ਚੰਡੀਗੜ੍ਹ ,7 ਮਈ, Gee98 News service-
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਦੱਸ ਦੇਈਏ ਕਿ ਬੀਤੇ ਕੱਲ੍ਹ ਪੰਜਾਬ ਦੇ ਜਲੰਧਰ ਅਤੇ ਅੰਮ੍ਰਿਤਸਰ ਹੋਏ ਬੰਬ ਧਮਾਕਿਆਂ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਸਿੱਧੇ ਤੌਰ ‘ਤੇ ਭਾਜਪਾ ਦਾ ਨਾਮ ਲੈਂਦੇ ਹੋਏ ਕਿਹਾ ਸੀ ਕਿ ਇਹ ਧਮਾਕੇ ਭਾਜਪਾ ਨੇ ਕਰਵਾਏ ਹਨ ਕਿਉਂਕਿ ਇਹ ਭਾਜਪਾ ਦਾ ਚੋਣ ਸਟਾਈਲ ਹੈ ਅਤੇ ਉਹ ਚੋਣਾਂ ਤੋਂ ਪਹਿਲਾਂ ਇਸ ਤਰ੍ਹਾਂ ਦੇ ਧਮਾਕੇ ਕਰਵਾਉਂਦੀ ਹੈ। ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਭਾਜਪਾ ਦੇ ਰਾਸ਼ਟਰੀ ਸਕੱਤਰ ਤਰੁਣ ਚੁੱਘ ਨੇ ਮੁੱਖ ਮੰਤਰੀ ਨੂੰ ਇੱਕ ਮਾਣਹਾਨੀ ਨੋਟਿਸ ਭੇਜਿਆ ਅਤੇ 7 ਦਿਨਾਂ ਦੇ ਵਿੱਚ ਮਾਫ਼ੀ ਮੰਗਣ ਲਈ ਕਿਹਾ ਅਤੇ ਨਾਲ ਹੀ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਮੁੱਖ ਮੰਤਰੀ ਦਾ ਬਿਆਨ ਹਟਾਉਣ ਲਈ ਵੀ ਦੀ ਮੰਗ ਕੀਤੀ ਹੈ। ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਅਣਉਚਿਤ ਅਤੇ ਅਪਰਾਧਿਕ ਮਾਨਸਿਕਤਾ ਵਾਲਾ ਹੈ। ਉਹਨਾਂ ਕਿਹਾ ਕਿ ਅਪਰਾਧੀਆਂ ਨੂੰ ਫੜਨ ਦੀ ਬਜਾਏ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਘਟਨਾ ਨੂੰ ਭਾਜਪਾ ਨਾਲ ਜੋੜ ਦਿੱਤਾ ਹੈ। ਦੂਜੇ ਪਾਸੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਮੁੱਖ ਮੰਤਰੀ ਦੇ ਬਿਆਨ ਦੀ ਹਾਮੀ ਭਰੀ ਹੈ। ਮੰਨਿਆ ਜਾ ਰਿਹਾ ਕਿ ਮੁੱਖ ਮੰਤਰੀ ਦੇ ਬਿਆਨ ਤੋਂ ਬਾਅਦ ਇਹ ਮਾਮਲਾ ਭਾਜਪਾ ਤੇ ਆਮ ਆਦਮੀ ਪਾਰਟੀ ਵਿੱਚ ਸਿਆਸੀ ਟਕਰਾਅ ਦੇ ਨਾਲ ਨਾਲ ਕਾਨੂੰਨੀ ਟਕਰਾਅ ਵੀ ਪੈਦਾ ਕਰੇਗਾ।










