ਚੰਡੀਗੜ੍ਹ,8 ਮਈ, Gee98 News service-
-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਛਾਪਾਮਾਰੀ ਦੇ ਮਾਮਲੇ ਵਿੱਚ ਟਰਾਈਡੈਂਟ ਫੈਕਟਰੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਕਾਰਵਾਈ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਟਰਾਈਡੈਂਟ ਦੇ ਮਾਲਕ ਅਤੇ ਰਾਜਸਭਾ ਮੈਂਬਰ ਰਾਜਿੰਦਰ ਗੁਪਤਾ ਦੀ ਅਰਜ਼ੀ ਦੀ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਪ੍ਰਦੂਸ਼ਣ ਕੰਟਰੋਲ ਨੂੰ ਹੁਕਮ ਦਿੱਤੇ ਹਨ ਕਿ ਹੁਣ 30 ਦਿਨਾਂ ਦਾ ਸਮਾਂ ਦੇ ਕੇ ਹੀ ਟਰਾਈਡੈਂਟ ‘ਤੇ ਕੋਈ ਕਾਰਵਾਈ ਕੀਤੀ ਜਾ ਸਕਦੀ ਹੈ। ਪ੍ਰਦੂਸ਼ਣ ਕੰਟਰੋਲ ਬੋਰਡ ਨੇ ਰਜਿੰਦਰ ਗੁਪਤਾ ਦੀ ਫੈਕਟਰੀ ‘ਤੇ ਰੇਡ ਕਰਕੇ ਜਾਂਚ ਪੜ੍ਹਤਾਲ ਕੀਤੀ ਜਿਸ ਤੋਂ ਬਾਅਦ ਰਾਜਿੰਦਰ ਗੁਪਤਾ ਨੇ ਹਾਈਕੋਰਟ ਦਾ ਰੁਖ਼ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਉਕਤ ਹੁਕਮ ਜਾਰੀ ਕੀਤੇ ਹਨ। ਦੂਜੇ ਪਾਸੇ ਰਾਜਿੰਦਰ ਗੁਪਤਾ ਦੀ ਸੁਰੱਖਿਆ ਵਾਪਸ ਲਏ ਜਾਣ ਸਬੰਧੀ ਹਾਈਕੋਰਟ ਨੇ ਕੋਈ ਫੈਸਲਾ ਨਹੀਂ ਦਿੱਤਾ। ਟਰਾਈਡੈਂਟ ਦੇ ਮਾਮਲੇ ਵਿੱਚ ਹਾਈਕੋਰਟ ਵੱਲੋਂ ਜਿੱਤ ਫੈਸਲੇ ਨੂੰ ਪੰਜਾਬ ਸਰਕਾਰ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਮੰਨਿਆ ਜਾ ਰਿਹਾ ਕਿ ਇਸ ਮੁੱਦੇ ‘ਤੇ ਵੀ ਹਾਈਕੋਰਟ ਅੱਜ ਜਾਂ ਕੱਲ੍ਹ ਕੋਈ ਫੈਸਲਾ ਸੁਣਾ ਸਕਦੀ ਹੈ। ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਇੱਕ ਹੋਰ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਵੀ ਪੰਜਾਬ ਅਤੇ ਹਰਿਆਣਾ ‘ਚ ਅਪੀਲ ਦਾਇਰ ਕਰਕੇ ਪੰਜਾਬ ਸਰਕਾਰ ਵੱਲੋਂ ਉਹਨਾਂ ਦੇ ਖ਼ਿਲਾਫ਼ ਦਰਜ ਕੀਤੇ ਕੇਸਾਂ ਦੀ ਐਫਆਈਆਰ ਦੀ ਕਾਪੀ ਮੰਗੀ ਹੈ। ਸੰਦੀਪ ਪਾਠਕ ਦੀ ਅਪੀਲ ‘ਤੇ ਵੀ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਆਪਣੀ ਅਰਜ਼ੀ ਵਿੱਚ ਪਾਠਕ ਨੇ ਹਾਈ ਕੋਰਟ ‘ਚ ਕਿਹਾ ਹੈ ਕਿ ਉਹਨਾਂ ਨੂੰ ਦੱਸਿਆ ਜਾਵੇ ਕਿ ਪੰਜਾਬ ਸਰਕਾਰ ਨੇ ਉਹਨਾਂ ਦੇ ਖ਼ਿਲਾਫ਼ ਦੋ ਕੇਸ ਕਿਹੜੇ ਥਾਣਿਆਂ ਵਿੱਚ ਦਰਜ ਕੀਤੇ ਹਨ ਅਤੇ ਕਿਹੜੀਆਂ ਕਿਹੜੀਆਂ ਧਾਰਾਵਾਂ ਲਗਾਈਆਂ ਹਨ।










