Skip to main content

Gee 98News

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਚੰਡੀਗੜ੍ਹ,27 ਅਪ੍ਰੈਲ, Gee98 news service-

ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸੱਤ ਰਾਜ ਸਭਾ ਮੈਂਬਰ ਕਾਨੂੰਨੀ ਤੌਰ ‘ਤੇ ਵੀ ਭਾਜਪਾ ਦਾ ਹਿੱਸਾ ਬਣ ਗਏ ਹਨ। ਭਾਵ ਕਿ ਰਾਜ ਸਭਾ ਦੇ ਚੇਅਰਮੈਨ ਸੀ ਪੀ ਰਾਧਾਕ੍ਰਿਸ਼ਨਨ ਨੇ ਸੋਮਵਾਰ ਆਮ ਆਦਮੀ ਪਾਰਟੀ ਦੇ ਸੱਤ ਮੈਂਬਰਾਂ ਦੇ ਭਾਜਪਾ ਵਿੱਚ ਰਲੇਵੇਂ ਨੂੰ ਅਧਿਕਾਰਿਤ ਤੌਰ ‘ਤੇ ਸਵੀਕਾਰ ਕਰ ਲਿਆ ਹੈ। ਰਾਜਸਭਾ ਦੇ ਚੇਅਰਮੈਨ ਦੇ ਇਸ ਫੈਸਲੇ ਤੋਂ ਬਾਅਦ ਰਾਘਵ ਚੱਢਾ, ਅਸ਼ੋਕ ਮਿੱਤਲ, ਹਰਭਜਨ ਸਿੰਘ, ਸੰਦੀਪ ਪਾਠਕ, ਵਿਕਰਮਜੀਤ ਸਾਹਨੀ, ਸਵਾਤੀ ਮਾਲੀਵਾਲ ਅਤੇ ਰਾਜਿੰਦਰ ਗੁਪਤਾ ਰਾਜ ਸਭਾ ਦੇ ਰਿਕਾਰਡ ਅਨੁਸਾਰ ਹੁਣ ਰਾਜ ਸਭਾ ਵਿੱਚ ਭਾਜਪਾ ਦਾ ਹਿੱਸਾ ਹਨ। ਰਾਜ ਸਭਾ ਵਿੱਚ ਹੁਣ ਆਮ ਆਦਮੀ ਪਾਰਟੀ ਦੀ ਤਾਕਤ ਘੱਟ ਕੇ ਤਿੰਨ ਮੈਂਬਰੀ ਰਹਿ ਗਈ ਜਦਕਿ ਉਪਰਲੇ ਸਦਨ ਵਿੱਚ ਭਾਜਪਾ ਦੀ ਤਾਕਤ ਵੱਧ ਕੇ 113 ਹੋ ਗਈ ਹੈ। ਸੂਤਰਾਂ ਨੇ ਦੱਸਿਆ ਕਿ ਸੱਤ ਸੰਸਦ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਚੇਅਰਮੈਨ ਨੂੰ ਰਲੇਵੇਂ ਤੋਂ ਬਾਅਦ ਭਾਜਪਾ ਸੰਸਦ ਮੈਂਬਰਾਂ ਵਾਂਗ ਵਿਵਹਾਰ ਕਰਨ ਦੀ ਬੇਨਤੀ ਕੀਤੀ ਸੀ ਅਤੇ ਇਸ ਨੂੰ ਸਵੀਕਾਰ ਕਰ ਲਿਆ ਗਿਆ ਹੈ। ਦੂਜੇ ਪਾਸੇ ‘ਆਪ’ ਨੇ ਐਤਵਾਰ ਨੂੰ ਰਾਜ ਸਭਾ ਚੇਅਰਮੈਨ ਦੇ ਸਾਹਮਣੇ ਇੱਕ ਪਟੀਸ਼ਨ ਦਾਇਰ ਕੀਤੀ ਸੀ ਜਿਸ ਵਿੱਚ ਉਨ੍ਹਾਂ ਸੱਤ ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਖਤਮ ਕਰਨ ਦੀ ਮੰਗ ਕੀਤੀ ਗਈ ਸੀ, ਜਿਨ੍ਹਾਂ ਨੇ ਪੱਖ ਬਦਲ ਲਿਆ ਸੀ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਚੇਅਰਮੈਨ ਰਾਧਾਕ੍ਰਿਸ਼ਨਨ ਨੂੰ ਇੱਕ ਪਟੀਸ਼ਨ ਸੌਂਪੀ ਹੈ ਜਿਸ ਵਿੱਚ ਉਨ੍ਹਾਂ ਸੱਤ ਪਾਰਟੀ ਸੰਸਦ ਮੈਂਬਰਾਂ ਨੂੰ ਅਯੋਗ ਠਹਿਰਾਉਣ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਨੇ ਹਾਲ ਹੀ ਵਿੱਚ ‘ਆਪ’ ਛੱਡ ਦਿੱਤੀ ਹੈ ਅਤੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਰਾਜ ਸਭਾ ਦੇ ਚੇਅਰਮੈਨ ਵੱਲੋਂ ਇਹਨਾਂ ਸੱਤ ਮੈਂਬਰਾਂ ਦੇ ਭਾਜਪਾ ‘ਚ ਰਲੇਵੇਂ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਪਟੀਸ਼ਨ ਦਾ ਕੋਈ ਆਧਾਰ ਨਹੀਂ ਰਹਿ ਜਾਂਦਾ।

error: Content is protected !!