ਚੰਡੀਗੜ੍ਹ ,17 ਨਵੰਬਰ , Gee98 News service
-ਪੰਜਾਬ ਯੂਨੀਵਰਸਿਟੀ ਵਿੱਚ 19 ਨਵੰਬਰ ਨੂੰ ਰੋਸ ਪ੍ਰਦਰਸ਼ਨ ਦੌਰਾਨ ਯੂਨੀਵਰਸਿਟੀ ਦੇ ਗੇਟ ਨੰਬਰ 1 ਨੂੰ ਤੋੜ ਕੇ ਜਬਰਦਸਤੀ ਅੰਦਰ ਦਾਖ਼ਲ ਹੋਣ ਦੇ ਦੋਸ਼ਾਂ ਤਹਿਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੋਂ ਇਲਾਵਾ ਕਈ ਵੱਖ ਵੱਖ ਜ਼ਿਲਿਆਂ ਤੋਂ ਆਏ ਵਿਦਿਆਰਥੀਆਂ ਅਤੇ ਕੁਝ ਜਥੇਬੰਦੀਆਂ ਦੇ ਆਗੂਆਂ ‘ਤੇ ਚੰਡੀਗੜ੍ਹ ਪੁਲਿਸ ਨੇ BNS 2023 ਦੀਆਂ ਵੱਖ-ਵੱਖ ਧਰਾਵਾਂ 221, 223, 191(2), 199, 115(2),121(1) ਤੇ 132 ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ‘ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ’ ਦੇ ਬੈਨਰ ਹੇਠ 10 ਨਵੰਬਰ ਨੂੰ ਸੈਨੇਟ ਦੀਆਂ ਚੋਣਾਂ ਦੀਆਂ ਤਰੀਕਾਂ ਐਲਾਨਣ ਦੀ ਮੰਗ ਲਈ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਚੰਡੀਗੜ੍ਹ ਪੁਲਿਸ ਦਾ ਦੋਸ਼ ਹੈ ਕਿ ਇਸ ਦੌਰਾਨ ਵਿਦਿਆਰਥੀਆਂ ਨੇ ਗੇਟ ਨੰਬਰ 1 ਤੋੜ ਕੇ ਜਬਰਦਸਤੀ ਯੂਨੀਵਰਸਿਟੀ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਡਿਊਟੀ ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨਾਲ ਧੱਕਾਮੁੱਕੀ ਅਤੇ ਹੱਥੋਂਪਾਈ ਕੀਤੀ। ਇਸ ਦੌਰਾਨ ਇਹ ਵੀ ਖ਼ਬਰ ਹੈ ਕਿ ਪੰਜਾਬ ਯੂਨੀਵਰਸਿਟੀ ਦੀਆਂ 18, 19 ਅਤੇ 20 ਨਵੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਵਿਦਿਆਰਥੀਆਂ ‘ਤੇ ਮੁਕੱਦਮਾ ਦਰਜ ਕਰਨ ਤੋਂ ਬਾਅਦ ਚੰਡੀਗੜ੍ਹ ਪੁਲਿਸ ਹੁਣ ਸੀਸੀਟੀਵੀ ਫੁਟੇਜ, ਵੀਡੀਓ ਅਤੇ ਹੋਰ ਫੋਟੋਆਂ ਦੇ ਆਧਾਰ ‘ਤੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਵਿਅਕਤੀਆਂ ਦੀ ਪਹਿਚਾਣ ਕਰ ਰਹੀ ਹੈ ਜਿਸ ਤੋਂ ਬਾਅਦ ਇਹਨਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ ਅਤੇ ਗ੍ਰਿਫ਼ਤਾਰੀ ਦੀ ਕਾਰਵਾਈ ਵੀ ਹੋ ਸਕਦੀ ਹੈ।










