Gee 98News

ਨਗਰ ਨਿਗਮ ਚੋਣਾਂ…ਹਾਈਕੋਰਟ ਨੇ ਸਰਕਾਰ ਨੂੰ ਦਿੱਤਾ ਸਿਰਫ਼ 10 ਦਿਨ ਦਾ ਸਮਾਂ…ਮਾਣਹਾਨੀ ਦੀ ਕਾਰਵਾਈ ਤੇ ਜੁਰਮਾਨੇ ਦੀ ਚਿਤਾਵਨੀ

ਚੰਡੀਗੜ੍ਹ,6 ਨਵੰਬਰ, Gee98 news service
-ਪੰਜਾਬ ‘ਚ ਨਗਰ ਨਿਗਮਾਂ ਅਤੇ ਕੁਝ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਸਰਕਾਰ ਕਸੂਤੀ ਸਥਿਤੀ ਵਿੱਚ ਫਸਦੀ ਨਜ਼ਰ ਆ ਰਹੀ ਹੈ। ਮਾਨਯੋਗ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਇਸ ਮਾਮਲੇ ‘ਚ ਮਾਣਹਾਨੀ ਦਾ ਮੁਕੱਦਮਾ ਵੀ ਦਰਜ ਕੀਤਾ ਜਾ ਸਕਦਾ ਹੈ ਅਤੇ 50 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ‌ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਸੂਬਾ ਚੋਣ ਕਮਿਸ਼ਨ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ। ਉਸ ‘ਤੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਇਲਜ਼ਾਮ ਹੈ। ਅਦਾਲਤ ਨੇ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ 15 ਦਿਨਾਂ ਦੇ ਅੰਦਰ ਇਹ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ ਪਰ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਤੋਂ ਬਾਅਦ ਇਸ ਸਬੰਧੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਦੀ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਹੁਣ ਹੁਕਮਾਂ ‘ਚ ਕਿਹਾ ਹੈ ਕਿ ਜੇਕਰ 10 ਦਿਨਾਂ ‘ਚ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਤਾਂ 50,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ ਅਤੇ ਮਾਣਹਾਨੀ ਦਾ ਮਾਮਲਾ ਵੀ ਦਰਜ ਕੀਤਾ ਜਾਵੇਗਾ। ਸੂਬੇ ਦੀਆਂ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦਾ ਪੰਜ ਸਾਲਾ ਕਾਰਜਕਾਲ ਖਤਮ ਹੋ ਗਿਆ ਹੈ। ਇਸ ਸਮੇਂ ਤੋਂ ਬਹੁਤ ਸਮਾਂ ਬੀਤ ਗਿਆ ਹੈ। ਪਰ ਸਰਕਾਰ ਨੇ ਅਜੇ ਤੱਕ ਚੋਣਾਂ ਨਹੀਂ ਕਰਵਾਈਆਂ। ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚਿਆ ਸੀ। 14 ਅਕਤੂਬਰ ਨੂੰ ਸੁਣਵਾਈ ਤੋਂ ਬਾਅਦ ਅਦਾਲਤ ਨੇ ਹੁਕਮ ਦਿੱਤਾ ਸੀ ਕਿ ਬਿਨਾਂ ਵਾਰਡਬੰਦੀ ਦੇ 15 ਦਿਨਾਂ ਦੇ ਅੰਦਰ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਪਰ ਇਹ ਕਾਰਵਾਈ ਮਿੱਥੇ ਸਮੇਂ ਵਿੱਚ ਨਹੀਂ ਹੋਈ। ਇਸ ਦੌਰਾਨ ਸਰਕਾਰੀ ਛੁੱਟੀਆਂ ਵੀ ਆ ਗਈਆਂ ਸਨ। ਇਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਹੁਕਮ ਜਾਰੀ ਕੀਤੇ ਹਨ।

error: Content is protected !!