Gee 98News

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ…ਐਸਐਸਪੀ ਦੇ ਖ਼ਿਲਾਫ਼ ਹਾਈਕੋਰਟ ਦੇ ਤੇਵਰ ਤਿੱਖੇ…ਅੰਡਰ ਸੈਕਟਰੀ ਦਾ ਹਲਫ਼ਨਾਮਾ ਕੀਤਾ ਰੱਦ

-ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਵਿੱਚ ਹੋਈ ਇੰਟਰਵਿਊ ਦੇ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਤੇਵਰ ਅਖਤਿਆਰ ਕੀਤੇ ਹੋਏ ਹਨ। ਇਸ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ-ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਸਪੱਸ਼ਟ ਕੀਤਾ ਹੈ ਕਿ ਲਾਰੈਂਸ ਬਿਸ਼ਨੋਈ ਦੀ ਹਿਰਾਸਤੀ ਇੰਟਰਵਿਊ ਦੇ ਮਾਮਲੇ ਵਿੱਚ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਸਬੰਧੀ ਗ੍ਰਹਿ ਸਕੱਤਰ ਦੇ ਅਹੁਦੇ ਤੋਂ ਹੇਠਾਂ ਦੇ ਕਿਸੇ ਵੀ ਅਧਿਕਾਰੀ ਦਾ ਹਲਫ਼ਨਾਮਾ ਸਵੀਕਾਰ ਨਹੀਂ ਕੀਤਾ ਜਾਵੇਗਾ। ਹਾਈਕੋਰਟ ਨੇ ਅੰਡਰ ਸੈਕਟਰੀ ਦੇ ਹਲਫਨਾਮੇ ਨੂੰ ਰੱਦ ਕਰਦਿਆਂ ਹੁਣ ਗ੍ਰਹਿ ਸਕੱਤਰ ਨੂੰ ਸੋਮਵਾਰ ਤੱਕ ਹਲਫਨਾਮਾ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਲਾਰੈਂਸ ਟੀਵੀ ਇੰਟਰਵਿਊ ਕੇਸ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਵੱਲੋਂ ਕਥਿਤ ਤੌਰ ‘ਤੇ ਕੀਤੇ ਆਰਥਿਕ ਅਪਰਾਧਾਂ ਲਈ ਐਨਫੋਰਸਮੈਂਟ ਡਾਇਰੈਕਟੋਰੇਟ (ED) ਤੋਂ ਮਦਦ ਮੰਗੀ ਜਾ ਸਕਦੀ ਹੈ। ਹਾਈਕੋਰਟ ਨੇ ਵਿਸ਼ੇਸ਼ ਡੀਜੀਪੀ ਪ੍ਰਬੋਧ ਕੁਮਾਰ ਦੀ ਜਾਂਚ ਦੀ ਪ੍ਰਗਤੀ ਅਤੇ ਇਸ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਬਾਰੇ ਸੀਲਬੰਦ ਰਿਪੋਰਟ ਦੀ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਜ਼ੁਬਾਨੀ ਤੌਰ “ਤੇ ਪੁੱਛਿਆ ਕਿ ਕੀ ਕਿਸੇ ਸੀਨੀਅਰ ਪੁਲਿਸ ਅਧਿਕਾਰੀ ਦਾ ਨਾਂ ਜਾਂਚ ਵਿੱਚ ਸਾਹਮਣੇ ਆਇਆ ਹੈ। ਡੀਜੀਪੀ ਪ੍ਰਬੋਧ ਕੁਮਾਰ ਨੇ ਕਿਹਾ ਕਿ ਅਜੇ ਨਹੀਂ, ਪਰ ਜਾਂਚ ਅਜੇ ਜਾਰੀ ਹੈ। ਹਾਈ ਕੋਰਟ ਨੇ ਕਿਹਾ ਕਿ ਜੇਕਰ ਸਾਨੂੰ ਲੋੜ ਮਹਿਸੂਸ ਹੋਈ ਤਾਂ ਅਸੀਂ ਈਡੀ ਨੂੰ ਮਦਦ ਲਈ ਨਿਰਦੇਸ਼ ਦੇਵਾਂਗੇ। ਕੇਂਦਰ ਸਰਕਾਰ ਨੇ ਕਿਹਾ ਕਿ ਜੇਕਰ ਅਜਿਹਾ ਕੋਈ ਹੁਕਮ ਮਿਲਦਾ ਹੈ ਤਾਂ ਉਸ ਦੀ ਪਾਲਣਾ ਕੀਤੀ ਜਾਵੇਗੀ। ਕੇਂਦਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਜੇਲ੍ਹਾਂ ਵਿੱਚ ਜੈਮਰ ਲਗਾਉਣ ਦੀ ਇਜਾਜ਼ਤ ਪਹਿਲਾਂ ਹੀ ਦੇ ਦਿੱਤੀ ਹੈ ਅਤੇ ਹੋਰ ਕਿਸੇ ਇਜਾਜ਼ਤ ਦੀ ਲੋੜ ਨਹੀਂ ਹੈ। ਹਾਈਕੋਰਟ ਦੇ ਹੁਕਮਾਂ ‘ਤੇ ਡੀਜੀਪੀ ਪ੍ਰਬੋਧ ਕੁਮਾਰ ਦੀ ਪ੍ਰਧਾਨਗੀ ‘ਚ ਐਸਆਈਟੀ ਨੇ ਦੱਸਿਆ ਸੀ ਕਿ ਇੰਟਰਵਿਊ ਖਰੜ ਦੇ ਸੀਆਈਏ ਥਾਣੇ ਵਿੱਚ ਹੋਈ ਸੀ। ਇਸ ਤੋਂ ਬਾਅਦ ਕਈ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਗਈ ਪਰ ਐਸਐਸਪੀ ਖ਼ਿਲਾਫ਼ ਕਾਰਵਾਈ ਨਾ ਹੋਣ ਕਾਰਨ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਗਈ। ਦਰਅਸਲ ਹਾਈਕੋਰਟ ਵੱਲੋਂ ਇਸ ਮਾਮਲੇ ਦੀ ਸੁਣਵਾਈ ਦੌਰਾਨ ਆਰਥਿਕ ਅਪਰਾਧ ਦੇ ਪੱਖ ਵੱਲ ਵੀ ਵੱਧ ਧਿਆਨ ਦਿੱਤਾ ਜਾ ਰਿਹਾ ਹੈ। ਹਾਈ ਕੋਰਟ ਇਸ ਗੱਲੋਂ ਵੀ ਖ਼ਫ਼ਾ ਹੈ ਕਿ ਇੱਕ ਵੱਡੇ ਗੈਂਗਸਟਰ ਦੀ ਇੰਟਰਵਿਊ ਪੁਲਿਸ ਹਿਰਾਸਤ ਵਿੱਚ ਰਿਕਾਰਡ ਹੋ ਰਹੀ ਹੋਵੇ ਅਤੇ ਸਬੰਧਿਤ ਐਸ ਐਸ ਪੀ ਨੂੰ ਇਸ ਦੀ ਜਾਣਕਾਰੀ ਵੀ ਨਾ ਹੋਵੇ। ਹਾਈਕੋਰਟ ਇਸ ਗੱਲੋਂ ਵੀ ਨਾਰਾਜ਼ ਹੈ ਕਿ ਸੂਬੇ ਦੇ ਡੀਜੀਪੀ ਨੇ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਤੋਂ ਬਾਅਦ ਇਹ ਸਟੇਟਮੈਂਟ ਕਿਵੇਂ ਦੇ ਦਿੱਤੀ ਕਿ ਇਹ ਇੰਟਰਵਿਊ ਪੰਜਾਬ ‘ਚ ਨਹੀਂ ਹੋਈ। ਇਹ ਮਾਮਲਾ ਹਾਈਕੋਰਟ ਪੁੱਜਣ ਤੋਂ ਲੈ ਕੇ ਹੀ ਸਰਕਾਰ ਐਸਐਸਪੀ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ‘ਤੇ ਕਾਰਵਾਈ ਕਰਨ ਤੋਂ ਬਚ ਰਹੀ ਹੈ ਪ੍ਰੰਤੂ ਹਾਈ ਕੋਰਟ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਵਿੱਚ ਐਸਐਸਪੀ ਨੂੰ ਜਾਂਚ ਦੇ ਘੇਰੇ ਵਿੱਚ ਲੈਣ ਵੱਲ ਵੱਧ ਰਹੀ ਹੈ। ਜੇਕਰ ਹਾਈਕੋਰਟ ਦੇ ਤੇਵਰਾਂ ਨੂੰ ਵੇਖਦੇ ਹੋਏ ਇਸ ਮਾਮਲੇ ਵਿੱਚ ਸੰਬੰਧਿਤ ਐਸਐਸਪੀ ਦੇ ਖਿਲਾਫ ਕਾਰਵਾਈ ਕੀਤੀ ਜਾਂਦੀ ਹੈ ਤਾਂ ਇਸ ਤੋਂ ਬਾਅਦ ‌ਇਹ ਇਸ ਮਾਮਲੇ ਦੀਆਂ ਹੋਰ ਪਰਤਾਂ ਖੁੱਲਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ‌

error: Content is protected !!