ਚੰਡੀਗੜ੍ਹ 13 ਨਵੰਬਰ, Gee98 news service
-NDPS ਐਕਟ ਦੇ ਇੱਕ ਮਾਮਲੇ ਵਿੱਚ ਗਵਾਹੀ ਦੇਣ ਲਈ ਹੇਠਲੀ ਅਦਾਲਤ ਵੱਲੋਂ ਵਾਰ-ਵਾਰ ਬੁਲਾਉਣ ਦੇ ਬਾਵਜੂਦ ਵੀ ਨਾ ਪੇਸ਼ ਹੋਣ ਵਾਲੇ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ ਨੂੰ ਹਾਈਕੋਰਟ ਨੇ ਗ੍ਰਿਫਤਾਰ ਕਰਕੇ ਹੇਠਲੀ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਹ ਮਾਮਲਾ ਤਰਨਤਾਰਨ ਜ਼ਿਲ੍ਹੇ ਨਾਲ ਸੰਬੰਧਿਤ ਹੈ ਜਿੱਥੇ ਐਨਡੀਪੀਐਸ ਐਕਟ ਦੇ ਮਾਮਲੇ ‘ਚ ਜੇਲ੍ਹ ਵਿੱਚ ਬੰਦ ਲਖਬੀਰ ਸਿੰਘ ਨੇ ਰੈਗੂਲਰ ਜ਼ਮਾਨਤ ਅਰਜ਼ੀ ਲਗਾਈ ਸੀ ਪ੍ਰੰਤੂ ਹੇਠਲੀ ਅਦਾਲਤ ਵਿੱਚ ਕੇਸ ਨਾਲ ਜੁੜੇ ਸਰਕਾਰੀ ਗਵਾਹ ਪੁਲਿਸ ਅਧਿਕਾਰੀ ਹੇਠਲੀ ਅਦਾਲਤ ਵੱਲੋਂ ਵਾਰ-ਵਾਰ ਬੁਲਾਉਣ ਦੇ ਬਾਵਜੂਦ ਵੀ ਅਦਾਲਤ ਵਿੱਚ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ ਹੇਠਲੀ ਅਦਾਲਤ ਨੇ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਪ੍ਰੰਤੂ ਇਹ ਚਾਰੇ ਪੁਲਿਸ ਮੁਲਾਜ਼ਮ ਫਿਰ ਵੀ ਹੇਠਲੀ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਪੀੜ੍ਹਤ ਨੇ ਇਸ ਸਬੰਧੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਿਸ ਨੂੰ ਹਾਈਕੋਰਟ ਨੇ ਗੰਭੀਰਤਾ ਨਾਲ ਲਿਆ ਅਤੇ ਤਰਨਤਰਨ ਦੇ ਐਸਐਸਪੀ ਨੂੰ ਹੁਕਮ ਦਿੱਤੇ ਕਿ ਸਬ ਇੰਸਪੈਕਟਰ ਪਰਵਿੰਦਰ ਸਿੰਘ, ਹਰਦਖਲ ਸਿੰਘ ਅਤੇ ਏਐਸਆਈ ਕਰਤਲ ਸਿੰਘ ਅਤੇ ਨਿਰਮਲ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ 17 ਨਵੰਬਰ ਨੂੰ ਹੇਠਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।










