ਚੰਡੀਗੜ੍ਹ,6 ਜਨਵਰੀ, Gee98 News service-
-ਸ੍ਰੀ ਅਕਾਲ ਤਖਤ ਸਾਹਿਬ ਨੇ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੂੰ 15 ਜਨਵਰੀ ਨੂੰ ਤਲਬ ਕੀਤਾ ਹੈ। ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੇ ਵੀ ਕਿਹਾ ਹੈ ਕਿ ਉਹ ਇੱਕ ਨਿਮਾਣੇ ਸਿੱਖ ਵਜੋਂ ਨੰਗੇ ਪੈਰੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ‘ਤੇ ਬਿਰਾਜਮਾਨ ਹੋਣ ਵਾਲੇ ਭਗਵੰਤ ਮਾਨ ਤੀਜੇ ਅਜਿਹੇ ਰਾਜਨੇਤਾ ਹਨ ਜਿਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਹੈ ਇਸ ਤੋਂ ਪਹਿਲਾਂ ਸੁਰਜੀਤ ਸਿੰਘ ਬਰਨਾਲਾ ਨੂੰ 80ਵੇਂ ਦੇ ਦਹਾਕੇ ਵਿੱਚ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਜਿਨਾਂ ਨੇ ਗਲੇ ਵਿੱਚ ਤਖ਼ਤੀ ਪਾ ਕੇ ਸ਼ਰਧਾਲੂਆਂ ਦੀਆਂ ਜੁੱਤੀਆਂ ਸਾਫ਼ ਕਰਨ ਦੀ ਸਜ਼ਾ ਪੂਰੀ ਕੀਤੀ ਸੀ। ਉਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਬੇਅਦਬੀ ਮਾਮਲਿਆਂ ਤੇ ਆਪਣੇ ਕਾਰਜਕਾਲ ਦੀਆਂ ਗ਼ਲਤੀਆਂ ਲਈ ਤਲਬ ਕੀਤਾ ਗਿਆ ਸੀ ਉਹਨਾਂ ਨੇ ਭਾਂਡੇ ਮਾਂਜਣ ਅਤੇ ਜੁੱਤੀਆਂ ਸਾਫ਼ ਕਰਨ ਦੀ ਸੇਵਾ ਨਿਭਾਈ ਸੀ। ਇਸ ਤੋਂ ਇਲਾਵਾ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੀ ਤਨਖਾਹੀਆ ਐਲਾਨਿਆ ਗਿਆ ਜਿਨਾਂ ਨੇ ਹਰਿਮੰਦਰ ਸਾਹਿਬ ਦੇ ਬਾਹਰ ਪਹਿਰਾ ਦੇ ਕੇ ਅਤੇ ਜੁੱਤੀਆਂ ਸਾਫ਼ ਕਰਕੇ ਕੇ ਆਪਣੀ ਸਜ਼ਾ ਭੁਗਤੀ ਸੀ। ਇਸੇ ਤਰ੍ਹਾਂ ਗਿਆਨੀ ਜ਼ੈਲ ਸਿੰਘ ਸਾਬਕਾ ਰਾਸ਼ਟਰਪਤੀ ਭਾਰਤ ਨੂੰ 1984 ਦੇ ਆਪਰੇਸ਼ਨ ਬਲੂ ਸਟਾਰ ਵੇਲੇ ਉਹਨਾਂ ਦੀ ਭੂਮਿਕਾ ਕਾਰਨ ਤਲਬ ਕੀਤਾ ਗਿਆ ਸੀ ਜਿਨਾਂ ਨੇ ਅਕਾਲ ਤਖ਼ਤ ਤੇ ਪੇਸ਼ ਹੋ ਕੇ ਮਾਫ਼ੀ ਮੰਗੀ ਅਤੇ ਸੇਵਾ ਕੀਤੀ।ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦੀ ਸਭ ਤੋਂ ਉੱਚੀ ਨਿਆਂਇਕ ਅਤੇ ਰਾਜਨੀਤਿਕ ਸੰਸਥਾ ਹੈ ਜਿਸ ਦੀ ਸਥਾਪਨਾ 1606 ਵਿੱਚ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਕੀਤੀ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਹੁਕਮਨਾਮੇ ਦੁਨੀਆਂ ਭਰ ਦੇ ਸਿੱਖਾਂ ਲਈ ਲਾਜ਼ਮੀ ਮੰਨੇ ਜਾਂਦੇ ਹਨ। ਇਤਿਹਾਸ ਗਵਾਹ ਹੈ ਕਿ ਕਈ ਸਕਤੀਸ਼ਾਲੀ ਸ਼ਾਸਕਾਂ ਤੇ ਨੇਤਾਵਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬ ਉੱਚਤਾ ਅੱਗੇ ਸਿਰ ਝੁਕਾਇਆ। ਮਹਾਰਾਜਾ ਰਣਜੀਤ ਸਿੰਘ ਨੂੰ ਵੀ ਮਰਿਆਦਾ ਦੀ ਉਲੰਘਣਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋੜੇ ਮਾਰਨ ਦੀ ਸਜ਼ਾ ਸੁਣਾਈ ਗਈ ਸੀ ਜਿਸ ਨੂੰ ਉਹਨਾਂ ਨੇ ਨਿਮਰਤਾ ਨਾਲ ਸਵੀਕਾਰ ਕੀਤਾ ਜਿਸ ਤੋਂ ਬਾਅਦ ਉਹਨਾਂ ਨੂੰ ਮਾਫ਼ ਕਰ ਦਿੱਤਾ ਗਿਆ। ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਿਖਾਉਣ ਅਤੇ ਗੁਰੂ ਕੀ ਗੋਲਕ ਬਾਰੇ ਵਿਵਾਦਿਤ ਬਿਆਨ ਦੇਣ ਦੇ ਕਾਰਨ ਤਲਬ ਕੀਤਾ ਗਿਆ ਹੈ। ਜੇਕਰ ਭਗਵੰਤ ਮਾਨ 15 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਆਪਣੇ ਆਪ ਨੂੰ ਬੇਕਸੂਰ ਸਾਬਤ ਨਹੀਂ ਕਰ ਸਕਦੇ ਤਾਂ ਉਹਨਾਂ ਨੂੰ ਧਾਰਮਿਕ ਸਜ਼ਾ ਲਗਾਈ ਜਾ ਸਕਦੀ ਹੈ। ਮੰਨਿਆ ਜਾਂਦਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਤਲਬ ਹੋਣਾ ਤੇ ਆਪਣੀ ਸਜ਼ਾ ਸਵੀਕਾਰ ਕਰਨੀ ਕਿਸੇ ਵਿਅਕਤੀ ਦਾ ਅਕਸ ਇੱਕ ਨੀਵੇਂ ਇਨਸਾਨ ਵਜੋਂ ਬਣਦਾ ਹੈ ਜੋ ਧਰਮ ਤੇ ਮਰਿਆਦਾ ਨੂੰ ਸਭ ਤੋਂ ਉੱਪਰ ਰੱਖਦਾ ਹੈ।










