ਚੰਡੀਗੜ੍ਹ,16 ਅਕਤੂਬਰ, Gee98 news service
ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਰਾਂਸ ਦੌਰੇ ਦੀ ਮਨਜ਼ੂਰੀ ਨਾ ਦੇਣ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ। ਪੰਜਾਬ ਸਰਕਾਰ ਨੇ ਕੇਂਦਰ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੈਲਿੰਜ ਕੀਤਾ ਹੈ ਜਿਸ ਤੋਂ ਬਾਅਦ ਹਾਈ ਕੋਰਟ ਨੇ ਅੱਜ ਸ਼ੁੱਕਰਵਾਰ ਸਵੇਰ ਤੱਕ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਪਟੀਸ਼ਨ ਦੇ ਕਰਕੇ ਦੋਸ਼ ਲਗਾਇਆ ਹੈ ਕਿ ਕੇਂਦਰ ਸਰਕਾਰ ਨੇ ਬਿਨਾਂ ਕੋਈ ਕਾਰਨ ਦੱਸੇ ਮੁੱਖ ਮੰਤਰੀ ਦੀ ਫਰਾਂਸ ਫੇਰੀ ਨੂੰ ਮਨਜ਼ੂਰੀ ਨਹੀਂ ਦਿੱਤੀ, ਜਦ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸਾਰੀ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਏਸ਼ੀਆਈ ਖੇਡਾਂ ਵਿੱਚ ਸ਼ਾਮਿਲ ਹੋਣ ਲਈ ਵੀ ਮਨਜ਼ੂਰੀ ਨਹੀਂ ਦਿੱਤੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਦੇ ਮੁੱਖ ਸਕੱਤਰ ਅਤੇ ਹੋਰ ਉਚ ਅਧਿਕਾਰੀਆਂ ਦੇ ਇੱਕ ਵਫਦ ਨਾਲ ਵੀਰਵਾਰ ਫਰਾਂਸ ਲਈ ਰਵਾਨਾ ਹੋਣਾ ਸੀ ਪ੍ਰੰਤੂ ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਇਸ ਵਫਦ ਨੂੰ ਮਨਜ਼ੂਰੀ ਨਹੀਂ ਦਿੱਤੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਤਤਕਾਲ ਸੁਣਵਾਈ ਦੀ ਮੰਗ ਕੀਤੀ ਸੀ। ਹਾਈਕੋਰਟ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਦੀ ਇਹ ਪਟੀਸ਼ਨ ਸਵੀਕਾਰ ਕੀਤੀ ਅਤੇ ਤਤਕਾਲ ਸੁਣਵਾਈ ਕਰਦੇ ਹੋਏ ਸ਼ੁੱਕਰਵਾਰ ਸਵੇਰ ਤੱਕ ਜਵਾਬ ਵੀ ਮੰਗਿਆ। ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਦੇ ਇਸ ਵਫ਼ਦ ਨੇ ਪੈਰਿਸ ਵਿਖੇ 17 ਤੋਂ 21 ਅਕਤੂਬਰ ਤੱਕ ਹੋਣ ਵਾਲੇ ਇੱਕ ਸਮਾਗਮ ਵਿੱਚ ਸ਼ਮੂਲੀਅਤ ਕਰਨੀ ਸੀ। ਪੰਜਾਬ ਦੇ ਫਰਾਂਸ ਜਾਣ ਵਾਲੇ ਇਸ ਉੱਚ ਪੱਧਰੀ ਵਫ਼ਦ ਦਾ ਪੂਰਾ ਖਰਚਾ ਮਾਰਕਫੈੱਡ ਨੇ ਉਠਾਉਣਾ ਸੀ ਕਿਉਂਕਿ ਇਹ ਸਮਾਗਮ ਮਾਰਕਫੈੱਡ ਨਾਲ ਹੀ ਸੰਬੰਧਿਤ ਹੈ। ਹੁਣ ਸਭ ਦੀਆਂ ਨਜ਼ਰਾਂ ਹਾਈਕੋਰਟ ਦੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ ਕਿ ਕੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਨਜ਼ੂਰੀ ਮਿਲਦੀ ਹੈ ਜਾਂ ਨਹੀਂ ?