Gee 98News

ਗਿਆਨੀ ਹਰਪ੍ਰੀਤ ਸਿੰਘ ਨੂੰ ਮੁੜ ਬਹਾਲ ਨਹੀਂ ਕੀਤਾ ਜਾਵੇਗਾ..ਧਾਮੀ ਦਾ ਅਸਤੀਫ਼ਾ ਨਾਮਨਜ਼ੂਰ

-ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ‘ਤੇ ਮੁੜ ਬਹਾਲ ਨਹੀਂ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇੱਕ ਮੀਟਿੰਗ ਕਰਕੇ ਇਹ ਸਪੱਸ਼ਟ ਕਿਹਾ ਹੈ ਕਿ ਕਮੇਟੀ ਨੂੰ ਜਥੇਦਾਰ ਨੂੰ ਹਟਾਉਣ ਦਾ ਪੂਰਾ ਅਧਿਕਾਰ ਹੈ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮਾਨ ਨੇ ਐਕਟ 1925 ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸੰਸਥਾ ਜਥੇਦਾਰ ਨੂੰ ਅਹੁਦੇ ਤੋਂ ਹਟਾ ਸਕਦੀ ਹੈ। ਉਹਨਾਂ ਕਿਹਾ ਕਿ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਐਕਟ ਸਬੰਧੀ ਉਹ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣਗੇ। ਅੰਤਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਵੀ ਨਾ ਮਨਜ਼ੂਰ ਕਰ ਦਿੱਤਾ ਅਤੇ ਪ੍ਰਧਾਨ ਧਾਮੀ ਨੂੰ ਅਸਤੀਫ਼ੇ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਸਬੰਧੀ ਇੱਕ ਪੰਜ ਮੈਂਬਰੀ ਵਫ਼ਦ ਹਰਜਿੰਦਰ ਸਿੰਘ ਧਾਮੀ ਨੂੰ ਮਿਲੇਗਾ ਅਤੇ ਅਸਤੀਫ਼ੇ ‘ਤੇ ਮੁੜ ਵਿਚਾਰ ਕਰਨ ਲਈ ਕਹੇਗਾ। ਅੰਤ੍ਰਿੰਗ ਕਮੇਟੀ ਦੇ ਫੈਸਲੇ ਨੇ ਲੱਗਭੱਗ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਕਿਸੇ ਵੀ ਹਾਲਤ ਵਿੱਚ ਮੁੜ ਜਥੇਦਾਰੀ ਦੇ ਅਹੁਦੇ ‘ਤੇ ਬਹਾਲ ਨਹੀਂ ਕੀਤਾ ਜਾਵੇਗਾ। ਕਮੇਟੀ ਦੇ ਮੈਂਬਰਾਂ ਨੇ ਇਹ ਵੀ ਕਿਹਾ ਕਿ ਇਹ ਫੈਸਲਾ ਇਕੱਲੇ ਹਰਜਿੰਦਰ ਸਿੰਘ ਧਾਮੀ ਦਾ ਨਹੀਂ ਸਗੋਂ ਸਮੁੱਚੀ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਸੀ ਇਸ ਲਈ ਪ੍ਰਧਾਨ ਧਾਮੀ ਨੂੰ ਅਸਤੀਫ਼ਾ ਵਾਪਸ ਲੈਣ ਲਈ ਮਿਲਿਆ ਜਾਵੇਗਾ।

error: Content is protected !!