Gee 98News

ਭੈਣ ਜੀ ਨੇ ਪ੍ਰਧਾਨ ਜੀ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ…!

ਚੰਡੀਗੜ੍ਹ, 6 ਨਵੰਬਰ, Gee98 news service
-ਪੰਜਾਬ ‘ਚ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਦੌਰਾਨ ਹੀ ਬਹੁਜਨ ਸਮਾਜ ਪਾਰਟੀ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੂੰ ਅਨੁਸ਼ਾਸਨਹੀਨਤਾ ਦੇ ਦੋਸ਼ਾਂ ਤਹਿਤ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਸ ਸਬੰਧੀ ਪਾਰਟੀ ਦੇ ਮੁੱਖ ਦਫ਼ਤਰ ਸਕੱਤਰ ਜਸਵੰਤ ਰਾਏ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਜਿਸ ਵਿੱਚ ਕਿਹਾ ਗਿਆ ਕਿ ਜਸਵੀਰ ਸਿੰਘ ਗੜੀ ਨੂੰ ਪਾਰਟੀ ਪ੍ਰਧਾਨਗੀ ਤੋਂ ਹਟਾ ਦਿੱਤਾ ਗਿਆ ਅਤੇ ਉਨ੍ਹਾਂ ਦੀ ਥਾਂ ‘ਤੇ ਸਾਬਕਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੂੰ ਬਸਪਾ ਪੰਜਾਬ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ। ਪਾਰਟੀ ਵਿਚੋਂ ਕੱਢੇ ਜਾਣ ਬਾਰੇ ਜਦੋਂ ਜਸਵੀਰ ਸਿੰਘ ਗੜ੍ਹੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਪਾਰਟੀ ’ਚੋਂ ਕੱਢੇ ਜਾਣ ਬਾਰੇ ਮੀਡੀਆ ਰਾਹੀਂ ਪਤਾ ਲੱਗਾ ਹੈ ਤੇ ਉਨ੍ਹਾਂ ਨੂੰ ਪਾਰਟੀ ਵੱਲੋਂ ਕੋਈ ਨੋਟਿਸ ਨਹੀਂ ਭੇਜਿਆ ਗਿਆ। ਪਾਰਟੀ ’ਚੋਂ ਕੱਢੇ ਜਾਣ ਦੇ ਕਾਰਨਾਂ ਬਾਰੇ ਪੁੱਛੇ ਜਾਣ ’ਤੇ ਗੜ੍ਹੀ ਨੇ ਕਿਹਾ ਕਿ ਉਹ ਪਿਛਲੇ ਸਮੇਂ ਤੋਂ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਵੱਲੋਂ 2022 ਦੀਆ ਚੋਣਾਂ ਦੌਰਾਨ ਟਿਕਟਾਂ ਦੀ ਵੰਡ ਵੇਲੇ ਕੀਤੇ ਗਏ ਭ੍ਰਿਸ਼ਟਾਚਾਰ ਤੇ ਪਾਰਟੀ ਫੰਡ ’ਚ ਘੁਟਾਲੇ ਦਾ ਮਾਮਲਾ ਲਗਾਤਾਰ ਪਾਰਟੀ ਹਾਈਕਮਾਂਡ ਕੋਲ ਰੱਖ ਰਹੇ ਸਨ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪਾਰਟੀ ਹਾਈਕਮਾਂਡ ਨੇ ਬੈਨੀਵਾਲ ਦੀਆ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲੀਆ ਸਰਗਰਮੀਆਂ ’ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਪਾਰਟੀ ’ਚ ਕੱਢ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਚੁੱਪ ਨਹੀਂ ਬੈਠਣਗੇ ਅਤੇ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨਾਲ ਮਿਲ ਕੇ ਆਪਣੇ ਪੱਖ ਰੱਖਣਗੇ ਅਤੇ ਬੈਨੀਵਾਲ ਦੀਆ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲੀਆ ਸਰਗਰਮੀਆ ਤੋਂ ਜਾਣੂ ਕਰਵਾਉਣਗੇ।

error: Content is protected !!