– ਪੇਸ਼ ਹੋਣਗੇ ਜਾਂ ਨਹੀਂ…ਮੰਤਰੀਆਂ ਦੇ ਫੈਸਲੇ ‘ਤੇ ਟਿਕੀਆਂ ਨਜ਼ਰਾਂ
ਚੰਡੀਗੜ੍ਹ,21 ਜੂਨ, Gee98 News service-
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਵੀਡੀਓ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਸਿੱਖ ਮੰਤਰੀ ਅਤੇ ਸਿੱਖ ਵਿਧਾਇਕ ਕਸੂਤੀ ਸਥਿਤੀ ਵਿੱਚ ਫਸਦੇ ਜਾਪਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ ਪੰਜਾਬ ਸਰਕਾਰ ਦੇ ਸਿੱਖ ਮੰਤਰੀਆਂ ਨੂੰ 29 ਜੂਨ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਸ੍ਰੀ ਅਮਨ ਅਰੋੜਾ ਅਤੇ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਛੱਡ ਕੇ ਬਾਕੀ ਸਾਰੇ ਮੰਤਰੀਆਂ ਨੂੰ 29 ਜੂਨ ਨੂੰ ਤਲਬ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਦੋ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਜੇਲ੍ਹ ਵਿੱਚ ਬੰਦ ਹੋਣ ਕਰਕੇ ਅਤੇ ਸੰਜੀਵ ਅਰੋੜਾ ਨੂੰ ਗੈਰ ਸਿੱਖ ਮੰਤਰੀ ਹੋਣ ਕਰਕੇ ਚਿੱਠੀ ਨਹੀਂ ਜਾਰੀ ਕੀਤੀ ਗਈ। ਹੁਣ ਇਹ ਦੇਖਣਾ ਹੋਵੇਗਾ ਕਿ ਕੀ ਪੰਜਾਬ ਦੀ ‘ਆਪ’ ਸਰਕਾਰ ਦੇ ਇਹ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ ਜਾਂ ਨਹੀਂ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗੁਰੂ ਦੋਖੀ ਅਤੇ ਪੰਥ ਵਿਰੋਧੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ ‘ਚ ਆਮ ਆਦਮੀ ਪਾਰਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਖਿਲਾਫ ਇੱਕ ਅਜਿਹੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੌਰਾਨ ਪੰਜਾਬ ਦੇ ਮੰਤਰੀਆਂ ਤੋਂ ਲੈ ਕੇ ਵਿਧਾਇਕਾਂ ਅਤੇ ਆਪ ਦੇ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਨੀਵਾਂ ਦਿਖਾਉਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਆਪਣੀ ਇਸ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਬੰਧੀ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਪੰਜਾਬ ਦੀ ‘ਆਪ’ ਸਰਕਾਰ ਦੇ ਇਹਨਾਂ ਮੰਤਰੀਆਂ ਅੱਗੇ ਇਹ ਵੱਡਾ ਸਵਾਲ ਖੜਾ ਹੋਇਆ ਹੈ ਕਿ ਉਹ ਕਿਹੜੇ ਹਾਲਾਤਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅੱਗੇ ਪੇਸ਼ ਹੋਣਗੇ, ਜਦ ਕਿ ਇਹਨਾਂ ਮੰਤਰੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਤਖਤ ਸਾਹਿਬ ਦੀ ਫਸੀਲ ਤੋਂ ਭਗਵੰਤ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਫੈਸਲੇ ਨੂੰ ਝੂਠਾ ਸਾਬਤ ਕਰਨ ਦੇ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਕਾਂਗਰਸੀ ਵਿਧਾਇਕਾਂ ਨੇ ਕਿਹਾ ਹੈ ਕਿ ਉਸ ਦੀ ਅਕਾਲ ਤਖਤ ਸਾਹਿਬ ਵੱਲੋਂ ਬੁਲਾਏ ਜਾਣ ‘ਤੇ ਜ਼ਰੂਰ ਪੇਸ਼ ਹੋਣਗੇ, ਜਿਸ ਤੋਂ ਬਾਅਦ ਆਪ ਵਿਧਾਇਕਾਂ ਅਤੇ ਮੰਤਰੀਆਂ ਦੀ ਚਿੰਤਾ ਹੋਰ ਵੀ ਵੱਧ ਗਈ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ‘ਤੇ ਟਿੱਕੀਆਂ ਹਨ ਕਿ ਅਜਿਹੇ ਹਾਲਾਤਾਂ ‘ਚ ਇਹਨਾਂ ਵਿਧਾਇਕਾਂ ਤੇ ਮੰਤਰੀਆਂ ਦਾ ਫੈਸਲਾ ਕੀ ਹੋਵੇਗਾ। ਕੀ ਇਹ ਸਿੱਖ ਮੰਤਰੀ ਆਪਣੀ ਜ਼ਮੀਰ ਦੀ ਆਵਾਜ਼ ਦੇ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਪੇਸ਼ ਹੋਣਗੇ ਜਾਂ ਫਿਰ ਆਮ ਆਦਮੀ ਪਾਰਟੀ ਦਾ ਫੈਸਲਾ ਮੰਨਣਗੇ ? ਜੇਕਰ ਪੰਜਾਬ ਦੀ ਆਪ ਸਰਕਾਰ ਦੇ ਇਹ ਸਿੱਖ ਮੰਤਰੀ ਸ੍ਰੀ ਅਕਾਲ ਤਖਤ ਸਾਹਿਬ ਅੱਗੇ 29 ਜੂਨ ਨੂੰ ਪੇਸ਼ ਹੁੰਦੇ ਹਨ ਤਾਂ ਤਖ਼ਤ ਦੇ ਜਥੇਦਾਰ ਦੇ ਸਵਾਲਾਂ ਤੋਂ ਵੱਧ ਕੇ ਇਹਨਾਂ ਮੰਤਰੀਆਂ ਦੇ ਜਵਾਬਾਂ ‘ਤੇ ਸਭ ਦੀਆਂ ਨਜ਼ਰਾਂ ਟਿੱਕੀਆਂ ਰਹਿਣਗੀਆਂ ਕਿਉਂਕਿ ਇਹਨਾਂ ਮੰਤਰੀਆਂ ਨੇ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਦੀਆਂ ਹਦਾਇਤਾਂ ‘ਤੇ ਤਖ਼ਤ ਸਾਹਿਬ ਦੇ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ।