Gee 98News

ਚੋਣ ਕਮਿਸ਼ਨ ਦੀ ਤਰਨਤਾਰਨ ਦੀ SSP ਖ਼ਿਲਾਫ਼ ਵੱਡੀ ਕਾਰਵਾਈ

ਚੰਡੀਗੜ੍ਹ,8 ਨਵੰਬਰ, Gee98 news service-

-ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਦੇ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਚੋਣ ਕਮਿਸ਼ਨ ਨੇ ਤਰਨਤਾਰਨ ਦੀ ਐਸਐਸਪੀ ਰਵਜੋਤ ਕੌਰ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਚੋਣ ਕਮਿਸ਼ਨ ਨੇ ਇਹ ਕਾਰਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਜਿਸ ਵਿੱਚ ਬਾਦਲ ਨੇ ਤਰਨਤਾਰਨ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਖ਼ਿਲਾਫ਼ ਬਦਲਾਖ਼ੋਰੀ ਨਾਲ ਕੀਤੀ ਕਾਰਵਾਈ ਦਾ ਜ਼ਿਕਰ ਕੀਤਾ ਸੀ। ‌ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਤਰਨਤਾਰਨ ਜ਼ਿਲ੍ਹੇ ਵਿੱਚ ਤਾਇਨਾਤ ਆਬਜ਼ਰਵਰਾਂ ਨੂੰ ਇੱਕ ਲਿਖਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਸਰਕਾਰ ਦੇ ਇਸ਼ਾਰੇ ‘ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਤਿੰਨ ਸਰਪੰਚਾਂ ਅਤੇ ਇੱਕ ਕੌਂਸਲਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਹੋਰ ਪੁਲਿਸ ਅਧਿਕਾਰੀਆਂ ‘ਤੇ ਵੀ ਅਕਾਲੀ ਵਰਕਰਾਂ ਨੂੰ ਧਮਕਾਉਣ ਦਾ ਦੋਸ਼ ਲਗਾਇਆ। ਸ਼੍ਰੋਮਣੀ ਅਕਾਲੀ ਦਲ ਨੇ ਪੁਲਿਸ ਦੀ ਧੱਕੇਸ਼ਾਹੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਸੀ। ਚੋਣ ਕਮਿਸ਼ਨ ਵੱਲੋਂ ਐਸਐਸਪੀ ਦੇ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ ਨੂੰ ਪੰਜਾਬ ‘ਚ ਵਿਰੋਧੀ ਧਿਰ ਦੇ ਆਗੂ ਸੱਤਾਧਾਰੀ ਪਾਰਟੀ ਦੇ ਮੂੰਹ ‘ਤੇ ਕਰਾਰੀ ਚਪੇੜ ਦੱਸ ਰਹੇ ਹਨ ਜਿਹੜੀ ਪੁਲਿਸ ਬਲ ਦੇ ਸਹਾਰੇ ਚੋਣ ਜਿੱਤਣਾ ਚਾਹੁੰਦੀ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਤਰਨਤਾਰਨ ਦੇ ਐਸਐਸਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

 

Gee98 Ads

 

error: Content is protected !!