Gee 98News

ਬਰਨਾਲਾ 24 ਫਰਵਰੀ (ਨਿਰਮਲ ਸਿੰਘ ਪੰਡੋਰੀ)-

-ਜ਼ਿਲ੍ਹੇ ਦੇ ਪਿੰਡ ਰਾਜਗੜ੍ਹ ਦੇ ਵਸਨੀਕ ਕਿਸਾਨ ਆਗੂ ਯਾਦਵਿੰਦਰ ਸਿੰਘ ਦੇ ਜ਼ਮੀਨੀ ਰਿਕਾਰਡ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਰਿਕਾਰਡ ਵਿੱਚ ਹੋਈ ਛੇੜਛਾੜ ਠੀਕ ਨਾ ਕਰਨ ਦੀ ਸੂਰਤ ਵਿੱਚ ਸੰਘਰਸ਼ ਦੀ ਚੇਤਾਵਨੀ ਦਿੱਤੀ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਅਗਵਾਈ ਹੇਠ ਇਸ ਮਾਮਲੇ ਵਿੱਚ ਇੱਕ ਵਫ਼ਦ ਡਿਪਟੀ ਕਮਿਸ਼ਨਰ ਸਰਦਾਰ ਹਰਪ੍ਰੀਤ ਸਿੰਘ ਨੂੰ ਮਿਲਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸੀਰਾ ਛੀਨੀਵਾਲ ਨੇ ਦੱਸਿਆ ਕਿ ਯਾਦ ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਚੇਅਰਮੈਨ ਯਾਦਵਿੰਦਰ ਸਿੰਘ ਰਾਜਗੜ੍ਹ ਦੇ ਜ਼ਮੀਨੀ ਰਿਕਾਰਡ ਵਿੱਚ ਸਾਜਿਸ਼ ਤਹਿਤ ਛੇੜਛਾੜ ਕੀਤੀ ਗਈ ਹੈ ਉਹਨਾਂ ਦੱਸਿਆ ਕਿ ਇੰਤਕਾਲ ਨੰਬਰ 2755 ਪਿੰਡ ਰਾਜਗੜ੍ਹ ਤਹਿਸੀਲ ਧਨੌਲਾ (ਬਰਨਾਲਾ) ਪਹਿਲਾਂ ਕਾਨੂੰਨੀ ਤੌਰ ‘ਤੇ ਮਨਜ਼ੂਰ ਕੀਤਾ ਗਿਆ ਸੀ ਪਰੰਤੂ ਬਾਅਦ ਵਿੱਚ ਵਿਭਾਗੀ ਪੱਧਰ ‘ਤੇ ਗੰਭੀਰ ਸਾਜ਼ਿਸ਼ ਤਹਿਤ ਇਸ ਨੂੰ ਗ਼ੈਰਕਾਨੂੰਨੀ ਅਤੇ ਬਿਨਾਂ ਢੁਕਵੇਂ ਕਾਰਨ ਮੁਤਨਾਜਾ ਦਰਜ ਕਰ ਦਿੱਤਾ ਗਿਆ। ਵਫ਼ਦ ਨੇ ਡਿਪਟੀ ਕਮਿਸ਼ਨਰ ਬਰਨਾਲਾ ਪਾਸੋਂ ਮੰਗ ਕੀਤੀ ਕਿ ਜ਼ਿਲ੍ਹਾ ਚੇਅਰਮੈਨ ਯਾਦਵਿੰਦਰ ਸਿੰਘ ਰਾਜਗੜ੍ਹ ਦੇ ਜ਼ਮੀਨੀ ਰਿਕਾਰਡ ਸਬੰਧੀ ਇੰਤਕਾਲ ਨੂੰ ਕਾਨੂੰਨ ਅਨੁਸਾਰ ਦਰੁਸਤ ਕੀਤਾ ਜਾਵੇ । ਜੋ ਅਧਿਕਾਰੀ ਇਸ ਅਪਰਾਧ ਵਿੱਚ ਸ਼ਾਮਿਲ ਹਨ ਉਨ੍ਹਾਂ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਇਸ ਸਾਰੀ ਸਾਜ਼ਿਸ਼ ਵਿੱਚ ਦੋਸ਼ੀ ਪਾਏ ਗਏ ਅਧਿਕਾਰੀਆਂ ਖ਼ਿਲਾਫ਼ FIR ਦਰਜ ਕੀਤੀ ਜਾਵੇ । ਉਹਨਾਂ ਕਿਹਾ ਕਿ ਜੇਕਰ ਚੇਅਰਮੈਨ ਯਾਦਵਿੰਦਰ ਸਿੰਘ ਰਾਜਗੜ੍ਹ ਨੂੰ ਇਨਸਾਫ਼ ਨਾ ਦਿੱਤਾ ਗਿਆ ਤਾਂ ਜਥੇਬੰਦੀ ਵੱਲੋਂ ਡੀਸੀ ਕੰਪਲੈਕਸ ਬਰਨਾਲਾ ਅੱਗੇ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ । ਇਸ ਮੌਕੇ ਜ਼ਿਲ੍ਹਾ ਚੇਅਰਮੈਨ ਯਾਦਵਿੰਦਰ ਸਿੰਘ ਰਾਜਗੜ੍ਹ, ਬਲਾਕ ਪ੍ਰਧਾਨ ਜਸਵੀਰ ਸਿੰਘ ਕਾਲੇਕੇ, ਅਜੈਬ ਸਿੰਘ ਰਾਜਗੜ੍ਹ, ਸਿੰਗਾਰਾ ਸਿੰਘ ਰਾਜਗੜ੍ਹ, ਅਜੈਬ ਸਿੰਘ ਰਾਜਗੜ੍ਹ, ਗੁਰਚਰਨ ਸਿੰਘ ਆਦਿ ਹਾਜ਼ਰ ਸਨ ।

Leave a Reply

Your email address will not be published. Required fields are marked *

error: Content is protected !!