– ਹੁਣ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਸੁਖਬੀਰ ਦੇ ਖ਼ਿਲਾਫ਼ ਚੱਲੇਗਾ ਮਾਣਹਾਨੀ ਦਾ ਮੁਕੱਦਮਾ
ਚੰਡੀਗੜ੍ਹ, 22 ਅਗਸਤ , Gee98 news service-
-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਨੇ ਕਰਾਰਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਸੁਖਬੀਰ ਸਿੰਘ ਬਾਦਲ ਦੇ ਖਿਲਾਫ 9 ਸਾਲ ਪਹਿਲਾਂ ਦੇ ਇੱਕ ਮਾਣਹਾਨੀ ਦੇ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਹੁਣ ਚੰਡੀਗੜ੍ਹ ਦੀ ਅਦਾਲਤ ਵਿੱਚ ਮਾਣਹਾਨੀ ਦੇ ਕੇਸ ਸਾਹਮਣਾ ਕਰਨਾ ਪਵੇਗਾ। ਦੱਸ ਦੇਈਏ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਚੋਣ ਪ੍ਰਚਾਰ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਅਖੰਡ ਕੀਰਤਨੀ ਜਥਾ ਨੂੰ ਇੱਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਜੋੜਦੇ ਹੋਏ ਟਿੱਪਣੀਆਂ ਕੀਤੀਆਂ ਸਨ, ਜਿਸ ਤੋਂ ਬਾਅਦ ਰਜਿੰਦਰਪਾਲ ਸਿੰਘ ਨੇ ਸੁਖਬੀਰ ਬਾਦਲ ਦੇ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ। ਰਜਿੰਦਰਪਾਲ ਸਿੰਘ ਨੇ ਕਿਹਾ ਸੀ ਕਿ ਉਹ ਆਖੰਡ ਕੀਰਤਨੀ ਜਥਾ ਦਾ ਬੁਲਾਰਾ ਹੈ ਅਤੇ ਸੁਖਬੀਰ ਸਿੰਘ ਬਾਦਲ ਨੇ ਆਖੰਡ ਕੀਰਤਨੀ ਜਥਾ ਨੂੰ ਅੱਤਵਾਦੀ ਸੰਗਠਨ ਨਾਲ ਜੋੜ ਕੇ ਉਹਨਾਂ ਦੀ ਅਤੇ ਸੰਸਥਾ ਦੀ ਸਮਾਜਿਕ ਛਵੀ ਖਰਾਬ ਕੀਤੀ ਹੈ। ਰਜਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਅਖੰਡ ਕੀਰਤਨੀ ਜਥਾ ਇੱਕ ਧਾਰਮਿਕ ਸੰਗਠਨ ਹੈ ਅਤੇ ਇੱਕ ਧਾਰਮਿਕ ਸੰਗਠਨ ਨੂੰ ਪਾਬੰਦੀਸ਼ੁਦਾ ਸੰਗਠਨ ਨਾਲ ਜੋੜਨਾ ਇੱਕ ਗੰਭੀਰ ਅਤੇ ਅਪਰਾਧਿਕ ਦੋਸ਼ ਹਨ। ਇਸ ਤੋਂ ਬਾਅਦ ਉਹਨਾਂ ਨੇ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਸੁਖਬੀਰ ਬਾਦਲ ਦੇ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੀ ਇੱਕ ਸ਼ਿਕਾਇਤ ਆਈਪੀਸੀ ਦੀ ਧਾਰਾ 499,500,501 ਤਹਿਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ 4 ਜਨਵਰੀ 2020 ਨੂੰ ਸੰਮਨ ਜਾਰੀ ਕੀਤੇ ਸਨ। ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵੱਲੋਂ ਆਪਣੇ ਖ਼ਿਲਾਫ਼ ਜਾਰੀ ਸੰਮਨ ਰੱਦ ਕਰਨ ਲਈ ਸੁਖਬੀਰ ਸਿੰਘ ਬਾਦਲ ਨੇ ਹਾਈਕੋਰਟ ਤੱਕ ਪਹੁੰਚ ਕੀਤੀ ਸੀ ਪਰੰਤੂ ਹਾਈ ਕੋਰਟ ਨੇ ਵੀ ਅਕਤੂਬਰ 2025 ‘ਚ ਸੁਖਬੀਰ ਬਾਦਲ ਦੇ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੀ ਪ੍ਰਕਿਰਿਆ ਨੂੰ ਰੋਕਣ ਤੋਂ ਇਨਕਾਰ ਕਰ ਦਿੱਤਾ ਸੀ। ਹਾਈਕੋਰਟ ਦੇ ਫੈਸਲੇ ਤੋਂ ਬਾਅਦ ਸੁਖਬੀਰ ਬਾਦਲ ਨੇ ਆਪਣੇ ਖ਼ਿਲਾਫ਼ ਮਾਣਹਾਨੀ ਦੇ ਅਪਰਾਧਿਕ ਕੇਸ ਸਬੰਧੀ ਜਾਰੀ ਸੰਮਨ ਰੱਦ ਕਰਨ ਬਾਰੇ ਸੁਪਰੀਮ ਤੱਕ ਪਹੁੰਚ ਕੀਤੀ ਜਿੱਥੇ ਸੁਖਬੀਰ ਬਾਦਲ ਦੇ ਵਕੀਲ ਕਪਿਲ ਸਿੱਬਲ ਨੇ ਦਲੀਲਾਂ ਦਿੱਤੀਆਂ ਕਿ ਸੁਖਬੀਰ ਬਾਦਲ ਦੇ ਖ਼ਿਲਾਫ਼ ਇਹ ਅਪਰਾਧਿਕ ਮਾਣਹਾਨੀ ਦਾ ਮੁਕੱਦਮਾ ਬਣਦਾ ਹੀ ਨਹੀਂ ਹੈ ਪ੍ਰੰਤੂ ਸੁਪਰੀਮ ਕੋਰਟ ਨੇ ਸੁਖਬੀਰ ਬਾਦਲ ਦੇ ਵਕੀਲ ਦਲੀਲਾਂ ਨੂੰ ਦਰਕਿਨਾਰ ਕਰਦੇ ਹੋਏ ਹਾਈਕੋਰਟ ਦੇ ਹੁਕਮਾਂ ਨੂੰ ਬਰਕਰਾਰ ਰੱਖਿਆ ਜਿਸ ਤੋਂ ਬਾਅਦ ਹੁਣ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਮੁਕੱਦਮਾ ਚੱਲੇਗਾ ਜਿਸ ਦਾ ਸੁਖਬੀਰ ਬਾਦਲ ਨੂੰ ਸਾਹਮਣਾ ਕਰਨਾ ਪਵੇਗਾ।