Skip to main content

Gee 98News

ਤੇਜ਼ ਰਫ਼ਤਾਰ ਟਰਾਲੇ ਦੀ ਲਪੇਟ ’ਚ ਆਉਣ ਕਾਰਨ ਮਜ਼ਦੂਰ ਦੀ ਮੌਤ,ਲੋਕਾਂ ਵੱਲੋਂ ਟ੍ਰੈਫਿਕ ਜਾਮ

ਮਹਿਲ ਕਲਾਂ, 4 ਸਤੰਬਰ ( ਜਸਵੰਤ ਸਿੰਘ ਲਾਲੀ )-

ਅੱਜ ਸਵੇਰੇ ਅੱਠ ਵਜੇ ਦੇ ਕਰੀਬ ਬਰਨਾਲਾ ਲੁਧਿਆਣਾ ਮੁੱਖ ਮਾਰਗ ਤੇ ਮਹਿਲ ਕਲਾਂ ਵਿਖੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਸਾਈਕਲ ’ਸਵਾਰ ਬਜ਼ੁਰਗ ਮਜ਼ਦੂਰ ਦੀ ਤੇਜ਼ ਰਫ਼ਤਾਰ ਟਰਾਲੇ ਦੀ ਲਪੇਟ ਵਿੱਚ ਆਉਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜ ਸਿੰਘ (65 ਸਾਲ), ਪੁੱਤਰ ਜਾਗਰ ਸਿੰਘ, ਵਾਸੀ ਪਿੰਡ ਗੰਗੋਹਰ ਵਜੋਂ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਸਿੰਘ ਅੱਜ ਸਵੇਰੇ ਕਰੀਬ 8 ਵਜੇ ਆਪਣੇ ਪਿੰਡ ਗੰਗੋਹਰ ਤੋਂ ਸਾਈਕਲ ’ਤੇ ਸਵਾਰ ਹੋ ਕੇ ਦਿਹਾੜੀ ਕਰਨ ਲਈ ਮਹਿਲ ਕਲਾਂ ਵੱਲ ਆ ਰਿਹਾ ਸੀ। ਜਦੋਂ ਉਹ ਮਹਿਲ ਕਲਾਂ ਵਿਖੇ ਪੁੱਜਿਆ ਤਾਂ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰਾਲੇ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਰਾਜ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰਾਲਾ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ।ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਧਰ ਦੂਜੇ ਪਾਸੇ ਹਾਦਸੇ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੀ ਕਾਰਵਾਈ ਤੋਂ ਅਸੰਤੁਸ਼ਟ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਗੰਗੋਹਰ ਦੇ ਵਸਨੀਕਾਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ। ਜਿਸ ਕਰਕੇ ਗੁੱਸੇ ਵਿੱਚ ਆਏ ਲੋਕਾਂ ਨੇ ਲੁਧਿਆਣਾ-ਬਰਨਾਲਾ ਮੁੱਖ ਮਾਰਗ ’ਤੇ ਧਰਨਾ ਲਗਾ ਦਿੱਤਾ ਅਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ। ਮ੍ਰਿਤਕ ਦੇ ਲੜਕੇ ਅਮਨਦੀਪ ਸਿੰਘ ਗੰਗੋਹਰ ਅਤੇ ਮਾਤਾ ਮਹਿੰਦਰ ਕੌਰ ਨੇ ਦੱਸਿਆ ਕਿ ਰਾਜ ਸਿੰਘ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ। ਉਨ੍ਹਾਂ ਮੰਗ ਕੀਤੀ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ। ਇਸ ਮੌਕੇ ਸਰਪੰਚ ਮਨਜੀਤ ਕੌਰ ਗੰਗੋਹਰ, ਰਘਵੀਰ ਸਿੰਘ ਗੰਗੋਹਰ, ਮਾਸਟਰ ਵਰਿੰਦਰ ਸਿੰਘ, ਗੁਰਮੇਲ ਸਿੰਘ, ਪਰਮਜੀਤ ਸਿੰਘ, ਕੁਲਦੀਪ ਸਿੰਘ, ਸਰਬਜੀਤ ਸਿੰਘ ਅਤੇ ਜਗਜੀਤ ਸਿੰਘ ਸਮੇਤ ਹੋਰ ਪਿੰਡ ਵਾਸੀਆਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਫ਼ਰਾਰ ਟਰਾਲਾ ਚਾਲਕ ਨੂੰ ਕਾਬੂ ਕਰਕੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ।

error: Content is protected !!