ਹਾਈਕੋਰਟ ਨੇ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਸਰਕਾਰ ਨੂੰ ਕੀਤੀ ਸਖ਼ਤ ਤਾੜਨਾ
ਚੰਡੀਗੜ੍ਹ, 13 ਦਸੰਬਰ, Gee98 news service
-ਜੇਕਰ ਤੁਸੀਂ ਬਾਜ਼ਾਰ ਵਿੱਚੋਂ ਖਰੀਦ ਕੇ ਦੇਸੀ ਘਿਓ ਅਤੇ ਖੋਏ ਦੀਆਂ ਪਿੰਨੀਆਂ ਖਾਣ ਦੇ ਸ਼ੌਕੀਨ ਹੋਣ ਤਾਂ ਤੁਹਾਨੂੰ ਪੰਜਾਬ ‘ਚ ਪਿਛਲੇ ਦਿਨੀ ਹੋਏ ਇੱਕ ਸਰਵੇਖਣ ਦੇ ਅੰਕੜੇ ਧਿਆਨ ਵਿੱਚ ਰੱਖਣੇ ਚਾਹੀਦੇ ਹਨ ਜਿੰਨਾਂ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ‘ਚ ਦੇਸੀ ਘਿਓ ਦੇ 21 ਪ੍ਰਤੀਸ਼ਤ ਅਤੇ ਖੋਏ ਦੇ 26 ਪ੍ਰਤੀਸ਼ਤ ਨਮੂਨੇ ਫੇਲ ਹੋ ਗਏ ਹਨ, ਜੋ ਮਨੁੱਖੀ ਸਿਹਤ ਮੁਤਾਬਕ ਖਾਧ ਖੁਰਾਕਾਂ ਦੇ ਘੱਟੋ ਘੱਟ ਮਾਪਦੰਡਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੇ ਹਨ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੇ ਵੀ ਇਸ ਸਬੰਧੀ ਆਪਣੀਆਂ ਅੱਖਾਂ ਬੰਦ ਕੀਤੀਆਂ ਹੋਈਆਂ ਹਨ ਜਾਂ ਫਿਰ ਅਜਿਹੇ ਅਧਿਕਾਰੀਆਂ ਦੀਆਂ ਅੱਖਾਂ ‘ਚ ਮਿਲਾਵਟੀ ਖਾਧ ਪਦਾਰਥ ਵੇਚਣ ਵਾਲਿਆਂ ਨੇ ਡੱਕਾ ਮਾਰਿਆ ਹੋਇਆ ਹੈ। ਇਸ ਮਾਮਲੇ ਸੰਬੰਧੀ ਪੰਜਾਬ ਹਾਈਕੋਰਟ ਨੇ ਜਨਹਿਤ ਪਟੀਸ਼ਨ ‘ਤੇ ਸਖ਼ਤ ਰੁਖ਼ ਅਖਤਿਆਰ ਕਰਦੇ ਹੋਏ ਪੰਜਾਬ ‘ਚ ਮਿਲਾਵਟੀ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਦੀ ਵਿਕਰੀ ਦੀ ਵਧ ਰਹੀ ਸਮੱਸਿਆ ਨੂੰ ਕੰਟਰੋਲ ਕਰਨ ‘ਤੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਐਡਵੋਕੇਟ ਸੁਨੈਨਾ ਨੇ ਇੱਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਅਦਾਲਤ ਨੂੰ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਦੇ ਮੁਤਾਬਕ ਭਾਰਤ ਵਿੱਚ ਹਰ ਰੋਜ਼ ਵੱਡੀ ਮਾਤਰਾ ਵਿੱਚ ਨਕਲੀ ਜਾਂ ਮਿਲਾਵਟੀ ਦੁੱਧ ਵਿਕਦਾ ਹੈ। ਇਹ ਵੀ ਹੈਰਾਨੀਜਨਕ ਅੰਕੜੇ ਹਨ ਕਿ ਭਾਰਤ ਦੇ 70 ਪ੍ਰਤੀਸ਼ਤ ਤੋਂ ਵੱਧ ਦੁੱਧ ਉਤਪਾਦ ਰਾਸ਼ਟਰੀ ਭੋਜਨ ਸੁਰੱਖਿਆ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੇ ਹਨ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜੇਕਰ ਭਾਰਤ ਦੇ ਦੁੱਧ ਉਤਪਾਦਾਂ ਦੀ ਜਾਂਚ ਨਾ ਕੀਤੀ ਗਈ ਤਾਂ 2025 ਤੱਕ 87 ਫੀਸਦੀ ਭਾਰਤੀ ਕੈਂਸਰ ਆਦਿ ਵਰਗੀਆਂ ਘਾਤਕ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਨ। ਵਿਗਿਆਨ ਅਤੇ ਤਕਨਾਲੋਜੀ ਮੰਤਰਾਲੇ ਦੀ ਰਿਪੋਰਟ ਮੁਤਾਬਕ 89.2 ਫੀਸਦੀ ਦੁੱਧ ਉਤਪਾਦਾਂ ਵਿੱਚ ਕਿਸੇ ਨਾ ਕਿਸੇ ਕਿਸਮ ਦੀ ਮਿਲਾਵਟ ਪਾਈ ਗਈ। ਹਾਈਕੋਰਟ ਨੂੰ ਦੱਸਿਆ ਗਿਆ ਕਿ ਦੁੱਧ ਉਤਪਾਦਨ ਦੇ ਮਾਮਲੇ ਵਿੱਚ ਭਾਰਤ ਦੁਨੀਆ ਦੇ ਮੋਹਰੀ ਦੇਸ਼ਾਂ ਵਿੱਚ ਸ਼ੁਮਾਰ ਹੈ, ਪਰ ਇੱਥੇ ਮਿਲਾਵਟੀ ਦੁੱਧ ਉਤਪਾਦ ਦੀ ਵੱਡੀ ਮਾਤਰਾ ਵਿੱਚ ਵਿਕ ਰਹੇ ਹਨ। ਪਟੀਸ਼ਨਰ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਉਹ ਰਾਜ ਸਰਕਾਰ ਨੂੰ ਦੁੱਧ ਅਤੇ ਦੁੱਧ ਉਤਪਾਦਾਂ ਦੀ ਨਿਯਮਤ ਜਾਂਚ ਯਕੀਨੀ ਬਣਾਉਣ ਅਤੇ ਆਮ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਹਦਾਇਤਾਂ ਜਾਰੀ ਕਰਨ ਦੇ ਹੁਕਮ ਦੇਵੇ ਕਿ ਉਹ ਮਿਲਾਵਟੀ ਦੁੱਧ ਉਤਪਾਦਾਂ ਦੀ ਜਾਂਚ ਕਿਵੇਂ ਕਰ ਸਕਦੇ ਹਨ। ਪਟੀਸ਼ਨ ਵਿੱਚ ਇਸ ਮਾਮਲੇ ਵਿੱਚ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਨ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨਕਰਤਾ ਨੇ ਕਿਹਾ ਕਿ ਨਕਲੀ ਦੁੱਧ ਬਣਾਉਣ ਵਿੱਚ ਡਿਟਰਜੈਂਟ, ਕਾਸਟਿਕ ਸੋਡਾ, ਸਫੈਦ ਪੇਂਟ, ਹਾਈਡ੍ਰੋਪਰੋਕਸਾਈਡ, ਬਨਸਪਤੀ ਤੇਲ, ਖਾਦ ਵਰਗੇ ਹਾਨੀਕਾਰਕ ਪਦਾਰਥਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਸਾਰੇ ਪਦਾਰਥ ਮਨੁੱਖੀ ਸਿਹਤ ਲਈ ਹਾਨੀਕਾਰਕ ਹਨ ਅਤੇ ਕੈਂਸਰ ਵਰਗੀਆਂ ਕਈ ਘਾਤਕ ਬਿਮਾਰੀਆਂ ਦਾ ਕਾਰਨ ਹਨ।










