-ਪੰਜਾਬ ਦੇ ਮੁਲਾਜ਼ਮਾਂ ਦਾ AAP ‘ਤੇ ਵੱਡਾ ਸਿਆਸੀ ਹਮਲਾ
ਚੰਡੀਗੜ੍ਹ,5 ਅਗਸਤ, Gee98 News service-
–ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬਕਾਇਆ ਡੀਏ ਪੰਜਾਬ ਸਰਕਾਰ ਲਈ ਕਸੂਤੀ ਸਥਿਤੀ ਪੈਦਾ ਕਰਦਾ ਜਾ ਰਿਹਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਿੰਗਲ ਬੈਂਚ ਨੇ ਫੈਸਲੇ ਨੂੰ ਬਰਕਰਾਰ ਰੱਖਦੇ ਹੋਏ ਡਵੀਜ਼ਨ ਬੈਂਚ ਨੇ ਵੀ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ 15 ਦਿਨਾਂ ਦੇ ਅੰਦਰ ਅੰਦਰ ਮੁਲਾਜ਼ਮਾਂ ਦਾ ਬਕਾਇਆ ਡੀਏ ਜਾਰੀ ਕੀਤਾ ਜਾਵੇ ਪ੍ਰੰਤੂ ਦੂਜੇ ਪਾਸੇ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਡੀਏ ਦੇਣ ਦੇ ਮੂਡ ਵਿੱਚ ਨਹੀਂ ਹੈ। ਬੀਤੇ ਦਿਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰੈਸ ਕਾਨਫਰੰਸ ਤੋਂ ਇਸ ਸਪੱਸ਼ਟ ਜਾਪਦਾ ਹੈ ਕਿ ਸਰਕਾਰ ਇਸ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਲੈ ਕੇ ਜਾਵੇਗੀ। ਇੱਥੇ ਇਹ ਵੀ ਧਿਆਨ ਰਹੇ ਕਿ ਹਾਈਕੋਰਟ ‘ਚ ਪੂਰੀ ਸੁਣਵਾਈ ਦੌਰਾਨ ਵੀ ਪੰਜਾਬ ਸਰਕਾਰ ਦਾ ਰੁੱਖ ਮੁਲਾਜ਼ਮਾਂ ਦਾ ਬਕਾਇਆ ਡੀਏ ਨਾ ਦੇਣ ਵਾਲਾ ਹੀ ਰਿਹਾ ਸੀ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦਾ ਤਨਖਾਹ ਸਕੇਲ ਭਾਰਤ ਵਿੱਚ ਸਭ ਤੋਂ ਵੱਧ ਹੋਣ ਵਰਗੀਆਂ ਦਲੀਲਾਂ ਵੀ ਹਾਈਕੋਰਟ ਦੇ ਸਾਹਮਣੇ ਰੱਖੀਆਂ ਪ੍ਰੰਤੂ ਹਾਈਕੋਰਟ ਨੇ ਸਰਕਾਰ ਦੀਆਂ ਸਾਰੀਆਂ ਦਲੀਲਾਂ ਰੱਦ ਕਰਦੇ ਹੋਏ ਮੁਲਾਜ਼ਮਾਂ ਦਾ ਡੀਏ ਜਾਰੀ ਕਰਨ ਦੇ ਹੁਕਮ ਦਿੱਤੇ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਹਾਈ ਕੋਰਟ ‘ਚ ਸਰਕਾਰ ਨੇ ਫੰਡਾਂ ਦੀ ਘਾਟ ਦੀ ਦੁਹਾਈ ਦਿੱਤੀ ਪ੍ਰੰਤੂ ਸੂਬੇ ‘ਚ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਵਿੱਤੀ ਸਕੀਮਾਂ ਦੇ ਮੱਦੇਨਜ਼ਰ ਹਾਈਕੋਰਟ ਨੇ ਸਰਕਾਰ ਦੀ ਇਹ ਦਲੀਲ ਵੀ ਖਾਰਜ ਕਰ ਦਿੱਤੀ। ਹਰਪਾਲ ਸਿੰਘ ਚੀਮਾ ਖੁਦ ਇਹ ਦੱਸ ਰਹੇ ਹਨ ਕਿ ਲੱਗਭੱਗ 20 ਹਜ਼ਾਰ ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪੰਜਾਬ ਦੇ ਖਜ਼ਾਨੇ ‘ਤੇ ਪਵੇਗਾ ਪ੍ਰੰਤੂ ਇਹ ਹੈਰਾਨੀ ਦੀ ਗੱਲ ਹੈ ਕਿ ਵਿੱਤ ਮੰਤਰੀ ਮੁਲਾਜ਼ਮਾਂ ਦੇ ਬਕਾਇਆ ਡੀਏ ਨੂੰ “ਵਾਧੂ ਵਿੱਤੀ ਬੋਝ” ਦੱਸ ਰਹੇ ਹਨ ਜਦਕਿ ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਡੀਏ ਦਾ ਬਕਾਇਆ ਉਹਨਾਂ ਦਾ “ਹੱਕ” ਹੈ। ਪੰਜਾਬ ਸਰਕਾਰ ਦੇ ਡੀਏ ਜਾਰੀ ਨਾ ਕਰਨ ਦੇ ਮੂਡ ਨੂੰ ਵੇਖਦੇ ਹੋਏ ਮੁਲਾਜ਼ਮ ਜਥੇਬੰਦੀਆਂ ਨੇ ਵੀ ਆਪਣੀ ਅਗਲੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਸੋਸ਼ਲ ਮੀਡੀਆ ‘ਤੇ ਪੰਜਾਬ ਸਰਕਾਰ ਦੀ ਨੀਤੀ ਦੀ ਮੁਲਾਜ਼ਮ ਜਥੇਬੰਦੀਆਂ ਵੱਲੋਂ ਯੋਜਨਾਵੱਧ ਤਰੀਕੇ ਨਾਲ ਨਿੰਦਾ ਕੀਤੀ ਜਾ ਰਹੀ ਹੈ। ਇਹ ਵੀ ਵੇਖਣ ‘ਚ ਆ ਰਿਹਾ ਹੈ ਕਿ ਸੋਸ਼ਲ ਮੀਡੀਆ ‘ਤੇ ਪੰਜਾਬ ਦੀ ਸੱਤਾਧਾਰੀ ਪਾਰਟੀ ‘ਤੇ ਸਿਆਸੀ ਦਬਾਅ ਪਾਉਣ ਲਈ ਮੁਲਾਜ਼ਮਾਂ ਵੱਲੋਂ “No DA No Vote” ਦੀਆਂ ਪੋਸਟਾਂ ਵਾਇਰਲ ਕੀਤੀਆਂ ਜਾ ਰਹੀਆਂ ਹਨ। ਜੇਕਰ ਮੁਲਾਜ਼ਮਾਂ ਵੱਲੋਂ ਵਾਇਰਲ ਕੀਤੀਆਂ No DA No Vote ਦੀਆਂ ਇਹ ਪੋਸਟਾਂ ਮੁਲਾਜ਼ਮਾਂ ਦੇ ਸਿਆਸੀ ਦਿਮਾਗ ‘ਤੇ ਅਸਰ ਕਰ ਗਈਆਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਵੀ ਲੱਗ ਸਕਦਾ ਹੈ। ਇਹ ਮੰਨਿਆ ਨਹੀਂ ਜਾ ਸਕਦਾ ਕਿ ਆਮ ਆਦਮੀ ਪਾਰਟੀ ਇਸ ਸੱਚਾਈ ਤੋਂ ਅਣਜਾਣ ਹੋਵੇਗੀ ਪ੍ਰੰਤੂ ਇਸ ਦੇ ਬਾਵਜੂਦ ਵੀ ਆਪ ਸਰਕਾਰ ਮੁਲਾਜ਼ਮਾਂ ਦਾ ਡੀਏ ਦੇਣ ਤੋਂ ਆਨਾਕਾਨੀ ਕਰ ਰਹੀ ਹੈ।