ਚੰਡੀਗੜ੍ਹ,27 ਸਤੰਬਰ, Gee98 news service-
-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਸਮੇਂ ਐਲਾਨੀ ਗਈ 1600 ਕਰੋੜ ਦੀ ਰਾਹਤ ਰਾਸ਼ੀ ‘ਤੇ ਸਿਆਸਤ ਭਖੀ ਹੋਈ ਹੈ। ਪੰਜਾਬ ਸਰਕਾਰ ਵੱਲੋਂ ਇਸ ਨੂੰ ਹੜ੍ਹ ਪੀੜ੍ਹਤਾਂ ਨਾਲ ਇੱਕ ਕੋਝਾ ਮਜ਼ਾਕ ਦੱਸਦੇ ਹੋਏ ਕੇਂਦਰ ਸਰਕਾਰ ‘ਤੇ ਵਿਤਕਰੇ ਦੇ ਦੋਸ਼ ਲਗਾਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਐਲਾਨੇ 1600 ਕਰੋੜ ਰੁਪਏ ਦੇ ਵਿੱਚੋਂ ਵੀ ਕੇਂਦਰ ਸਰਕਾਰ ਨੇ ਪੰਜਾਬ ਨੂੰ ਅਜੇ ਤੱਕ ਕੁਝ ਨਹੀਂ ਭੇਜਿਆ। ਦੂਜੇ ਪਾਸੇ ਕੇਂਦਰ ਸਰਕਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਐਲਾਨ ਕੀਤੀ 1600 ਕਰੋੜ ਦੀ ਰਾਹਤ ਰਾਸ਼ੀ ਪੰਜਾਬ ਸਰਕਾਰ ਨੂੰ ਦਿੱਤੀ ਹੀ ਨਹੀਂ ਜਾਵੇਗੀ। ਕੇਂਦਰੀ ਰਾਜ ਮੰਤਰੀ ਬੀਐਲ ਵਰਮਾ ਨੇ 1600 ਕਰੋੜ ਰੁਪਏ ਦੀ ਰਾਹਤ ਰਾਸ਼ੀ ਸਬੰਧੀ ਇੱਕ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਇਹ ਪੈਸਾ ਪੰਜਾਬ ਸਰਕਾਰ ਨੂੰ ਨਹੀਂ ਦਿੱਤਾ ਜਾਵੇਗਾ ਸਗੋਂ ਪੀੜਿਤ ਕਿਸਾਨਾਂ ਮਜ਼ਦੂਰਾਂ ਦੇ ਖ਼ਾਤੇ ਵਿੱਚ ਸਿੱਧੇ ਤੌਰ ‘ਤੇ ਪਾਇਆ ਜਾਵੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਗਿਰਦਾਵਰੀ ਦੇ ਕੰਮ ਤੋਂ ਬਾਅਦ ਹੋਏ ਨੁਕਸਾਨ ਦੀ ਰਿਪੋਰਟ ਦੇ ਆਧਾਰ ‘ਤੇ ਇਹ ਰਕਮ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ। ਕੇਂਦਰੀ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਪ੍ਰਧਾਨ ਮੰਤਰੀ ਵੱਲੋਂ ਐਲਾਨ ਕੀਤੀ 1600 ਕਰੋੜ ਦੀ ਰਾਹਤ ਰਾਸ਼ੀ ‘ਤੇ ਪੰਜਾਬ ਦੀ ਰਾਜਨੀਤੀ ਦਾ ਮਾਹੌਲ ਹੋਰ ਗਰਮ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਭਾਜਪਾ ਦੇ ਲੀਡਰ ਪਹਿਲਾਂ ਹੀ ਕੇਂਦਰ ਸਰਕਾਰ ਤੋਂ ਇਹ ਮੰਗ ਕਰ ਰਹੇ ਹਨ ਕਿ ਕੇਂਦਰ ਵੱਲੋਂ ਦਿੱਤੀ ਜਾਣ ਵਾਲੀ ਰਾਹਤ ਰਾਸ਼ੀ ਪੰਜਾਬ ਸਰਕਾਰ ਨੂੰ ਨਾ ਦਿੱਤੀ ਜਾਵੇ।










