ਮਹਿਲ ਕਲਾਂ, 21 ਮਾਰਚ ( ਜਸਵੰਤ ਸਿੰਘ ਲਾਲੀ)-
ਪਿੰਡ ਕਿਰਪਾਲ ਸਿੰਘ ਵਾਲਾ ਤੋਂ ਧਨੇਰ ਜਾਂਦੀ ਲਿੰਕ ਸੜਕ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਗਰੀਬ ਮਜ਼ਦੂਰ ਪਰਿਵਾਰ ਦੇ 10 ਸਾਲਾ ਮਾਸੂਮ ਰਾਜਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਮਾਤਾ ਅਤੇ ਵੱਡਾ ਭਰਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਮੌਕੇ ਸਮਾਜ ਸੇਵੀ ਧਰਮਪਾਲ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸੰਦੀਪ ਕੌਰ ਪਤਨੀ ਜਸਵਿੰਦਰ ਸਿੰਘ ਰਾਣਾ ਵਾਸੀ ਪਿੰਡ ਕਿਰਪਾਲ ਸਿੰਘ ਵਾਲਾ ਆਪਣੇ ਦੋ ਬੱਚਿਆਂ ਮਨਜਿੰਦਰ ਸਿੰਘ (12 ਸਾਲ) ਅਤੇ ਰਾਜਵਿੰਦਰ ਸਿੰਘ (10 ਸਾਲ) ਨਾਲ ਸਕੂਟਰੀ ‘ਤੇ ਸਵਾਰ ਹੋ ਕੇ ਆਪਣੇ ਪੇਕੇ ਪਿੰਡ ਬੁਰਜ ਰਾਜਗੜ੍ਹ ਜਾ ਰਹੀ ਸੀ। ਜਦੋਂ ਉਹ ਪਿੰਡ ਕਿਰਪਾਲ ਸਿੰਘ ਵਾਲਾ ਤੋਂ ਧਨੇਰ ਨੂੰ ਜਾਂਦੀ ਲਿੰਕ ਸੜਕ ‘ਤੇ ਪਿੰਡ ਧਨੇਰ ਨੇੜੇ ਪਹੁੰਚੇ ਤਾਂ ਰੇਤੇ ਨਾਲ ਭਰੀ ਇੱਕ ਟਰੈਕਟਰ ਟਰਾਲੀ ਨੇ ਉਨ੍ਹਾਂ ਦੀ ਸਕੂਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਰਾਜਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਮਾਤਾ ਸੰਦੀਪ ਕੌਰ ਅਤੇ ਭਰਾ ਮਨਜਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕ ਤੁਰੰਤ ਮਦਦ ਲਈ ਮੌਕੇ ‘ਤੇ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਦੇ ਸਹਿਯੋਗ ਨਾਲ ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ। ਮਨਜਿੰਦਰ ਸਿੰਘ ਨੂੰ ਰਾਏਕੋਟ ਦੇ ਹਸਪਤਾਲ਼ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਦਕਿ ਦਲਜੀਤ ਕੌਰ ਦਾ ਇਲਾਜ ਜਾਰੀ ਹੈ। ਧਰਮਪਾਲ ਸਿੰਘ ਨੇ ਦੱਸਿਆ ਕਿ ਇਹ ਪਰਿਵਾਰ ਮਿਹਨਤ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਘਟਨਾ ਸਬੰਧੀ ਥਾਣਾ ਮਹਿਲ ਕਲਾਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਰਾਜਵਿੰਦਰ ਸਿੰਘ ਚੌਥੀ ਜਮਾਤ ਦਾ ਵਿਦਿਆਰਥੀ ਸੀ। ਇਸ ਸੰਬੰਧੀ ਗੱਲਬਾਤ ਕਰਦਿਆਂ ਥਾਣਾ ਮਹਿਲਕਲਾਂ ਦੇ ਏਐਸਆਈ ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦੇ ਆ ਦੱਸਿਆ ਕਿ ਮ੍ਰਿਤਕ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਫੋਟੋ ਕੈਪਸ਼ਨ-ਮ੍ਰਿਤਕ ਬੱਚੇ ਦੀ ਫਾਈਲ ਫੋਟੋ









