ਚੰਡੀਗੜ੍ਹ ,25 ਸਤੰਬਰ , Gee98 News service-
-ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੰਮ੍ਰਿਤਪਾਲ ਸਿੰਘ MP 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦੋ ਸੀਟਾਂ ਤੋਂ ਚੋਣ ਲੜਨਗੇ। ਇਹ ਖੁਲਾਸਾ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਕਰਦੇ ਹੋਏ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਅਗਲੀਆਂ ਵਿਧਾਨ ਸਭਾ ਚੋਣਾਂ ‘ਚ ਕਿਹੜੀਆਂ ਦੋ ਸੀਟਾਂ ਤੋਂ ਚੋਣ ਲੜਨਗੇ ਇਹ ਫੈਸਲਾ ਪਾਰਲੀਮੈਂਟਰੀ ਬੋਰਡ ਕਰੇਗਾ ਪਰੰਤੂ ਇਹ ਲੱਗਭੱਗ ਫਾਈਨਲ ਹੈ ਕਿ ਉਹ ਦੋ ਸੀਟਾਂ ਤੋਂ ਚੋਣ ਲੜਨਗੇ। ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਧੂਰੀ ਵਿਧਾਨ ਸਭਾ ਹਲਕੇ ਤੋਂ ਵੀ ਚੋਣ ਲੜ ਸਕਦੇ ਹਨ ਪਰੰਤੂ ਅਜੇ ਇਹ ਫਾਈਨਲ ਨਹੀਂ ਹੈ। ਦੱਸ ਦੇਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਹਨ ਅਤੇ ਉਹ ਇਸ ਵੇਲੇ ਅਸਾਮ ਦੀ ਡਿਬਰੂਗੜ ਜੇਲ੍ਹ ਵਿੱਚ ਬੰਦ ਹਨ। ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਉਹਨਾਂ ਨੂੰ ਪਹਿਲਾਂ ਹੀ ਮੁੱਖ ਮੰਤਰੀ ਚਿਹਰਾ ਐਲਾਨਿਆ ਜਾ ਚੁੱਕਾ ਹੈ। ਦੂਜੇ ਪਾਸੇ ਪਾਰਟੀ ਦੇ ਕੁਝ ਅੰਦਰੂਨੀ ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਵੱਲੋਂ ਵਿਧਾਨ ਸਭਾ ਚੋਣ ਲੜਨ ਲਈ ਵਿਧਾਨ ਸਭਾ ਹਲਕਾ ਧੂਰੀ, ਖਡੂਰ ਸਾਹਿਬ, ਤਲਵੰਡੀ ਸਾਬੋ ਅਤੇ ਰਾਮਪੁਰਾ ਫੂਲ ਸੀਟਾਂ ‘ਤੇ ਵਿਚਾਰ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਖੁਦ ਅੰਮ੍ਰਿਤਪਾਲ ਸਿੰਘ ਧੂਰੀ ਹਲਕੇ ਤੋਂ ਚੋਣ ਲੜਨ ਦੇ ਇੱਛਕ ਹਨ। ਪਾਰਟੀ ਆਗੂਆਂ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਲਵਾ ਖੇਤਰ ‘ਚ ਚੋਣ ਲੜਨ ਦਾ ਇੱਕ ਕਾਰਨ ਇਹ ਵੀ ਦੱਸਿਆ ਜਾ ਰਿਹਾ ਹੈ ਕਿਉਂਕਿ ਮਾਲਵਾ ‘ਚ ਪੰਜਾਬ ਦੀਆਂ 117 ਵਿੱਚੋਂ 69 ਵਿਧਾਨ ਸਭਾ ਸੀਟਾਂ ਹਨ। ਪੰਜਾਬ ਸਰਕਾਰ ਬਣਾਉਣ ਵਿੱਚ ਮਾਲਵਾ ਖੇਤਰ ਦਾ ਅਹਿਮ ਰੋਲ ਰਹਿੰਦਾ ਹੈ। ਭਾਈ ਅੰਮ੍ਰਿਤਪਾਲ ਸਿੰਘ ਦਾ ਜ਼ਿਆਦਾ ਆਧਾਰ ਮਾਝਾ ਖੇਤਰ ਵਿੱਚ ਹੈ ਜੇਕਰ ਉਹ ਮਾਲਵਾ ਖੇਤਰ ਤੋਂ ਲੜਦੇ ਹਨ ਤਾਂ ਇਥੇ ਵੀ ਅੰਮ੍ਰਿਤਪਾਲ ਸਿੰਘ ਦੇ ਨਾਮ ਦਾ ਪਾਰਟੀ ਨੂੰ ਫਾਇਦਾ ਹੋਵੇਗਾ।