ਚੰਡੀਗੜ੍ਹ,5 ਅਗਸਤ, Gee98 News service-
ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਜੇਲ੍ਹ ‘ਚ ਬੰਦ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਹਰਚਰਨ ਸਿੰਘ ਭੁੱਲਰ ਦੀ ਨਿਯਮਿਤ ਜ਼ਮਾਨਤ ਅਰਜ਼ੀ ‘ਤੇ ਕਰੀਬ ਡੇਢ ਘੰਟੇ ਦੀ ਸੁਣਵਾਈ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਸੁਣਵਾਈ ਦੌਰਾਨ ਭੁੱਲਰ ਦੇ ਵਕੀਲਾਂ ਨੇ ਜ਼ਮਾਨਤ ਪੱਖ ‘ਚ ਆਪਣੀਆਂ ਵਿਸਥਾਰਿਤ ਦਲੀਲਾਂ ਦਿੱਤੀਆਂ ਜਦਕਿ ਸੀਬੀਆਈ ਦੀ ਟੀਮ ਨੇ ਜ਼ਮਾਨਤ ਦਾ ਵਿਰੋਧ ਕੀਤਾ। ਦੋਨਾਂ ਪੱਖਾਂ ਦੀ ਸੁਣਵਾਈ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਭੁੱਲਰ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਰੱਦ ਕਰ ਦਿੱਤੀ ਸੀ ਜਿਸ ਤੋਂ ਬਾਅਦ ਭੁੱਲਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਪ੍ਰੰਤੂ ਉਥੋਂ ਵੀ ਉਹਨਾਂ ਨੂੰ ਜ਼ਮਾਨਤ ਨਹੀਂ ਮਿਲੀ ਸੀ ਪ੍ਰੰਤੂ ਸੁਪਰੀਮ ਕੋਰਟ ਨੇ ਭੁੱਲਰ ਦੀ ਜ਼ਮਾਨਤ ਅਰਜ਼ੀ ਖਾਰਜ ਕਰਦੇ ਹੋਏ ਕਿਹਾ ਸੀ ਕਿ ਜੇਕਰ ਦੋ ਮਹੀਨਿਆਂ ਦੇ ਅੰਦਰ ਉਹਨਾਂ ਦੇ ਖ਼ਿਲਾਫ਼ ਟਰਾਇਲ ਸ਼ੁਰੂ ਨਹੀਂ ਹੁੰਦਾ ਤਾਂ ਉਹ ਦੁਬਾਰਾ ਨਿਯਮਤ ਜ਼ਮਾਨਤ ਲਈ ਅਰਜ਼ੀ ਦੇ ਸਕਦੇ ਹਨ ਜਿਸ ਤੋਂ ਬਾਅਦ ਹੁਣ ਭੁੱਲਰ ਨੇ ਦੁਬਾਰਾ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਆਪਣੀ ਨਵੀਂ ਜ਼ਮਾਨਤ ਅਰਜ਼ੀ ਲਗਾਈ ਸੀ। ਹੁਣ ਸਭ ਦੀਆਂ ਨਜ਼ਰਾਂ ਹਾਈਕੋਰਟ ਵੱਲੋਂ ਰਾਖਵਾਂ ਰੱਖੇ ਫੈਸਲੇ ‘ਤੇ ਟਿੱਕ ਗਈਆਂ ਹਨ ਕਿ ਕੀ ਹਰਚਰਨ ਸਿੰਘ ਭੁੱਲਰ ਜ਼ਮਾਨਤ ‘ਤੇ ਬਾਹਰ ਆਉਣਗੇ ?