Gee 98News

ਡਾਕਟਰ ਅੰਬੇਡਕਰ ਦੇ ਬੁੱਤ ‘ਤੇ ਲਿਖੇ ਖਾਲਿਸਤਾਨੀ ਨਾਅਰੇ…ਪੰਜਾਬ ‘ਚੋਂ ਡਾਕਟਰ ਅੰਬੇਡਕਰ ਦੇ ਬੁੱਤ ਹਟਾਉਣ ਦੀ ਚਿਤਾਵਨੀ

ਪੰਜਾਬ ‘ਚ ਇੱਕ ਵਾਰ ਫੇਰ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਲਾਂਬੂ ਲਾਉਣ ਦੇ ਕਥਿਤ ਯਤਨ ਸਾਹਮਣੇ ਆਏ ਹਨ। ਫਿਲੌਰ ਦੇ ਨੇੜੇ ਪਿੰਡ ਨੰਗਲ ਵਿਖੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ। ਡਾਕਟਰ ਅੰਬੇਡਕਰ ਦੇ ਬੁੱਤ ‘ਤੇ ਇਹ ਖਾਲਿਸਤਾਨੀ ਨਾਅਰੇ ਲਿਖਣ ਦੀ ਜ਼ਿੰਮੇਵਾਰੀ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ। ਪਿੰਡ ਵਿੱਚ ਤਨਾਅ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਪੁਲਿਸ ਨੇ ਪਿੰਡ ਨੂੰ ਛਾਉਣੀ ਵਿੱਚ ਤਬਦੀਲ ਕੀਤਾ ਹੋਇਆ ਹੈ। ਪੁਲਿਸ ਨੇ ਡਾਕਟਰ ਅੰਬੇਡਕਰ ਦੇ ਬੁੱਤ ਤੋਂ ਖਾਲਿਸਤਾਨੀ ਨਾਅਰੇ ਮਿਟਾ ਦਿੱਤੇ ਹਨ। ਸਮੁੱਚੇ ਦਲਿਤ ਸਮਾਜ ਵਿੱਚ ਇਸ ਘਟਨਾ ਦੇ ਕਾਰਨ ਰੋਸ ਹੈ। ਇਸ ਸਬੰਧੀ ਇੱਕ ਵੀਡੀਓ ਵਾਇਰਲ ਕਰਕੇ ਗੁਰਪਤਵੰਤ ਸਿੰਘ ਪੰਨੂ ਨੇ ਐਸੀ ਸਮਾਜ ਨੂੰ ਕਿਹਾ ਹੈ ਕਿ ਉਹ 14 ਅਪ੍ਰੈਲ ਤੱਕ ਪੰਜਾਬ ‘ਚ ਡਾਕਟਰ ਅੰਬੇਡਕਰ ਦੇ ਬੁੱਤ ਹਟਾ ਦੇਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਬੁੱਤ ਲਗਾਉਣ, ਪੰਨੂ ਨੇ ਆਪਣੀ ਵੀਡੀਓ ਵਿੱਚ ਕਿਹਾ ਕਿ ਦਲਿਤਾਂ ਦਾ ਗੁਰੂ ਡਾਕਟਰ ਅੰਬੇਡਕਰ ਨਹੀਂ ਸਗੋਂ ਭਗਤ ਰਵਿਦਾਸ ਹੈ। ਦੂਜੇ ਪਾਸੇ ਦਲਿਤ ਸਮਾਜ ਨੇ ਪੰਜਾਬ ਸਰਕਾਰ ਨੂੰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ 3 ਅਪ੍ਰੈਲ ਤੱਕ ਦਾ ਸਮਾਂ ਦਿੰਦੇ ਹੋਏ ਚੇਤਾਵਨੀ ਦਿੱਤੀ ਹੈ ਕਿ ਜੇਕਰ ਦੋਸ਼ੀਆਂ ਨੂੰ ਤਿੰਨ ਅਪ੍ਰੈਲ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਤਾਂ ਦਲਿਤ ਸਮਾਜ ਵੱਲੋਂ ਵੱਡਾ ਐਕਸ਼ਨ ਕੀਤਾ ਜਾਵੇਗਾ। ਪੰਜਾਬ ਪੁਲਿਸ ਦੇ ਮੁਖੀ ਨੇ ਅਜਿਹੀਆਂ ਘਟਨਾਵਾਂ ਨੂੰ ਸੂਬੇ ਦੀ ਭਾਈਚਾਰਕ ਸਾਂਝ ਵਿੱਚ ਤਰੇੜਾਂ ਪਾਉਣ ਵਾਲੀ ਦੱਸਦੇ ਹੋਏ ਸਮਾਜ ਵਿਰੋਧੀ ਅਨਸਰਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

error: Content is protected !!