ਬਰਨਾਲਾ,05 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- ਪੰਜਾਬ ਸਰਕਾਰ ਨੇ ਸੂਬੇ ‘ਚੋਂ ਗੈਂਗਸਟਰ ਕਲਚਰ ਨੂੰ ਖਤਮ ਕਰਨ ਲਈ ਇਕ ਨਵੀਂ ਟਾਸਕ ਫੋਰਸ ਬਣਾਉਣ ਦਾ ਫ਼ੈਸਲਾ ਕੀਤਾ ਹੈ। ਸੂਬੇ ਦੇ ਐੱਸਐੱਸਪੀਜ਼ ਅਤੇ ਉੱਚ ਪੁਲੀਸ ਅਧਿਕਾਰੀਆਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਲਾਅ ਐਂਡ ਆਰਡਰ’ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਸਮਾਜ ਵਿਰੋਧੀ ਅਨਸਰਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਨੂੰ ਰੋਕਣ ਦੇ ਸਖਤ ਨਿਰਦੇਸ਼ ਦਿੱਤੇ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਨਿੱਜੀ ਦਿਲਚਸਪੀ ਲੈ ਕੇ ਗੈਂਗਸਟਰਾਂ ਖਿਲਾਫ ‘ਐਂਟੀ ਗੈਂਗਸਟਰ ਸਪੈਸ਼ਲ ਟਾਸਕ ਫੋਰਸ’ ਗਠਨ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਦੀ ਅਗਵਾਈ ਏਡੀਜੀਪੀ ਪੱਧਰ ਦੇ ਅਧਿਕਾਰੀ ਨੂੰ ਦਿੱਤੀ ਜਾਵੇਗੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸੂਬੇ ‘ਚ ਆਪ ਦੀ ਸਰਕਾਰ ਦੇ ਗਠਨ ਤੋਂ ਬਾਅਦ ਹੀ ਕਤਲੋਗਾਰਤ ਦੀਆਂ ਕੁਝ ਵੱਡੀਆਂ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਨੇ ਸੱਤਾਧਾਰੀ ਪਾਰਟੀ ਦੇ ਆਗੂਆਂ ਅਤੇ ਪੁਲੀਸ ਅਧਿਕਾਰੀਆਂ ‘ਚ ਚਿੰਤਾ ਪੈਦਾ ਕੀਤੀ ਹੈ ਅਤੇ ਸੱਤਾਧਿਰ ਨੂੰ ਵਿਰੋਧੀ ਪਾਰਟੀਆਂ ਦੇ ਸਵਾਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।








