ਬਰਨਾਲਾ,29 ਅਗਸਤ (ਨਿਰਮਲ ਸਿੰਘ ਪੰਡੋਰੀ)-
-ਆਪਣੀਆਂ ਹੱਕੀ ਮੰਗਾਂ ਪ੍ਰਤੀ ਸਰਕਾਰ ਦੀ ਬੇਰੁਖੀ ਦੇ ਕਾਰਨ ਰੋਸ ਵਜੋਂ ਇਸ ਵਾਰ ਏਰਿਡ ਸਕੂਲਾਂ ਦੇ ਅਧਿਆਪਕ ਪੰਜ ਸਤੰਬਰ ਨੂੰ ਅਧਿਆਪਕ ਦੇ ਦਿਵਸ ਮੌਕੇ “ਕਾਲਾ ਅਧਿਆਪਕ ਦਿਵਸ” ਮਨਾਉਣਗੇ। ਇਸ ਸਬੰਧੀ ਗੱਲਬਾਤ ਕਰਦੇ ਹੋਏ ਯੂਨੀਅਨ ਦੇ ਨੇਤਾ ਸ੍ਰੀ ਰਾਜਮਹਿੰਦਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਦਾਲਤ ਦੇ ਫੈਸਲੇ ਦੇ ਬਾਵਜੂਦ ਏਡਿਡ ਸਕੂਲਾਂ ਦੇ ਛੇਵੇਂ ਪੇ ਕਮਿਸ਼ਨ ਦੇ ਏਰੀਅਰ ਜਿਰੀ ਨਹੀਂ ਕਰ ਰਹੀ ਅਤੇ ਪਿਛਲੇ ਅੱਠ ਮਹੀਨਿਆਂ ਤੋਂ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਤਨਖਾਹ ਨਹੀਂ ਮਿਲ ਰਹੀ। ਉਹਨਾਂ ਕਿਹਾ ਕਿ ਹਾਈਕੋਰਟ ਦੇ ਫੈਸਲੇ ਦੇ ਬਾਵਜੂਦ ਵੀ ਸਰਕਾਰ 18% ਡੀਏ ਦੇਣ ਤੋਂ ਆਨਾਕਾਨੀ ਕਰ ਰਹੀ ਹੈ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੇਵਾ ਮੁਕਤ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਦੇ ਪੀ.ਪੀ.ਓ. ਜਾਰੀ ਨਹੀਂ ਕੀਤੇ ਜਾ ਰਹੇ। ਇਹ ਸਾਰਾ ਕੁਝ ਸਰਕਾਰ ਦੀਆਂ ਗਲਤ ਨੀਤੀਆਂ ਦਾ ਹੀ ਸਿੱਟਾ ਹੈ। ਇਸ ਮੌਕੇ ਚਰਨਜੀਤ ਸ਼ਰਮਾ ਤੇ ਪ੍ਰਵੀਨ ਕੁਮਾਰ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕ ਅਤੇ ਕਰਮਚਾਰੀ ਲੰਮੇ ਸਮੇਂ ਤੋਂ ਆਪਣੀਆਂ ਤਨਖ਼ਾਹਾਂ ਅਤੇ ਪੈਨਸ਼ਨ ਸਬੰਧੀ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਅਜੇ ਤੱਕ ਇਸ ਗੰਭੀਰ ਮਸਲੇ ਦਾ ਕੋਈ ਢੁੱਕਵਾਂ ਅਤੇ ਸਥਾਈ ਹੱਲ ਨਹੀਂ ਕੀਤਾ ਗਿਆ।
ਸਰਕਾਰ ਤੇ ਅਫ਼ਸਰਸ਼ਾਹੀ ਦਾ ਤਾਂ ਇਹ ਹਾਲ ਹੈ ਕਿ 2022 ਦੇ ਇਲੈਕਸ਼ਨ ਮੈਨੀਫੈਸਟੋ ‘ਚ ਏਡਿਡ ਸਕੂਲਾਂ ਦੇ ਕਰਮਚਾਰੀਆਂ ਨੂੰ ਸਰਕਾਰੀ ਸਕੂਲਾਂ ਦੇ ਬਰਾਬਰ ਸਾਰੀਆਂ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਇਹ ਕੀਤਾ ਗਿਆ ਵਾਅਦਾ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੂਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਯੂਨੀਅਨ ਨੇਤਾਵਾਂ ਨਾਲ ਮੀਟਿੰਗ ਵਿੱਚ ਵਿੱਤ ਮੰਤਰੀ ਦੁਆਰਾ ਦਿੱਤੇ ਗਏ ਹੁਕਮ ਅਤੇ ਸਾਂਝੇ ਤੌਰ ‘ਤੇ ਲਏ ਗਏ ਫੈਸਲੇ ਵੀ ਅੱਜ ਤੱਕ ਲਾਗੂ ਨਹੀਂ ਕੀਤੇ ਗਏ। ਏਡਿਡ ਸਕੂਲਾਂ ਦੇ ਅਧਿਆਪਕਾਂ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਅਧਿਆਪਕਾਂ ਦੀਆਂ ਹੱਕੀ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਈ ਤਾਂ ਤਿੱਖੇ ਸੰਘਰਸ਼ ਦਾ ਬਿਗਲ ਵੀ ਵਜਾਇਆ ਜਾਵੇਗਾ।