-ਪੁਲਿਸ ਵੱਲੋਂ ਸ਼ੱਕੀ ਵਿਅਕਤੀ ਜਾਂ ਚੀਜ਼ ਦੀ ਜਾਣਕਾਰੀ ਤੁਰੰਤ ਦੇਣ ਦੀ ਅਪੀਲ
ਚੰਡੀਗੜ੍ਹ, 31 ਅਗਸਤ, Gee98 news service-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਵਾਰ ਫੇਰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ, ਅਜੇ ਕੁਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਨੂੰ ਅਜਿਹੀ ਧਮਕੀ ਦਿੱਤੀ ਗਈ ਸੀ। ਇਹ ਧਮਕੀ ਭਰੀ ਈ-ਮੇਲ ਮੁੱਖ ਮੰਤਰੀ ਦਫ਼ਤਰ ਦੇ ਨਾਲ-ਨਾਲ ਕਈ ਉੱਚ ਅਧਿਕਾਰੀਆਂ ਨੂੰ ਭੇਜੀ ਗਈ ਹੈ ਜਿਸ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਹਾਲੀ ਸਥਿਤ ਪੀਸੀਏ ਕ੍ਰਿਕਟ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਸੂਚਨਾ ਤੋਂ ਬਾਅਦ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਪ੍ਰਸ਼ਾਸਨ ‘ਚ ਤਰਥੱਲੀ ਮਚ ਗਈ ਹੈ ਅਤੇ ਸਾਰੇ ਸੁਰੱਖਿਆ ਬਲਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਇਸ ਧਮਕੀ ਭਰੀ ਈ-ਮੇਲ ਵਿੱਚ ਲਿਖਿਆ ਗਿਆ ਹੈ ਕਿ “13 ਸਤੰਬਰ ਤੱਕ ਮੁਹਾਲੀ ਦੇ ਪੀਸੀਏ ਸਟੇਡੀਅਮ ਵਿੱਚ ਕੋਈ ਵੀ ਮੈਚ ਦੇਖਣ ਨਾ ਜਾਵੇ। ਇਸ ਮੇਲ ਵਿੱਚ ਆਈਫੋਨ, ਐਂਡਰਾਇਡ ਅਤੇ ਆਈਪੈਡ ਬੈਟਰੀ ਬੰਬ ਚਲਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਦੇਣ ਵਾਲਿਆਂ ਨੇ ਖੁਦ ਨੂੰ ‘ਖਾਲਿਸਤਾਨ ਨੈਸ਼ਨਲ ਆਰਮੀ’ ਅਤੇ ‘ਬੱਬਰ ਖਾਲਸਾ’ ਨਾਲ ਜੁੜੇ ਹੋਣ ਦਾ ਦਾਅਵਾ ਕੀਤਾ ਹੈ। ਧਮਕੀ ਦੀ ਖ਼ਬਰ ਮਿਲਦਿਆਂ ਹੀ ਬੰਬ ਨਿਰੋਧਕ ਦਸਤੇ, ਡੌਗ ਸਕੁਐਡ ਅਤੇ ਖੁਫ਼ੀਆ ਏਜੰਸੀਆਂ ਦੀਆਂ ਟੀਮਾਂ ਤੁਰੰਤ ਹਰਕਤ ਵਿੱਚ ਆ ਗਈਆਂ। ਮੁੱਖ ਮੰਤਰੀ ਦੀ ਰਿਹਾਇਸ਼, ਚੰਡੀਗੜ੍ਹ ਵਿਧਾਨ ਸਭਾ ਅਤੇ ਸਰਕਾਰੀ ਦਫ਼ਤਰਾਂ ਦੇ ਆਸ-ਪਾਸ ਸੁਰੱਖਿਆ ਘੇਰਾ ਮਜ਼ਬੂਤ ਕਰ ਦਿੱਤਾ ਗਿਆ ਹੈ। ਮੁਹਾਲੀ ਸਟੇਡੀਅਮ ਅਤੇ ਇਸਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਵੱਡੇ ਪੱਧਰ ‘ਤੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਅਧਿਕਾਰੀਆਂ ਅਨੁਸਾਰ ਪੰਜਾਬ ਵਿੱਚ ਪਹਿਲਾਂ ਵੀ ਅਜਿਹੀਆਂ ਧਮਕੀ ਭਰੀਆਂ ਈ-ਮੇਲਾਂ ਆਉਂਦੀਆਂ ਰਹੀਆਂ ਹਨ। ਪ੍ਰਸ਼ਾਸਨ ਨੇ ਆਮ ਜਨਤਾ ਨੂੰ ਨਾ ਘਬਰਾਉਣ ਅਤੇ ਕਿਸੇ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ ਹੈ।