ਬਰਨਾਲਾ, 24 ਜਨਵਰੀ (ਨਿਰਮਲ ਸਿੰਘ ਪੰਡੋਰੀ) : ਜ਼ਿਲਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋਂ ਚੇਅਰਮੈਨ ਸ੍ਰੀ ਵਰਿੰਦਰ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਸਿੱਖਿਆ ਅਫ਼ਸਰ ਦੇ ਸਹਿਯੋਗ ਨਾਲ ਨੈਸ਼ਨਲ ਗਰਲ ਚਾਇਲਡ ਦਿਵਸ ਮੌਕੇ ਆਨਲਾਈਨ ਵੈਬੀਨਾਰ ਕਰਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਰਬੀਰ ਸਿੰਘ ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਨੈਸ਼ਨਲ ਗਰਲ ਚਾਇਲਡ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਬਰਨਾਲਾ ਦੀਆਂ ਵਿਦਿਆਰਥਣਾਂ ਲਈ ਆਨਲਾਈਨ ਵੈਬੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸ਼੍ਰੀਮਤੀ ਮਨਜੀਤ ਕੌਰ, ਪੈਨਲ ਵਕੀਲ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਲੜਕੀਆਂ ਨੂੰ ਮਿਲਣ ਵਾਲੇ ਕਾਨੂੰਨੀ ਹੱਕਾਂ ਅਤੇ ਅਧਿਕਾਰਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਹਰੇਕ ਲੜਕੀ ਆਪਣੇ ਕਿਸੇ ਵੀ ਤਰਾਂ ਦੇ ਕੇਸ ਦੀ ਪੈਰਵੀ ਕਰਨ ਲਈ ਵਕੀਲ ਸਾਹਿਬਾਨ ਦੀ ਸੇਵਾਵਾਂ ਮੁਫ਼ਤ ਵਿੱਚ ਪ੍ਰਾਪਤ ਕਰ ਸਕਦੀ ਹੈ। ਇਸ ਸਕੀਮ ਅਧੀਨ ਕੋਈ ਵੀ ਲੋੜਵੰਦ ਵਿਅਕਤੀ ਕਿਸੇ ਵੀ ਤਰਾਂ ਦੀ ਕਾਨੂੰਨੀ ਸਹਾਇਤਾ ਲਈ ਫਰੰਟ ਆਫਿਸ, ਜ਼ਿਲਾ ਕੋਰਟ ਕੰਪਲੈਕਸ, ਬਰਨਾਲਾ ਜਾਂ ਮੁਫਤ ਕਾਨੂੰਨੀ ਸੇਵਾਵਾਂ ਟੋਲ ਫ੍ਰੀ ਹੈਲਪਲਾਇਨ ਨੰਬਰ 1968 ਜਾਂ ਨਾਲਸਾ ਦੇ ਟੋਲ ਫਰੀ ਨੰਬਰ 15100 ਤੇ ਸੰਪਰਕ ਕਰ ਸਕਦਾ ਹੈ।







