Gee 98News

ਸ਼ਹੀਦੀ ਪੰਦਰਵਾੜੇ ਦੌਰਾਨ ਹੀ ਵਿਦੇਸ਼ੀ ਛੁੱਟੀਆਂ ਮਨਾਉਣ ਲਈ ਮੁੱਖ ਮੰਤਰੀ ਪਰਿਵਾਰ ਸਮੇਤ ਆਸਟਰੇਲੀਆ ਪੁੱਜੇ

-ਆਸਟਰੇਲੀਆ ਦੇ ਦੌਰੇ ਸੰਬੰਧੀ ਵਿਰੋਧੀ ਪਾਰਟੀਆਂ ਵੱਲੋਂ ਘੇਰੇ ਜਾਣ ਦੇ ਬਾਵਜੂਦ ਵੀ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਪਰਿਵਾਰ ਨਾਲ ਨਿੱਜੀ ਦੌਰੇ ‘ਤੇ ਅੱਜ ਆਸਟੇ੍ਰਲੀਆ ਪੁੱਜ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਆਸਟਰੇਲੀਆ ਰਵਾਨਾ ਹੋਣ ਤੋਂ ਪਹਿਲਾਂ ਕੱਲ੍ਹ ਦਿੱਲੀ ਵਿਖੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਦੀ ਬੁਲਾਈ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ ਅਤੇ ਇਸ ਤੋਂ ਬਾਅਦ ਬੀਤੀ ਰਾਤ ਆਸਟ੍ਰੇਲੀਆ ਲਈ ਰਵਾਨਾ ਹੋ ਗਏ ਸਨ। ਮੁੱਖ ਮੰਤਰੀ ਦੀ ਵਾਪਸੀ ਦਾ ਦਿਨ ਅਜੇ ਨਹੀਂ ਦੱਸਿਆ ਗਿਆ, ਇਹ ਜ਼ਰੂਰ ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਨਵੇਂ ਸਾਲ ਦੀ ਸ਼ੁਰੂਆਤ ‘ਚ ਵਾਪਸ ਪਰਤ ਆਉਣਗੇ। ਸ਼ਹੀਦੀ ਪੰਦ੍ਹਰਵਾੜੇ ਦੌਰਾਨ ਵਿਦੇਸ਼ ਵਿਚ ਛੁੱਟੀ ‘ਤੇ ਜਾਣ ਦੇ ਪ੍ਰੋਗਰਾਮ ਦੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਅਕਾਲੀ ਦਲ ਵਲੋਂ ਤਿੱਖੀ ਨੁਕਤਾਚੀਨੀ ਕੀਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਸੂਬਾ ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਅਤੇ ਥਾਣਿਆਂ ‘ਤੇ ਗ੍ਰਨੇਡ ਹਮਲਿਆਂ ਸਮੇਤ ਕਈ ਤਰ੍ਹਾਂ ਦੇ ਸੰਕਟਾਂ ‘ਤੇ ਮੁਸ਼ਕਲਾਂ ਵਿਚ ਘਿਰਿਆ ਹੋਇਆ ਹੈ।‌ ਵਿਰੋਧੀ ਆਗੂਆਂ ਨੇ ਇੱਥੋਂ ਤੱਕ ਆਖ ਦਿੱਤਾ ਕਿ ਰੋਮ (ਪੰਜਾਬ) ਸੜ ਰਿਹੈ ਤੇ ਨੀਰੂ (CM) ਜੀ ਛੁੱਟੀਆਂ ਮਨਾਉਣ ਲਈ ਵਿਦੇਸ਼ ਪੁੱਜ ਗਏ ਹਨ। ‌ਕਿਸਾਨ ਆਗੂ ਜਗਦੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਕਰਕੇ ਪੈਦਾ ਹੋਏ ਹਾਲਾਤਾਂ ਦੌਰਾਨ ਅਤੇ ਸ਼ਹੀਦੀ ਪੰਦਰਵਾੜੇ ਦੌਰਾਨ ਮੁੱਖ ਮੰਤਰੀ ਵੱਲੋਂ ਵਿਦੇਸ਼ ਵਿੱਚ ਛੁੱਟੀਆਂ ਮਨਾਉਣ ਦੀ ਯੋਜਨਾ ‘ਤੇ ਸਵਾਲ ਉੱਠਣੇ ਸੁਭਾਵਿਕ ਹੀ ਹਨ। ਹੈਰਾਨੀ ਇਹ ਵੀ ਪ੍ਰਗਟ ਕੀਤੀ ਜਾ ਰਹੀ ਹੈ ਕਿ ਦਿੱਲੀ ‘ਚ ਹੋਣ ਦੇ ਬਾਵਜੂਦ ਵੀ ਮੁੱਖ ਮੰਤਰੀ ਨੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਸਬੰਧੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਨਹੀਂ ਮੰਗਿਆ। ਦਿਲਚਸਪ ਗੱਲ ਇਹ ਹੈ ਕਿ ਮੁੱਖ ਮੰਤਰੀ ਦੇ ਵਿਦੇਸ਼ੀ ਦੌਰੇ ‘ਤੇ ਜਾਣ ਤੋਂ ਬਾਅਦ ਅਗਲੇ ਦਿਨ ਹੀ ਆਮ ਆਦਮੀ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ‘ਚ 8 ਮੰਤਰੀਆਂ ਅਤੇ ਕੁਝ ਵਿਧਾਇਕਾਂ ਨੇ ਖਨੌਰੀ ਬਾਰਡਰ ‘ਤੇ ਜਾ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਦਾ ਹਾਲ ਚਾਲ ਜਾਣਿਆ। ਮੰਨਿਆ ਜਾ ਰਿਹਾ ਹੈ ਕਿ ਦਿੱਲੀ ‘ਚ ਸ੍ਰੀ ਅਰਵਿੰਦ ਕੇਜਰੀਵਾਲ ਮੀਟਿੰਗ ਦੌਰਾਨ ਡੱਲੇਵਾਲ ਦੇ ਮਰਨ ਵਰਤ ਦਾ ਮੁੱਦਾ ਵੀ ਉੱਠਿਆ ਜਿੱਥੇ ਆਪ ਦੀ ਹਾਈ ਕਮਾਂਡ ਵੱਲੋਂ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਆਪ ਆਗੂਆਂ ਦੇ ਵਫ਼ਦ ਨਾਲ ਖਨੌਰੀ ਬਾਰਡਰ ‘ਤੇ ਜਾ ਕੇ ਜਗਜੀਤ ਸਿੰਘ ਡੱਲੇਵਾਲ ਦੀ ਖ਼ਬਰਸਾਰ ਲੈਣ ਲਈ ਕਿਹਾ ਗਿਆ ਸੀ।‌

Gee98 Ads
error: Content is protected !!