ਚੰਡੀਗੜ੍ਹ,1 ਜੁਲਾਈ, Gee98 news service
-ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਦੀ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। AICC ਦੇ ਵੱਲੋਂ ਜਾਰੀ ਪੱਤਰ ਅਨੁਸਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ ਜਦਕਿ ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੂੰ ਕੰਪੇਨ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ, ਉਹਨਾਂ ਦੇ ਨਾਲ ਕੰਪੇਨ ਕਮੇਟੀ ਵਿੱਚ ਸੁਖਪਾਲ ਸਿੰਘ ਖਹਿਰਾ, ਰਾਣਾ ਗੁਰਜੀਤ ਸਿੰਘ ਅਤੇ ਡਾਕਟਰ ਧਰਮਵੀਰ ਗਾਂਧੀ ਨੂੰ ਸ਼ਾਮਿਲ ਕੀਤਾ ਗਿਆ ਹੈ। ਪ੍ਰਤਾਪ ਸਿੰਘ ਬਾਜਵਾ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਬਣੇ ਰਹਿਣਗੇ। ਸ੍ਰੀ ਵਿਜੇਇੰਦਰ ਸਿੰਗਲਾ ਨੂੰ ਇਲੈਕਸ਼ਨ ਮੈਨੇਜਮੈਂਟ ਐਂਡ ਕੋਆਰਡੀਨੇਸ਼ਨ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ ਹੈ ਜਦ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਦਾ ਅਤੇ ਡਾਕਟਰ ਅਮਰ ਸਿੰਘ ਨੂੰ ਚੋਣ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ ਹੈ। ਕਾਂਗਰਸ ਹਾਈਕਮਾਂਡ ਦੇ ਪੰਜਾਬ ਕਾਂਗਰਸ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ ਤਿੰਨ ਵਰਕਿੰਗ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਰਾਜਕੁਮਾਰ ਵੇਰਕਾ ਅਤੇ ਸੰਗਤ ਸਿੰਘ ਗਿਲਜੀਆਂ ਨੂੰ ਵੀ ਲਗਾਇਆ ਹੈ। ਇਸੇ ਤਰ੍ਹਾਂ ਇਲੈਕਸ਼ਨ ਮੈਨੇਜਮੈਂਟ ਐਂਡ ਕੋਆਰਡੀਨੇਸ਼ਨ ਕਮੇਟੀ ਵਿੱਚ ਸ੍ਰੀ ਓਪੀ ਸੋਨੀ, ਸ਼੍ਰੀਮਤੀ ਰਜੀਆ ਸੁਲਤਾਨਾ, ਕੁਲਜੀਤ ਸਿੰਘ ਨਾਗਰਾ, ਅੰਗਦ ਸਿੰਘ ਸੈਣੀ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਚੋਣ ਮੈਨੀਫੈਸਟੋ ਕਮੇਟੀ ਵਿੱਚ ਗੁਰਜੀਤ ਸਿੰਘ ਔਜਲਾ, ਵਿਧਾਇਕ ਪ੍ਰਗਟ ਸਿੰਘ, ਹਰਦਿਆਲ ਸਿੰਘ ਕੰਬੋਜ ਅਤੇ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਸ਼ਾਮਿਲ ਕੀਤਾ ਗਿਆ ਹੈ।