ਬਰਨਾਲਾ,02 ਮਈ (ਨਿਰਮਲ ਸਿੰਘ ਪੰਡੋਰੀ) :
ਪੰਜਾਬ ਸਰਕਾਰ ਨੇ ਕੁਝ ਦਿਨ ਪਹਿਲਾਂ ਕੀਤੇ ਵੱਡੇ ਐਲਾਨਾਂ ਨੂੰ ਕੈਬਨਿਟ ਵਿੱਚ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਕਰਕੇ ਮੁੱਖ ਮੰਤਰੀ ਵੱਲੋਂ ਬੀਤੇ ਦਿਨਾਂ ’ਚ ਕੀਤੇ ਐਲਾਨਾਂ ਸੰਬੰਧੀ ਸਿਆਸੀ ਵਿਰੋਧੀਆਂ ਦੀ ਚਰਚਾ ਨੂੰ ਵਿਰਾਮ ਚਿੰਨ ਲਾ ਦਿੱਤਾ ਗਿਆ ਹੈ। ਪੰਜਾਬ ਕੈਬਨਿਟ ਨੇ ਵੱਖ-ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇੱਕ ਵੱਡੇ ਫ਼ੈਸਲੇ ਅਨੁਸਾਰ ਇੱਕ ਵਿਧਾਇਕ- ਇੱਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੁਕਤਸਰ ਸਾਹਿਬ ਜ਼ਿਲੇ ਵਿੱਚ ਨਰਮੇ ਦੀ ਫ਼ਸਲ ਦੇ 41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨਾਂ ਵਿੱਚੋਂ 38.08 ਕਰੋੜ ਕਿਸਾਨਾਂ ਲਈ ਅਤੇ 03.81 ਕਰੋੜ ਖੇਤ ਮਜ਼ਦੂਰਾਂ ਲਈ ਰੱਖੇ ਗਏ ਹਨ। ਛੋਟੋ ਟਰਾਂਸਪੋਰਟਰਾਂ ਲਈ ਫੀਸ ਜਮਾਂ ਕਰਵਾਉਣ ਲਈ ਤਿੰਨੇ ਮਹੀਨੇ ਤੱਕ ਦਾ ਸਮਾਂ ਵਧਾਇਆ ਗਿਆ ਹੈ ਅਤੇ ਟਰਾਂਸਪੋਰਟਰਾਂ ਨੂੰ ਇਹ ਫੀਸ ਕਿਸ਼ਤਾਂ ਵਿੱਚ ਜਮਾਂ ਕਰਵਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਰਘਰ ਰਾਸ਼ਨ ਪਹੁੰਚਾਉਣ ਦੇ ਐਲਾਨ ਨੂੰ ਕੈਬਨਿਟ ਵਿੱਚ ਮਨਜ਼ੂਰੀ ਦੇ ਕੇ ਅਮਲੀਜਾਮਾ ਪਹਿਨਾਉਣ ਵੱਲ ਕਦਮ ਪੁੱਟਿਆ ਗਿਆ ਹੈ। ਇਸ ਸਕੀਮ ਤਹਿਤ 1 ਅਕਤੂਬਰ ਤੋਂ ਲਾਭਪਾਤਰੀਆਂ ਨੂੰ ਆਟਾ ਦੇਣ ਸੰਬੰਧੀ ਵੀ ਜ਼ਿਕਰ ਕੀਤਾ ਗਿਆ ਹੈ।







