Skip to main content

Gee 98News

ਦਾਲ ਵਿੱਚ ਕੁਝ ਕਾਲਾ ਹੈ…ਇਸੇ ਕਰਕੇ ਅਧਿਕਾਰੀ ਨਿਗਮ ਚੋਣਾਂ ਦੀ ਵੀਡੀਓ ਨਹੀਂ ਦੇ ਰਹੇ-ਬਿੱਟੂ ਦੀਵਾਨਾ

– ਵੀਡੀਓ ਹਰ ਹਾਲਤ ‘ਚ ਪ੍ਰਾਪਤ ਕਰਾਂਗੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਕਾਨੂੰਨੀ ਕਟਹਿਰੇ ‘ਚ ਵੀ ਖੜਾ ਕਰਾਂਗੇ-ਅਕਾਲੀ ਆਗੂ

ਬਰਨਾਲਾ,8 ਜੁਲਾਈ (ਨਿਰਮਲ ਸਿੰਘ ਪੰਡੋਰੀ)-

-ਨਗਰ ਨਿਗਮ ਬਰਨਾਲਾ ਦੀਆਂ ਚੋਣਾਂ ਅਤੇ ਗਿਣਤੀ ਸਬੰਧੀ ਸੀਸੀਟੀਵੀ ਕੈਮਰਿਆਂ ਦੇ ਵੀਡੀਓ ਕਲਿੱਪ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅੱਜ ਜ਼ਿਲ੍ਹਾ ਅਧਿਕਾਰੀਆਂ ਨੂੰ ਮਿਲੇ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਦੀ ਅਗਵਾਈ ਹੇਠ ਇੱਕ ਵਫਦ ਜ਼ਿਲ੍ਹਾ ਅਧਿਕਾਰੀਆਂ ਨੂੰ ਮਿਲਿਆ ਅਤੇ ਨਗਰ ਨਿਗਮ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਅਤੇ ਗਿਣਤੀ ਸਬੰਧੀ ਸੀਸੀਟੀਵੀ ਕੈਮਰਿਆਂ ਦੀ ਵੀਡੀਓ ਫੁਟੇਜ ਮੰਗੀ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਲਗਾਤਾਰ ਇਹ ਯਤਨ ਕਰ ਰਿਹਾ ਹੈ ਕਿ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਪ੍ਰਾਪਤ ਕੀਤੀ ਜਾਵੇ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਆਗੂ ਹਾਈਕੋਰਟ ਤੱਕ ਵੀ ਜਾ ਪੁੱਜੇ ਹਨ। ਇਸ ਮੌਕੇ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਸਬੰਧੀ ਸੀਸੀਟੀਵੀ ਕੈਮਰਿਆਂ ਦੀ ਵੀਡੀਓ ਦੇਣ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਲਾਰੇ ਲਗਾਏ ਜਾ ਰਹੇ ਹਨ ਜਿਸ ਤੋਂ ਸਪੱਸ਼ਟ ਹੈ ਕਿ ਇਹਨਾਂ ਚੋਣਾਂ ਵਿੱਚ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਧਾਂਦਲੀਆਂ ਕੀਤੀਆਂ ਗਈਆਂ ਹਨ। ਬਿੱਟੂ ਦੀਵਾਨਾ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਸਬੰਧੀ ਸੀਸੀਟੀਵੀ ਕੈਮਰਿਆਂ ਦੀ ਵੀਡੀਓ ਇਸ ਕਰਕੇ ਨਹੀਂ ਦਿੱਤੀ ਜਾ ਰਹੀ ਕਿਉਂਕਿ ‘ਦਾਲ ਵਿੱਚ ਕੁਝ ਕਾਲਾ’ ਹੈ। ਇਸ ਮੌਕੇ ਹਾਜ਼ਰ ਸੀਨੀਅਰ ਅਕਾਲੀ ਆਗੂ ਸੰਜੀਵ ਸ਼ੋਰੀ,ਐਡਵੋਕੇਟ ਰੁਪਿੰਦਰ ਸਿੰਘ ਸੰਧੂ ਅਤੇ ਸੋਨੀ ਜਾਗਲ ਨੇ ਕਿਹਾ ਕਿ ਉਹ ਹਰ ਹਾਲਤ ਵਿੱਚ ਨਗਰ ਨਿਗਮ ਬਰਨਾਲਾ ਦੀਆਂ ਚੋਣਾਂ ਸਬੰਧੀ ਪੋਲਿੰਗ ਬੂਥਾਂ ਅਤੇ ਨਤੀਜਿਆਂ ਵਾਲੇ ਦਿਨ ਗਿਣਤੀ ਕੇਂਦਰ ਦੇ ਵੀਡੀਓ ਕਲਿੱਪ ਪ੍ਰਾਪਤ ਕਰਨਗੇ ਭਾਵੇਂ ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੂੰ ਕੁਝ ਵੀ ਕਰਨਾ ਪੈ ਜਾਵੇ। ਅਕਾਲੀ ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਣ ਸਬੰਧੀ ਤਾਰੀਕ ‘ਤੇ ਤਾਰੀਕ ਦਿੱਤੀ ਜਾ ਰਹੀ ਹੈ ਕਿਉਂਕਿ ਇਹ ਜੱਗ ਜ਼ਾਹਰ ਹੋ ਚੁੱਕਿਆ ਹੈ ਕਿ ਪੋਲਿੰਗ ਬੂਥਾਂ ‘ਤੇ ਪੁਲਿਸ ਦੀ ਮਦਦ ਨਾਲ ਧਾਂਦਲੀਆਂ ਕੀਤੀਆਂ ਗੱਲਾਂ ਅਤੇ ਗਿਣਤੀ ਕੇਂਦਰ ‘ਚ ਵੀ ਧੱਕੇਸ਼ਾਹੀ ਕੀਤੀ ਗਈ ਹੈ।ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ ਨਗਰ ਨਿਗਮ ਚੋਣਾਂ ‘ਚ ਸੱਤਾਧਾਰੀ ਪਾਰਟੀ ਦੀ ਮਦਦ ਕਰਨ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਚਿਹਰੇ ਨੰਗੇ ਹੋ ਚੁੱਕੇ ਹਨ। ਇਸ ਲਈ ਇਹ ਅਧਿਕਾਰੀ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਣ ਤੋਂ ਆਨਾਕਾਨੀ ਕਰ ਰਹੇ ਹਨ ਪ੍ਰੰਤੂ ਫੁਟੇਜ ਪ੍ਰਾਪਤ ਕਰਨ ਲਈ ਹਾਈਕੋਰਟ ਤੱਕ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਫੁਟੇਜ ਪ੍ਰਾਪਤ ਕਰਨ ਤੋਂ ਬਾਅਦ ਜ਼ਿੰਮੇਵਾਰ ਅਧਿਕਾਰੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜਾ ਕੀਤਾ ਜਾਵੇਗਾ।

Gee98 Ads
error: Content is protected !!