ਚੰਡੀਗੜ੍ਹ, 17 ਅਪ੍ਰੈਲ, ( Gee98 news service)-
ਪੰਜਾਬ ਵਿਜੀਲੈਂਸ ਬਿਊਰੋ ਨੇ ਦਸਵੀਂ ਪਾਸ ਇੱਕ ਵਿਦਿਆਰਥੀ ਨੂੰ ਉਸਦਾ ਸਰਟੀਫਿਕੇਟ ਦੇਣ ਬਦਲੇ ਰਿਸ਼ਵਤ ਲੈਣ ਵਾਲੇ ਪ੍ਰਿੰਸੀਪਲ ਨੂੰ ਰੰਗੇ ਹੱਥੀਂ ਦਬੋਚਿਆ। ਵਿਜੀਲੈਂਸ ਦੇ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ
ਕੈਂਪ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅਜੀਤਸਰ ਮੋਹੀ ਜ਼ਿਲ੍ਹਾ ਲੁਧਿਆਣਾ (ਸਰਕਾਰੀ ਸਹਾਇਤਾ ਪ੍ਰਾਪਤ) ਵਿਖੇ ਤਾਇਨਾਤ ਪ੍ਰਿੰਸੀਪਲ ਗੁਰਮੀਤ ਸਿੰਘ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਮੋਹੀ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਕੋਵਿਡ ਦੇ ਸਮੇਂ ਦੌਰਾਨ 10ਵੀਂ ਜਮਾਤ ਪਾਸ ਕੀਤੀ ਸੀ ਅਤੇ ਉਸਨੂੰ ਅਜੇ ਤੱਕ 10ਵੀਂ ਜਮਾਤ ਪਾਸਿੰਗ ਸਰਟੀਫਿਕੇਟ ਨਹੀਂ ਮਿਲਿਆ ਸੀ। ਉਸਨੇ ਡੁਪਲੀਕੇਟ ਸਰਟੀਫਿਕੇਟ ਲਈ ਵੀ ਆਨਲਾਈਨ ਅਰਜ਼ੀ ਦਿੱਤੀ ਸੀ ਪਰ ਉਸਨੂੰ ਉਹ ਵੀ ਨਹੀਂ ਮਿਲਿਆ। ਇਸ ਤੋਂ ਬਾਅਦ ਉਸਨੇ ਆਪਣਾ ਮੈਟ੍ਰਿਕ ਸਰਟੀਫਿਕੇਟ ਲੈਣ ਲਈ ਆਪਣੇ ਸਕੂਲ ਦੇ ਪ੍ਰਿੰਸੀਪਲ ਕੋਲ ਪਹੁੰਚ ਕੀਤੀ। ਇਸ ਸਬੰਧ ਵਿੱਚ ਉਕਤ ਮੁਲਜ਼ਮ ਪ੍ਰਿੰਸੀਪਲ ਨੇ ਉਸ ਤੋਂ 15800 ਰੁਪਏ ਰਿਸ਼ਵਤ ਮੰਗੀ ਅਤੇ ਮੌਕੇ ‘ਤੇ ਹੀ ਉਸਤੋਂ 10,000 ਰੁਪਏ ਰਿਸ਼ਵਤ ਲੈ ਵੀ ਲਈ। ਦੱਸਣਯੋਗ ਹੈ ਕਿ ਡੁਪਲੀਕੇਟ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਰਕਾਰੀ ਫੀਸ 900 ਰੁਪਏ ਅਤੇ ਤਤਕਾਲ ਸਰਕਾਰੀ ਫੀਸ 2000 ਰੁਪਏ ਹੈ। ਬੁਲਾਰੇ ਨੇ ਦੱਸਿਆ ਕਿ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪ੍ਰਿੰਸੀਪਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।










