ਚੰਡੀਗੜ੍ਹ ,10 ਦਸੰਬਰ, (ਨਿਰਮਲ ਸਿੰਘ ਪੰਡੋਰੀ)-
-ਪੰਜਾਬ ‘ਚ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਦੌਰਾਨ ਪਟਿਆਲਾ ਦੇ ਐਸਐਸਪੀ ਦੀ ਵਾਇਰਲ ਵੀਡੀਓ ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਅੱਜ ਸੁਣਵਾਈ ਦੌਰਾਨ ਪੰਜਾਬ ਦੇ ਚੋਣ ਕਮਿਸ਼ਨ ਵੱਲੋਂ ਹਾਈਕੋਰਟ ਵੱਲੋਂ ਮੰਗਿਆ ਜਵਾਬ ਦਾਅਵਾ ਦਾਇਰ ਕੀਤਾ ਜਾਵੇਗਾ। ਇਸ ਦੌਰਾਨ ਇਹ ਵੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੂੰ ਛੁੱਟੀ ‘ਤੇ ਭੇਜ ਦਿੱਤਾ ਗਿਆ ਹੈ। ਹੁਣ ਪਟਿਆਲਾ ਦੇ ਐਸਐਸਪੀ ਦਾ ਚਾਰਜ ਸੰਗਰੂਰ ਦੇ ਐਸਐਸਪੀ ਸਰਤਾਜ ਸਿੰਘ ਨੂੰ ਦਿੱਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਅੱਜ ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਦੀਆਂ ਸਖਤ ਟਿੱਪਣੀਆਂ ਤੇ ਝਿੜਕਾਂ ਤੋਂ ਬਚਣ ਲਈ ਪੰਜਾਬ ਸਰਕਾਰ ਵੱਲੋਂ ਵਾਇਰਲ ਆਡੀਓ ਦੇ ਮਾਮਲੇ ‘ਚ ਵਿਵਾਦਾਂ ਦਾ ਸਾਹਮਣਾ ਕਰ ਰਹੇ ਆਪਣੇ ਐਸਐਸਪੀ ਦੇ ਖ਼ਿਲਾਫ਼ ਇਹ ਛੋਟੀ ਜਿਹੀ ਕਾਰਵਾਈ ਕੀਤੀ ਗਈ ਹੈ। ਹਾਲਾਂਕਿ ਇਹ ਵੇਖਣਯੋਗ ਹੋਵੇਗਾ ਕਿ ਹਾਈਕੋਰਟ ਪੰਜਾਬ ਸਰਕਾਰ ਵੱਲੋਂ ਐਸਐਸਪੀ ਦੇ ਖ਼ਿਲਾਫ਼ ਕੀਤੀ ਕਾਰਵਾਈ ਨੂੰ ਕਿਸ ਨਜ਼ਰੀਏ ਨਾਲ ਵੇਖਦੀ ਹੈ। ਦੱਸ ਦੇਈਏ ਕਿ ਦੋ ਦਿਨ ਪਹਿਲਾਂ ਇਸ ਮਾਮਲੇ ‘ਤੇ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁੱਖ ਅਪਣਾਇਆ ਸੀ ਅਤੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਜਵਾਬ ਦਾਇਰ ਕਰਨ ਲਈ ਕਿਹਾ ਸੀ। ਅੱਜ ਇਸ ਮੁੱਦੇ ‘ਤੇ ਹਾਈ ਕੋਰਟ ਵਿੱਚ ਹੋਣ ਵਾਲੀ ਸੁਣਵਾਈ ‘ਤੇ ਸਭ ਦੀਆਂ ਨਜ਼ਰਾਂ ਟਿੱਕੀਆਂ ਰਹਿਣਗੀਆਂ। ਜ਼ਿਕਰਯੋਗ ਹੈ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਦੌਰਾਨ ਪਟਿਆਲਾ ਦੇ ਅਫ਼ਸਰਾਂ ਦੀ ਇੱਕ ਆਡੀਓ ਕਲਿੱਪ ਵਾਇਰਲ ਹੋਈ ਸੀ ਜਿਸ ਵਿੱਚ ਇਹ ਕਿਹਾ ਗਿਆ ਸੀ ਕਿ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਵਾਲੇ ਕੇਂਦਰਾਂ ਤੱਕ ਨਾ ਪੁੱਜਣ ਦਿੱਤਾ ਜਾਵੇ, ਇਹ ਆਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਤਰਥੱਲੀ ਮੱਚ ਗਈ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਆਡੀਓ ਨੂੰ ਵਾਇਰਲ ਕੀਤਾ ਸੀ। ਇਸ ਮਾਮਲੇ ਸਬੰਧੀ ਪੰਜਾਬ ਦੀਆਂ ਮੁੱਖ ਵਿਰੋਧੀ ਪਾਰਟੀਆਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਵੱਖ-ਵੱਖ ਪਟੀਸ਼ਨਾਂ ਵੀ ਦਾਇਰ ਕੀਤੀਆਂ ਹੋਈਆਂ ਹਨ, ਜਿਨਾਂ ਸਬੰਧੀ ਅੱਜ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਵੇਗੀ।








