ਬਰਨਾਲਾ 21 ਜਨਵਰੀ, (ਨਿਰਮਲ ਸਿੰਘ ਪੰਡੋਰੀ)-
-ਪੰਜਾਬ ਪੁਲਿਸ ਦਾ ਗੈਂਗਸਟਰਾਂ ਦੇ ਖ਼ਿਲਾਫ਼ “ਮਿਸ਼ਨ ਪ੍ਰਹਾਰ” ਜਾਰੀ ਹੈ, ਜਿਸ ਤਹਿਤ ਪੁਲਿਸ ਨੇ ਸੂਬਾ ਭਰ ਵਿੱਚ ਵੱਡੀ ਪੱਧਰ ‘ਤੇ ਵੱਖ ਵੱਖ ਟੀਮਾਂ ਦਾ ਗਠਨ ਕਰਕੇ ਗੈਂਗਸਟਰ ਨੈੱਟਵਰਕ ਨਾਲ ਜੁੜੇ ਹਰ ਮਾੜੇ ਅਨਸਰ ਨੂੰ ਕਾਬੂ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਛਾਪਾਮਾਰੀ ਕੀਤੀ। ਇਸੇ ਮਿਸ਼ਨ ਤਹਿਤ ਬਰਨਾਲਾ ਜ਼ਿਲ੍ਹੇ ਵਿੱਚ ਵੀ ਐਸਐਸਪੀ ਸ੍ਰੀ ਮੁਹੰਮਦ ਸਰਫਰਾਜ ਆਲਮ ਦੀ ਅਗਵਾਈ ਹੇਠ ਬਰਨਾਲਾ ਪੁਲਿਸ ਨੇ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਬੀਤੇ ਕੱਲ੍ਹ ਤੋਂ ਦਿਨ ਚੜਦਿਆਂ ਹੀ ਸ਼ੱਕੀ ਟਿਕਾਣਿਆਂ ਅਤੇ ਵਿਅਕਤੀਆਂ ‘ਤੇ ਛਾਪਾਮਾਰੀ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਥਾਨਕ ਗੁਰੂ ਰਵਿਦਾਸ ਚੌਂਕ ਵਿੱਚ ਇੱਕ ਵਿਸ਼ੇਸ਼ ਨਾਕੇ ‘ਤੇ ਗੱਲਬਾਤ ਕਰਦੇ ਹੋਏ ਐਸਐਸਪੀ ਸ੍ਰੀ ਮੁਹੰਮਦ ਸਰਫਰਾਜ ਆਲਮ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੂਬੇ ‘ਚੋਂ ਗੈਂਗਸਟਰਵਾਦ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੇ ਇਸ ਵਿਸ਼ੇਸ਼ ਮਿਸ਼ਨ ਤਹਿਤ ਬਰਨਾਲਾ ਪੁਲਿਸ ਵੱਲੋਂ ਕਰੀਬ 350 ਪੁਲਿਸ ਅਫਸਰਾਂ ਤੇ ਮੁਲਾਜ਼ਮਾਂ ‘ਤੇ ਅਧਾਰਿਤ 30 ਵੱਖ-ਵੱਖ ਪਾਰਟੀਆਂ ਦਾ ਗਠਨ ਕਰਕੇ ਵੱਖ ਵੱਖ ਥਾਵਾਂ ‘ਤੇ ਛਾਪਾਮਾਰੀ ਕੀਤੀ ਗਈ ਅਤੇ ਹੁਣ ਤੱਕ 43 ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਤਿੰਨ 32 ਬੋਰ ਦੇ ਪਿਸਤੌਲ ਵੀ ਬਰਾਮਦ ਕੀਤੇ ਗਏ। ਐਸਐਸਪੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਕੁਝ ਹੋਰ ਵੀ ਰਿਕਵਰੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਜਿਹੜਾ ਵੀ ਵਿਅਕਤੀ ਸਿੱਧੇ ਤੌਰ ‘ਤੇ ਗੈਂਗਸਟਰਵਾਦ ਨਾਲ ਜੁੜਿਆ ਹੈ ਜਾਂ ਪਨਾਹ ਦਿੰਦਾ ਹੈ ਜਾਂ ਵਿੱਤੀ ਸਹਾਇਤਾ ਦਿੰਦਾ ਹੈ ਜਾਂ ਕਿਸੇ ਵੀ ਤਰੀਕੇ ਨਾਲ ਕਾਨੂੰਨ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਿਲ ਹੈ, ਉਸ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇਗੀ। ਐਸਐਸਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਵਿਅਕਤੀਆਂ ਦੀ ਪੂਰੀ ਬਰੀਕੀ ਨਾਲ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਜਿਸ ਵਿਅਕਤੀ ਦਾ ਮਾੜੀਆਂ ਗਤੀਵਿਧੀਆਂ ਨਾਲ ਕੋਈ ਸਬੰਧ ਜ਼ਾਹਿਰ ਵੀ ਨਹੀਂ ਹੁੰਦਾ ਉਸ ਨੂੰ ਛੱਡਿਆ ਵੀ ਜਾ ਰਿਹਾ ਹੈ। ਐਸਐਸਪੀ ਨੇ ਮਾੜੇ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦਾ ਮਿਸ਼ਨ ਹੈ ਕਿ ਪੰਜਾਬ ‘ਚੋਂ ਅਪਰਾਧ ਦਾ ਪੂਰੀ ਤਰ੍ਹਾਂ ਖਾਤਮਾ ਕਰਨ ਲਈ ਗੈਂਗਸਟਰਵਾਦ ਨਾਲ ਸਿੱਧੇ ਜਾਂ ਅਸਿੱਧੇ ਤੌਰ ‘ਤੇ ਜੁੜੇ ਹਰ ਵਿਅਕਤੀ ਨੂੰ ਕਾਬੂ ਕੀਤਾ ਜਾਵੇਗਾ। ਐਸਐਸਪੀ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿੱਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ ਹੈ। ਉਨਾਂ ਮਾੜੇ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਜਾਂ ਤਾਂ ਮਾੜੇ ਕੰਮ ਛੱਡ ਦੇਵੋ ਜਾਂ ਫਿਰ ਬਰਨਾਲਾ ਜ਼ਿਲ੍ਹਾ ਛੱਡ ਦੇਵੋ। ਐਸਐਸਪੀ ਸ੍ਰੀ ਮੁਹੰਮਦ ਸਰਫਰਾਜ ਆਲਮ ਨੇ ਕਿਹਾ ਕਿ ਪੁਲਿਸ ਦੀ ਮਾੜੇ ਅਨਸਰਾਂ ਦੇ ਖ਼ਿਲਾਫ਼ ਇਹ ਜੰਗ ਜਾਰੀ ਰਹੇਗੀ ਜਦੋਂ ਤੱਕ ਸਮਾਜ ਅਤੇ ਕਾਨੂੰਨ ਵਿਰੋਧੀ ਅਨਸਰਾਂ ਦਾ ਪੂਰੀ ਤਰ੍ਹਾਂ ਖ਼ਾਤਮਾ ਨਹੀਂ ਹੋ ਜਾਂਦਾ। ਐਸਐਸਪੀ ਨੇ ਕਿਹਾ ਕਿ ਬਰਨਾਲਾ ਪੁਲਿਸ ਜਿਲ੍ਹੇ ਦੇ ਲੋਕਾਂ ਦੇ ਕਾਰੋਬਾਰ, ਵਪਾਰ ਅਤੇ ਸੁਰੱਖਿਅਤ ਜ਼ਿੰਦਗੀ ਲਈ ਹਮੇਸ਼ਾ ਵਚਨਬੱਧ ਹੈ।










