Gee 98News

ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ‘ਤੇ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ

-ਖਨੌਰੀ ਬਾਰਡਰ ‘ਤੇ ਪਿਛਲੇ 36 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਇਲਾਜ ਦੇਣ ਦੇ ਮਾਮਲੇ ‘ਤੇ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਹੋਰ ਤਿੰਨ ਦਿਨਾਂ ਦਾ ਸਮਾਂ ਦੇ ਦਿੱਤਾ ਹੈ। ‌ ਇਸ ਤੋਂ ਪਹਿਲਾਂ 28 ਦਸੰਬਰ ਨੂੰ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਵਾਉਣ ਲਈ ਹੁਕਮ ਦਿੱਤੇ ਸਨ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਪੰਜਾਬ ਦੇ ਸੀਨੀਅਰ ਅਫਸਰਾਂ ਨੂੰ ਅਦਾਲਤੀ ਮਾਣਹਾਨੀ ਦਾ ਸਾਹਮਣਾ ਕਰਨ ਲਈ ਵੀ ਚੇਤਾਵਨੀ ਦਿੱਤੀ ਸੀ। ਅੱਜ ਸੁਪਰੀਮ ਕੋਰਟ ‘ਚ ਇਸ ਮਾਮਲੇ ‘ਚ ਸੁਣਵਾਈ ‘ਤੇ ਪੰਜਾਬ ਦੇ ਐਡਵੋਕੇਟ ਜਨਰਲ ਨੇ ਮਾਨਯੋਗ ਅਦਾਲਤ ਨੂੰ ਦੱਸਿਆ ਕਿ ਕੱਲ ਪੰਜਾਬ ਬੰਦ ਹੋਣ ਕਰਕੇ ਸੂਬੇ ‘ਚ ਕਿਸੇ ਤਰ੍ਹਾਂ ਦੀ ਆਵਾਜਾਈ ਨਹੀਂ ਹੋ ਸਕੀ ਅਤੇ ਦੂਜੇ ਪਾਸੇ ਕਿਸਾਨਾਂ ਵੱਲੋਂ ਗੱਲਬਾਤ ਕਰਨ ਲਈ ਕੁਝ ਇਸ਼ਾਰਾ ਦਿੱਤਾ ਗਿਆ ਹੈ।‌‌ ਪੰਜਾਬ ਸਰਕਾਰ ਵੱਲੋਂ ਹੋਰ ਤਿੰਨ ਦਿਨਾਂ ਦੀ ਮੰਗ ਕੀਤੀ ਗਈ ਜਿਸ ਤੋਂ ਬਾਅਦ ਮਾਨਯੋਗ ਜਸਟਿਸ ਸੂਰੀਆ ਕਾਂਤ ਤੇ ਮਾਨਯੋਗ ਜਸਟਿਸ ਸਧਾਂਸੂ ਧੂਲੀਆ ਨੇ ਪੰਜਾਬ ਨੂੰ ਇਸ ਮੁੱਦੇ ‘ਤੇ ਤਿੰਨ ਦਿਨ ਦਾ ਹੋਰ ਸਮਾਂ ਦਿੱਤਾ, ਹੁਣ ਅਗਲੀ ਸੁਣਵਾਈ ਦੋ ਜਨਵਰੀ ਨੂੰ ਹੋਵੇਗੀ ਜਿਸ ਤੋਂ ਪਹਿਲਾਂ ਪਹਿਲਾਂ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣੀ ਪਵੇਗੀ।

error: Content is protected !!