ਚੰਡੀਗੜ੍ਹ ,6 ਸਤੰਬਰ, Gee98 News service-
-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਦੇ ਮਾਮਲੇ ‘ਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਆਹਮੋ ਸਾਹਮਣੇ ਹਨ। ਪੰਜਾਬ ਸਰਕਾਰ ਨੇ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦੀ ਪ੍ਰਕਿਰਿਆ ਉੱਤੇ ਗੰਭੀਰ ਸਵਾਲ ਖੜੇ ਕੀਤੇ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ ਵਜੋਂ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਸਹਿਮਤੀ ਨਹੀਂ ਦਿੰਦੀ। ਪੰਜਾਬ ਸਰਕਾਰ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਪੰਜਾਬ ਨਾਲ ਧੱਕੇਸ਼ਾਹੀ ਕਰਨ ਅਤੇ ਦੇਸ਼ ਦੇ ਫੈਡਰਲ ਢਾਂਚੇ ਨੂੰ ਢਾਹ ਲਾਉਣ ਦੇ ਸਿੱਧੇ ਦੋਸ਼ ਵੀ ਲਗਾਏ ਹਨ ਵਿੱਤ ਮੰਤਰੀ ਨੇ ਕਿਹਾ ਕਿ ਇਸ ਬੇਹੱਦ ਗੰਭੀਰ ਅਤੇ ਸੰਵੇਦਨਸ਼ੀਲ ਮਾਮਲੇ ‘ਤੇ ਅੱਜ ਸ਼ਾਮ 4 ਵਜੇ ਪੰਜਾਬ ਕੈਬਨਿਟ ਦੀ ਹੰਗਾਮੀ ਮੀਟਿੰਗ ਵੀ ਬੁਲਾਈ ਗਈ ਹੈ। ਪੰਜਾਬ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ‘ਚ ਸੰਵਿਧਾਨਿਕ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਹਨ। ਵਿੱਤ ਮੰਤਰੀ ਨੇ ਕਿਹਾ ਕਿ ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਅਤੇ ਤਬਾਦਲੇ ਲਈ ਨਿਰਧਾਰਿਤ “ਮੈਮੋਰੰਡਮ ਆਫ਼ ਪ੍ਰੋਸੀਜਰ” ਦੇ ਪੈਰਾ ਨੰਬਰ 6 ਵਿੱਚ ਇਹ ਸਾਫ਼ ਤੌਰ ‘ਤੇ ਦਰਜ ਹੈ ਕਿ ਕਿਸੇ ਵੀ ਨਿਯੁਕਤੀ ਲਈ ਸੰਬੰਧਿਤ ਸਰਕਾਰ ਦੀ ਸਹਿਮਤੀ ਅਤੇ ਉਸ ਦਾ ਪੱਖ ਲੈਣਾ ਬਹੁਤ ਜ਼ਰੂਰੀ ਹੈ, ਹਾਲਾਂਕਿ ਕੇਂਦਰ ਸਰਕਾਰ ਨੇ ਇਸ ਸਾਰੇ ਤੈਅ ਪ੍ਰੋਸੀਜਰ ਨੂੰ ਨਜ਼ਰ ਅੰਦਾਜ਼ ਕਰਦਿਆਂ ਪੰਜਾਬ ਸਰਕਾਰ ਦੀ ਸਹਿਮਤੀ ਤੋਂ ਬਿਨਾਂ ਹੀ ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਕਰ ਦਿੱਤੀ ਹੈ। ਇਸ ਮੁੱਦੇ ‘ਤੇ ਪੰਜਾਬ ਕੈਬਨਿਟ ਦੀ ਹੰਗਾਮੀ ਮੀਟਿੰਗ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹਨ ਕਿ ਪੰਜਾਬ ਸਰਕਾਰ ਇਸ ਮਾਮਲੇ ਸੰਬੰਧੀ ਅਗਲਾ ਕੀ ਫੈਸਲਾ ਲਵੇਗੀ।