ਬਰਨਾਲਾ ,23 ਜਨਵਰੀ (ਨਿਰਮਲ ਸਿੰਘ ਪੰਡੋਰੀ)-
-ਪਿੰਡ ਠੀਕਰੀਵਾਲਾ ਵਿਖੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਦੀ ਬਰਸੀ ਸਮਾਗਮਾਂ ਦੌਰਾਨ ਗੁਟਕਾ ਸਾਹਿਬ ਦੇ ਅੰਗਾਂ ਦੀ ਹੋਈ ਬੇਅਦਬੀ ਸਬੰਧੀ ਬਰਨਾਲਾ ਪੁਲਿਸ ਨੂੰ ਅਹਿਮ ਸੁਰਾਗ ਮਿਲੇ ਹਨ। ਇਸ ਮਾਮਲੇ ਸੰਬੰਧੀ ਸਤਬੀਰ ਸਿੰਘ ਬੈਂਸ ਡੀਐਸਪੀ ਨੇ ਮੀਡੀਆ ਲਈ ਜਾਰੀ ਇੱਕ ਵੀਡੀਓ ਕਲਿੱਪ ਰਾਹੀਂ ਦੱਸਿਆ ਕਿ ਉਕਤ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨਾਂ ਦੇ ਖ਼ਿਲਾਫ਼ ਥਾਣਾ ਸਦਰ ਬਰਨਾਲਾ ਵਿਖੇ ਮੁਕੱਦਮਾ ਨੰਬਰ 13, ਬੀਐਨਐਸ ਐਕਟ ਦੀ ਧਾਰਾ 299,3(5) ਤਹਿਤ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਉਕਤ ਦੋਵੇਂ ਵਿਅਕਤੀਆਂ ਤੋਂ ਹੁਣ ਤੱਕ ਕੀਤੀ ਪੁੱਛਗਿੱਛ ਦੇ ਆਧਾਰ ‘ਤੇ ਬੇਅਦਬੀ ਦੀ ਇਸ ਘਟਨਾ ਦੇ ਪਿੱਛੇ ਜੁੜੀ ਸਾਜਿਸ਼ ਨਾਲ ਸਬੰਧਿਤ ਕੁਝ ਅਹਿਮ ਸੁਰਾਗ ਮਿਲੇ ਹਨ ਜਿਨਾਂ ਦਾ ਜਲਦੀ ਹੀ ਪਰਦਾਫਾਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਸਬੰਧੀ ਹੋਰ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾਣਗੀਆਂ। ਡੀਐਸਪੀ ਬੈਂਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਜਗਦੀਪ ਸਿੰਘ ਵਾਸੀ ਠੀਕਰੀਵਾਲ ਅਤੇ ਰਣਦੀਪ ਸਿੰਘ ਵਾਸੀ ਪਿੰਡ ਸੁਲਤਾਨਪੁਰ ਜ਼ਿਲ੍ਹਾ ਸੰਗਰੂਰ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਐਸਐਸਪੀ ਮੁਹੰਮਦ ਸਰਫ਼ਰਾਜ਼ ਆਲਮ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਇਸ ਦੀ ਪੜ੍ਹਤਾਲ ਲਈ ਵੱਖ ਵੱਖ ਟੀਮਾਂ ਦਾ ਗਠਨ ਵੀ ਕੀਤਾ ਹੈ, ਜੋ ਇਸ ਮਾਮਲੇ ਨਾਲ ਜੁੜੇ ਵੱਖ ਵੱਖ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ।
ਫੋਟੋ ਕੈਪਸ਼ਨ-ਜਾਣਕਾਰੀ ਦਿੰਦੇ ਹੋਏ ਡੀਐਸਪੀ ਸਤਬੀਰ ਸਿੰਘ ਬੈਂਸ










