ਵੱਡੀ ਜਿੱਤ ਦਾ ਦਾਅਵਾ ਕੀਤਾ ਹੈ। ਦੂਜੇ ਪਾਸੇ ਅਕਾਲੀ ਦਲ ਸੁਧਾਰ ਲਹਿਰ ਵਾਲੇ ਸਿਆਸੀ ਜੁਗਾੜ ਦੇ ਸਹਾਰੇ ਜਿੱਤ ਲਈ ਆਸਵੰਦ ਹਨ। ਬਹਰਹਾਲ ! ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਸਜ਼ਾ ਦਾ ਫੈਸਲਾ ਪੈਡਿੰਗ ਰੱਖਣ ਦੇ ਸੰਦਰਭ ਵਿੱਚ ਇਸ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਮਹੱਤਵਪੂਰਨ ਹੈ।